ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਇਸ ਕੁਦਰਤੀ ਕਰੋਪੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮੁੱਚਾ ਮੰਤਰੀ ਮੰਡਲ ਤੇ ਵਿਧਾਇਕ ਵੀ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਹੜ੍ਹ ਦੀ ਆਫ਼ਤ ਨਾਲ ਨਜਿੱਠਣ ਲਈ ਜਿਵੇਂ ਸਮੂਹ ਪੰਜਾਬੀਆਂ ਨੇ ਇਕੱਜੁਟਤਾ ਦਿਖਾਈ ਹੈ ਉਹ ਆਪਣੇ ਆਪ ਵਿੱਚ ਮਿਸਾਲ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਇਸ ਸੰਕਟ ਉੱਪਰ ਜ਼ਰੂਰ ਕਾਬੂ ਪਾ ਲਵਾਂਗੇ।
ਆਰ ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਪੰਜਾਬ ਉੱਤੇ ਜੋ ਅੱਜ ਸੰਕਟ ਦੀ ਘੜੀ ਆਈ ਹੈ ਹੜ੍ਹ ਦੇ ਨਾਲ ਕੁਝ ਜ਼ਿਲ੍ਹਿਆਂ ਅੰਦਰ ਲੋਕਾਂ ਦਾ ਜਨਜੀਵਨ ਪ੍ਰਭਾਵਿਤ ਹੋਇਆ ਹੈ ਅਜਿਹੀ ਸਥਿਤੀ ਵਿੱਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੋਵੇਂ ਪੰਜਾਬ ਦੇ ਲੋਕਾਂ ਨੂੰ ਹਰ ਸੰਭਵ ਮਦਦ ਪਹੁੰਚਾਉਣ ਲਈ ਵਚਨਬੱਧ ਹਨ।
ਇਹ ਪ੍ਰਗਟਾਵਾ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਅੱਜ ਜ਼ਿਲ੍ਹਾ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਮਗਰੋਂ ਕੀਤਾ। ਜ਼ਿਕਰਯੋਗ ਹੈ ਕਿ ਅੱਜ ਮਾਣਯੋਗ ਰਾਜਪਾਲ ਪੰਜਾਬ ਰਾਵੀ ਦਰਿਆ ਤੇ ਬਣਾਏ ਗਏ ਕਥਲੋਰ ਪੁਲ਼ 'ਤੇ ਪਹੁੰਚੇ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਰਾਵੀ ਦਰਿਆ ਦਾ ਨਿਰੀਖਣ ਕੀਤਾ ਅਤੇ ਮਾਧੋਪੁਰ ਹੈਡਵਰਕਸ ਦਾ ਵੀ ਜਾਇਜ਼ਾ ਲਿਆ। ਜ਼ਿਲ੍ਹਾ ਪਠਾਨਕੋਟ ਦੇ ਬਲਾਕ ਬਮਿਆਲ ਵਿੱਚ ਰਾਵੀ ਦਰਿਆ ਤੇ ਬਣੇ ਪੁਲ਼ 'ਤੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਅਤੇ ਪੁਨਰਵਾਸ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।
ਇਸ ਮੌਕੇ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਅਤੇ ਆਦਿੱਤਿਆ ਉੱਪਲ ਡਿਪਟੀ ਕਮਿਸ਼ਨਰ ਪਠਾਨਕੋਟ, ਦਲਜਿੰਦਰ ਸਿੰਘ ਢਿੱਲੋ ਐੱਸਐੱਸਪੀ ਪਠਾਨਕੋਟ ਵੱਲੋਂ ਜ਼ਿਲ੍ਹਾ ਪਠਾਨਕੋਟ ਨੇ ਰਾਵੀ ਦਰਿਆ ਦੇ ਵਧਦੇ ਪਾਣੀ ਕਾਰਨ ਜ਼ਿਲ੍ਹਾ ਪਠਾਨਕੋਟ ਵਿੱਚ ਬਣੀ ਹੜ੍ਹਾਂ ਦੀ ਸਥਿਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸੈਨਾ ਵੱਲੋਂ ਵੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਡਰੋਨ ਦੀ ਮਦਦ ਨਾਲ ਦਰਿਆ 'ਤੇ ਪੂਰੀ ਨਿਗਰਾਨੀ ਰੱਖ ਰਹੀ ਹੈ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਸਮੇਂ 'ਤੇ ਨਜਿੱਠਿਆ ਜਾ ਸਕੇ।
