ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ, ਤੀਜੀ ਵਾਰ ਵਧੇ ਪੈਟਰੋਲ-ਡੀਜ਼ਲ ਦੇ ਰੇਟ

ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ: ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਜ਼ਾਫ਼ਾ ਹੋਇਆ ਹੈ। ਤੇਲ ਕੰਪਨੀਆਂ ਨੇ ਆਮ ਜਨਤਾ ’ਤੇ ਮਹਿੰਗਾਈ ਦੀ ਇੱਕ ਹੋਰ ਮਾਰ ਮਾਰਦਿਆਂ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਲਗਾਤਾਰ ਵਧ ਰਹੀਆਂ ਤੇਲ ਦੀਆਂ ਕੀਮਤਾਂ ਨੇ ਆਮ ਆਦਮੀ ਦੀ ਕਮਰ ਤੋੜ ਦਿੱਤੀ ਹੈ। ਫਿਲਹਾਲ ਜ਼ਿਲ੍ਹੇ ਵਿੱਚ ਪੈਟਰੋਲ 103.01 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.86 ਰੁਪਏ ਪ੍ਰਤੀ ਲੀਟਰ ਦੇ ਆਸ-ਪਾਸ ਵਿਕ ਰਿਹਾ ਹੈ।
ਲਗਾਤਾਰ ਵਧ ਰਹੀਆਂ ਤੇਲ ਦੀਆਂ ਕੀਮਤਾਂ ਦਾ ਅਸਰ ਹੁਣ ਆਮ ਲੋਕਾਂ ਦੇ ਘਰੇਲੂ ਬਜਟ ’ਤੇ ਵੀ ਦਿਖਣ ਲੱਗਾ ਹੈ। ਪੈਟਰੋਲ-ਡੀਜ਼ਲ ਮਹਿੰਗਾ ਹੋਣ ਕਾਰਨ ਟਰਾਂਸਪੋਰਟ ਲਾਗਤ ਵਧਣ ਦੀ ਆਸ਼ੰਕਾ ਹੈ। ਇਸ ਦਾ ਸਿੱਧਾ ਅਸਰ ਰੋਜ਼ਾਨਾ ਦੀਆਂ ਚੀਜ਼ਾਂ ਦੀਆਂ ਕੀਮਤਾਂ ’ਤੇ ਪਵੇਗਾ, ਜਿਸ ਨਾਲ ਆਮ ਆਦਮੀ ਦਾ ਘਰ ਚਲਾਉਣਾ ਵੀ ਮੁਸ਼ਕਲ ਹੋ ਜਾਵੇਗਾ।
-------
ਸਰਕਾਰ ਨੇ ਤੀਜੀ ਵਾਰ ਵਧਾਈਆਂ ਤੇਲ ਦੀਆਂ ਕੀਮਤਾਂ
ਟਰਾਂਸਪੋਰਟਰ ਬਲਜਿੰਦਰ ਸਿੰਘ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਕਾਰਨ ਆਮ ਲੋਕਾਂ ਦੀ ਕਮਰ ਟੁੱਟ ਗਈ ਹੈ। ਸਰਕਾਰ ਨੇ ਤੀਜੀ ਵਾਰ ਤੇਲ ਦੀਆਂ ਕੀਮਤਾਂ ਵਿੱਚ ਇਜ਼ਾਫ਼ਾ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਗਰੀਬ ਲੋਕਾਂ ਨੂੰ ਮਾਰਨ ’ਤੇ ਤੁਲੀ ਹੋਈ ਹੈ। ਤੇਲ ਦੀਆਂ ਕੀਮਤਾਂ ਵਧਣ ਨਾਲ ਸਿੱਧਾ ਮਹਿੰਗਾਈ 'ਤੇ ਅਸਰ ਪਵੇਗਾ। ਸਬਜ਼ੀਆਂ ਅਤੇ ਦਾਲਾਂ ਦੀਆਂ ਕੀਮਤਾਂ ਵਿੱਚ ਵੀ ਇਜ਼ਾਫ਼ਾ ਹੋ ਗਿਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਲੋਕਾਂ ਦੀ ਹਾਲਤ ਨੂੰ ਦੇਖਦਿਆਂ ਟੈਕਸਾਂ ਵਿੱਚ ਛੋਟ ਦਿੱਤੀ ਜਾਣੀ ਚਾਹੀਦੀ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਕੀਮਤਾਂ ਕਾਫੀ ਵਧ ਚੁੱਕੀਆਂ ਹਨ। ਹਰ ਰੋਜ਼ ਵਾਹਨ ਚਲਾਉਣਾ ਮੁਸ਼ਕਲ ਹੋ ਰਿਹਾ ਹੈ।
-------
ਤੇਲ ਦੀਆਂ ਕੀਮਤਾਂ ਵਧਣ ਨਾਲ ਆਮ ਲੋਕਾਂ ਦੀ ਜੇਬ ’ਤੇ ਵੱਡਾ ਅਸਰ
ਪੈਟਰੋਲ ਪੰਪ ’ਤੇ ਤੇਲ ਪਾਉਣ ਆਏ ਰਣਜੋਤ ਸਿੰਘ ਚਾਹਲ ਨੇ ਦੱਸਿਆ ਕਿ ਤੇਲ ਦੀਆਂ ਕੀਮਤਾਂ ਵਧਣ ਨਾਲ ਆਮ ਲੋਕਾਂ ਦੀ ਜੇਬ ’ਤੇ ਵੱਡਾ ਅਸਰ ਪਿਆ ਹੈ। ਜਿਸ ਹਿਸਾਬ ਨਾਲ ਤੇਲ ਦੀਆਂ ਕੀਮਤਾਂ ਵਧ ਰਹੀਆਂ ਹਨ, ਉਸ ਤੋਂ ਲੱਗਦਾ ਹੈ ਕਿ ਇਹ ਤੇਲ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਫਿਰ ਤੋਂ ਸਾਈਕਲ ਅਤੇ ਪੈਦਲ ਚੱਲਣ ਲਈ ਮਜਬੂਰ ਹੋਣਾ ਪਵੇਗਾ। ਪੁਰਾਣੇ ਜ਼ਮਾਨੇ ਦੇ ਰਿਵਾਇਤੀ ਸਾਧਨਾਂ ਨੂੰ ਅਪਨਾਉਣ ਤੋਂ ਇਲਾਵਾ ਕੋਈ ਚਾਰਾ ਨਹੀਂ ਬਚੇਗਾ। ਲੋਕਾਂ ਦੇ ਚੁੱਲ੍ਹਿਆਂ ਤੱਕ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੀਮਤਾਂ ਇਸੇ ਤਰ੍ਹਾਂ ਵਧਦੀਆਂ ਰਹੀਆਂ ਤਾਂ ਲੋਕਾਂ ਲਈ ਰੋਟੀ ਖਾਣੀ ਵੀ ਮੁਸ਼ਕਲ ਹੋ ਜਾਵੇਗੀ। ਟਰਾਂਸਪੋਰਟ ਲਾਗਤ ਵਧਣ ਨਾਲ ਵਪਾਰੀਆਂ ਦਾ ਮੁਨਾਫ਼ਾ ਘਟ ਗਿਆ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਤੇਲ ਦੀਆਂ ਕੀਮਤਾਂ 'ਤੇ ਕਾਬੂ ਪਾਇਆ ਜਾਵੇ, ਨਹੀਂ ਤਾਂ ਆਮ ਜਨਤਾ ਦਾ ਜੀਵਨ ਬਹੁਤ ਮੁਸ਼ਕਲ ਹੋ ਜਾਵੇਗਾ। ਜ਼ਿਲ੍ਹਾ ਵਾਸੀਆਂ ਨੇ ਸਰਕਾਰ ਨੂੰ ਇਸ ਦਿਸ਼ਾ ਵਿੱਚ ਠੋਸ ਕਦਮ ਚੁੱਕਣ ਦੀ ਮੰਗ ਕੀਤੀ ਹੈ ਤਾਂ ਜੋ ਆਦਮੀ ਨੂੰ ਕੁਝ ਰਾਹਤ ਮਿਲ ਸਕੇ।