ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ

ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ: ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ ਨੇ ਕਈ ਮੰਡੀਆਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੀ ਹੱਲ ਕੀਤਾ। ਗਜਨੀਪੁਰ ਮੰਡੀ ਵਿੱਚ ਜਦੋਂ ਚੇਅਰਮੈਨ ਨੂੰ ਪਤਾ ਲੱਗਾ ਕਿ ਇੱਥੇ ਕਣਕ ਦੀ ਖ਼ਰੀਦ ਨਹੀਂ ਹੋ ਰਹੀ, ਤਾਂ ਉਨ੍ਹਾਂ ਨੇ ਤੁਰੰਤ ਪਨਗ੍ਰੇਨ ਦੀ ਖ਼ਰੀਦ ਸ਼ੁਰੂ ਕਰਵਾ ਦਿੱਤੀ। ਉੱਥੇ ਹੀ ਵਰਸੋਲਾ ਮੰਡੀ ਵਿੱਚ ਜਿੱਥੇ ਬਾਰਦਾਨਾ ਨਹੀਂ ਪਹੁੰਚਿਆ ਸੀ, ਉੱਥੇ ਤੁਰੰਤ ਬਾਰਦਾਨਾ ਮੁਹੱਈਆ ਕਰਵਾਇਆ ਗਿਆ।
ਭਾਰਤ ਭੂਸ਼ਣ ਸ਼ਰਮਾ ਨੇ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ। ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸੁਚਾਰੂ ਰੂਪ ਨਾਲ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਰਾਤ ਰੁਕਣਾ ਪੈਂਦਾ ਹੈ। ਉਨ੍ਹਾਂ ਲਈ ਠਹਿਰਨ, ਪਾਣੀ, ਬਿਜਲੀ, ਪਥਾਨਿਆਂ ਆਦਿ ਦੇ ਪ੍ਰਬੰਧ ਵੀ ਕਰ ਦਿੱਤੇ ਗਏ ਹਨ। ਚੇਅਰਮੈਨ ਨੇ ਅਧਿਕਾਰੀਆਂ ਨੂੰ ਸਖ਼ਤ ਹਿਦਾਇਤ ਦਿੱਤੀ ਕਿ ਕਿਸੇ ਵੀ ਮੰਡੀ ਵਿੱਚ ਖ਼ਰੀਦ ਵਿੱਚ ਦੇਰੀ ਜਾਂ ਬਾਰਦਾਨੇ ਦੀ ਕਮੀ ਨਾ ਹੋਣ ਦਿੱਤੀ ਜਾਵੇ, ਕਿਉਂਕਿ ਅੱਜ-ਕੱਲ੍ਹ ਮੌਸਮ ਵੀ ਖ਼ਰਾਬ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅਰਥਵਿਵਸਥਾ ਦੀ ਰੀੜ੍ਹ ਜੀ ਹੱਡੀ ਹਨ ਅਤੇ ਉਨ੍ਹਾਂ ਦੀ ਮਿਹਨਤ ਦੀ ਉਪਜ ਦੀ ਖ਼ਰੀਦ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੈਡੀਕਲ ਸਹਾਇਤਾ ਲਈ ਸੀਐੱਮਓ ਨੂੰ ਲਿਖਿਆ ਗਿਆ ਹੈ। ਇੱਕ-ਦੋ ਦਿਨਾਂ ਵਿੱਚ ਇਹ ਸਹੂਲਤ ਵੀ ਉਪਲਬਧ ਹੋ ਜਾਵੇਗੀ। ਕਣਕ ਦੀ ਫ਼ਸਲ ਚੋਰੀ ਹੋਣ ਸੰਬੰਧੀ ਪੁੱਛੇ ਗਏ ਸਵਾਲ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਕੋਈ ਅਜਿਹਾ ਕਰਦਾ ਹੋਇਆ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸੰਬੰਧੀ ਐੱਸਐੱਸਪੀ ਗੁਰਦਾਸਪੁਰ ਨੂੰ ਵੀ ਲਿਖਿਆ ਗਿਆ ਹੈ ਕਿ ਜਿੱਥੇ ਲੋੜ ਹੋਵੇ ਉੱਥੇ ਸੁਰੱਖਿਆ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਹੁਣ ਤੱਕ ਚਾਰ ਹਜ਼ਾਰ ਕੁਇੰਟਲ ਕਣਕ ਦੀ ਫ਼ਸਲ ਦੀ ਖ਼ਰੀਦ ਹੋ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਕਣਕ ਦੀ ਖ਼ਰੀਦ ਦੇ ਸਮੇਂ ਕਿਸਾਨਾਂ ਨੂੰ ਕਿਸੇ ਵੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
---ਸ਼ਾਮ ਸੱਤ ਵਜੇ ਤੋਂ ਸਵੇਰੇ ਛੇ ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ 'ਤੇ ਪਾਬੰਦੀ---
ਦੂਜੇ ਪਾਸੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਨੇ ਜ਼ਿਲ੍ਹੇ ਦੀ ਹੱਦ ਵਿੱਚ ਸ਼ਾਮ ਸੱਤ ਵਜੇ ਤੋਂ ਸਵੇਰੇ ਛੇ ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਣਕ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ। ਆਮ ਤੌਰ ’ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਈਨਾਂ ਰਾਤ ਦੇ ਸਮੇਂ ਹਰੀ ਕਣਕ ਜੋ ਚੰਗੀ ਤਰ੍ਹਾਂ ਪੱਕੀ ਵੀ ਨਹੀਂ ਹੁੰਦੀ, ਕੱਟ ਲੈਂਦੀਆਂ ਹਨ, ਜਿਸ ਕਾਰਨ ਉਸ ਦੀ ਕੁਆਲਿਟੀ ਡਿੱਗ ਜਾਂਦੀ ਹੈ। ਜਿਸ ਕਾਰਨ ਖ਼ਰੀਦ ਏਜੰਸੀਆਂ ਇਸ ਦੀ ਖ਼ਰੀਦ ਕਰਨ ਤੋਂ ਝਿਜਕਦੀਆਂ ਹਨ ਅਤੇ ਇਸ ਦਾ ਸਿੱਧਾ ਅਸਰ ਦੇਸ਼ ਦੇ ਉਤਪਾਦਨ ’ਤੇ ਪੈਂਦਾ ਹੈ। ਕਣਕ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ। ਇਸ ਲਈ ਇਸ ਦੀ ਰੋਕਥਾਮ ਕਰਨ ਦੀ ਲੋੜ ਹੈ। ਸੰਬੰਧਿਤ ਅਧਿਕਾਰੀ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ ਅਤੇ ਰੈਗੂਲਰ ਚੈਕਿੰਗ ਕਰਕੇ ਇਸ ਨੂੰ ਯਕੀਨੀ ਬਣਾਉਣਗੇ। ਜੇਕਰ ਕਿਸੇ ਵੀ ਅਧਿਕਾਰੀ ਦੇ ਅਧਿਕਾਰ ਖੇਤਰ ਵਿੱਚ ਸ਼ਾਮ ਸੱਤ ਵਜੇ ਤੋਂ ਸਵੇਰੇ ਛੇ ਵਜੇ ਤੱਕ ਕੰਬਾਈਨ ਨਾਲ ਕਣਕ ਦੀ ਫ਼ਸਲ ਕੱਟਦੀ ਹੋਈ ਫੜੀ ਗਈ ਤਾਂ, ਉਸ ਨੂੰ ਤੁਰੰਤ ਜ਼ਬਤ ਕੀਤਾ ਜਾਵੇ ਅਤੇ ਡਿਊਟੀ ਵਿੱਚ ਲਾਪਰਵਾਹੀ ਕਰਨ ਵਾਲੇ ਅਧਿਕਾਰੀ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ ਪੰਜ ਅਪ੍ਰੈਲ ਤੋਂ ਦਸ ਜੂਨ ਤੱਕ ਲਾਗੂ ਰਹੇਗਾ।