ਸ਼੍ਰੀ ਕਟਾਰੀਆ ਨੇ ਭਰੋਸਾ ਦਵਾਇਆ ਕਿ ਇਸ ਸੰਕਟ ਦੀ ਘੜੀ ਵਿੱਚ ਕੇਂਦਰ ਅਤੇ ਰਾਜ ਸਰਕਾਰ ਪੂਰੀ ਤਰ੍ਹਾਂ ਲੋਕਾਂ ਦੇ ਨਾਲ ਖੜ੍ਹੀਆਂ ਹਨ। ਉਨ੍ਹਾਂ ਕਿਹਾ ਕਿ ਨੁਕਸਾਨ ਦੀ ਵਿਸਥਾਰਪੂਰਵਕ ਜਾਂਚ ਤੋਂ ਬਾਅਦ ਪ੍ਰਭਾਵਿਤ ਪਰਿਵਾਰਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਇਸ ਕੁਦਰਤੀ ਕਰੋਪੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮੁੱਚਾ ਮੰਤਰੀ ਮੰਡਲ ਤੇ ਵਿਧਾਇਕ ਵੀ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਹੜ੍ਹ ਦੀ ਆਫ਼ਤ ਨਾਲ ਨਜਿੱਠਣ ਲਈ ਜਿਵੇਂ ਸਮੂਹ ਪੰਜਾਬੀਆਂ ਨੇ ਇਕੱਜੁਟਤਾ ਦਿਖਾਈ ਹੈ ਉਹ ਆਪਣੇ ਆਪ ਵਿੱਚ ਮਿਸਾਲ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਇਸ ਸੰਕਟ ਉੱਪਰ ਜ਼ਰੂਰ ਕਾਬੂ ਪਾ ਲਵਾਂਗੇ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਹੋਈ ਹੈ ਅਤੇ ਉਨ੍ਹਾਂ ਨੇ ਹੜ੍ਹਾਂ ਦੀ ਸਥਿਤੀ ਤੋਂ ਜਾਣੂ ਕਰਵਾਇਆ ਹੈ।ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਫੋਨ ਕਰਕੇ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦੀ ਜਾਣਕਾਰੀ ਹਾਸਲ ਕੀਤੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਹੜ੍ਹਾਂ ਦੇ ਇਸ ਸੰਕਟ ਵਿੱਚ ਪੰਜਾਬ ਸਰਕਾਰ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਕੱਲ ਨੂੰ ਕੇਂਦਰੀ ਖੇਤੀਬਾੜੀ ਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਜਿਕਰਯੋਗ ਹੈ ਕਿ ਹੜ੍ਹ ਪ੍ਰਭਾਵਿੱਤ ਖੇਤਰਾਂ ਦਾ ਦੋਰਾ ਕਰਨ ਤੋਂ ਬਾਅਦ ਮਾਨਯੋਗ ਰਾਜਪਾਲ ਪੰਜਾਬ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਜਿਲ੍ਹਾ ਪ੍ਰਸਾਸਨ, ਸੈਨਾ ਦੇ ਅਧਿਕਾਰੀਆਂ ਅਤੇ ਹੋਰ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੀਤੇ ਗਏ ਕਾਰਜਾਂ ਦਾ ਰੀਵਿਓ ਵੀ ਕੀਤਾ।