ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨਾਲ ਸਬੰਧਿਤ ਇੱਕ ਜਾਸੂਸੀ ਗਿਰੋਹ ਦਾ ਭੰਡਾਫੋੜ ਕੀਤਾ ਹੈ। ਇਸ ਮਾਮਲੇ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਉੱਤੇ ਦੇਸ਼ ਦੀ ਸੁਰੱਖਿਆ ਨਾਲ ਜੁੜੀਆਂ ਜਾਣਕਾਰੀਆਂ ਅਤੇ ਸੰਵੇਦਨਸ਼ੀਲ ਥਾਵਾਂ ਦੀਆਂ ਵੀਡੀਓਜ਼ ਵਿਦੇਸ਼ ਭੇਜਣ ਦੇ ਦੋਸ਼ ਹਨ।
ਆਰ. ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨਾਲ ਸਬੰਧਿਤ ਇੱਕ ਜਾਸੂਸੀ ਗਿਰੋਹ ਦਾ ਭੰਡਾਫੋੜ ਕੀਤਾ ਹੈ। ਇਸ ਮਾਮਲੇ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਉੱਤੇ ਦੇਸ਼ ਦੀ ਸੁਰੱਖਿਆ ਨਾਲ ਜੁੜੀਆਂ ਜਾਣਕਾਰੀਆਂ ਅਤੇ ਸੰਵੇਦਨਸ਼ੀਲ ਥਾਵਾਂ ਦੀਆਂ ਵੀਡੀਓਜ਼ ਵਿਦੇਸ਼ ਭੇਜਣ ਦੇ ਦੋਸ਼ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਦਲਜਿੰਦਰ ਸਿੰਘ ਢਿਲੋਂ ਨੇ ਦੱਸਿਆ ਕਿ ਜ਼ਿਲ੍ਹੇ ਪਠਾਨਕੋਟ ਦੀ ਪੁਲਿਸ ਨੇ ਜਾਸੂਸੀ ਮਾਮਲੇ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਹਿਚਾਣ ਬਲਜੀਤ ਸਿੰਘ, ਅੰਕਿਤ ਸ਼ਰਮਾ, ਹਰਦੀਪ ਸਿੰਘ, ਗੁਲਜ਼ਾਰ ਸਿੰਘ ਅਤੇ ਸਿੰਗਾਰਾ ਸਿੰਘ ਵਜੋਂ ਹੋਈ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਸਾਰੇ ਆਪਸੀ ਸੰਪਰਕ ਵਿੱਚ ਰਹਿ ਕੇ ਪਾਕਿਸਤਾਨੀ ਏਜੰਸੀ ਲਈ ਕੰਮ ਕਰ ਰਹੇ ਸਨ।
ਮਾਮਲੇ ਦੀ ਸ਼ੁਰੂਆਤ ਉਸ ਵੇਲੇ ਹੋਈ ਜਦੋਂ 21 ਮਈ ਨੂੰ ਖੁਫੀਆ ਸੂਚਨਾ ਦੇ ਆਧਾਰ ’ਤੇ ਸੀਆਈਏ ਸਟਾਫ਼ ਨੇ ਬਲਜੀਤ ਸਿੰਘ ਨੂੰ ਕਾਬੂ ਕੀਤਾ। ਪੁੱਛਗਿੱਛ ਦੌਰਾਨ ਉਸਦੇ ਮੋਬਾਈਲ ਫੋਨ ਅਤੇ ਹੋਰ ਡਿਜ਼ੀਟਲ ਸਬੂਤਾਂ ਤੋਂ ਕਈ ਅਹਿਮ ਜਾਣਕਾਰੀਆਂ ਮਿਲੀਆਂ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਸੰਵੇਦਨਸ਼ੀਲ ਇਲਾਕਿਆਂ ਦੀ ਰੇਕੀ ਕਰਕੇ ਵੀਡੀਓ ਅਤੇ ਸੀਸੀਟੀਵੀ ਫੁਟੇਜ਼ ਵਿਦੇਸ਼ ਭੇਜਦੇ ਸਨ।
ਇਸ ਖੁਲਾਸੇ ਤੋਂ ਬਾਅਦ ਪੁਲਿਸ ਨੇ ਲਗਾਤਾਰ ਕਾਰਵਾਈ ਕਰਦਿਆਂ ਪਹਿਲਾਂ ਅੰਕਿਤ ਸ਼ਰਮਾ ਅਤੇ ਫਿਰ ਹਰਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਅਗਲੀ ਜਾਂਚ ਦੌਰਾਨ ਗੁਰਦਾਸਪੁਰ ਨਾਲ ਸਬੰਧਿਤ ਗੁਲਜ਼ਾਰ ਸਿੰਘ ਅਤੇ ਸ਼ਿੰਗਾਰਾ ਸਿੰਘ ਦੇ ਨਾਮ ਵੀ ਸਾਹਮਣੇ ਆਏ, ਜਿਨ੍ਹਾਂ ਨੂੰ 25 ਮਈ ਨੂੰ ਕਾਬੂ ਕਰ ਲਿਆ ਗਿਆ।
ਪੁਲਿਸ ਨੇ ਮਾਮਲੇ ਨੂੰ ਗੰਭੀਰ ਮੰਨਦਿਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਤੇਜ਼ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੇ ਵਿਦੇਸ਼ੀ ਸੰਪਰਕਾਂ ਅਤੇ ਉਨ੍ਹਾਂ ਦੇ ਨੈੱਟਵਰਕ ਬਾਰੇ ਹੋਰ ਵੀ ਖੁਲਾਸੇ ਹੋ ਸਕਦੇ ਹਨ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਰਹੱਦੀ ਇਲਾਕਿਆਂ ਵਿੱਚ ਸੁਰੱਖਿਆ ਏਜੰਸੀਆਂ ਵੱਲੋਂ ਨਿਗਰਾਨੀ ਹੋਰ ਕੜੀ ਕੀਤੀ ਜਾ ਰਹੀ ਹੈ।