ਗੁਰਦੁਆਰਾ ਸੱਚਖੰਡ ਗੁਰੂ ਨਾਨਕ ਅਸਥਾਨ ਵਿਖੇ ਮਨਾਈ ਪੁੰਨਿਆ
ਗੁਰਦੁਆਰਾ ਸੱਚਖੰਡ ਗੁਰੂ ਨਾਨਕ ਅਸਥਾਨ ਵਿਖੇ ਪੁੰਨਿਆ ਦਾ ਦਿਹਾੜਾ ਮਨਾਇਆ
Publish Date: Sat, 02 May 2026 04:39 PM (IST)
Updated Date: Sun, 03 May 2026 04:08 AM (IST)

ਸੱਤਪਾਲ ਜ਼ਖਮੀ, ਪੰਜਾਬੀ ਜਾਗਰਣ ਡੇਰਾ ਬਾਬਾ ਨਾਨਕ : ਸਥਾਨਕ ਕਸਬੇ ਦੇ ਗੁਰਦੁਆਰਾ ਸੱਚਖੰਡ ਗੁਰੂ ਨਾਨਕ ਅਸਥਾਨ ਵਿਖੇ ਅੱਜ ਪੁੰਨਿਆ ਦਾ ਪਵਿੱਤਰ ਦਿਹਾੜਾ ਬਾਬਾ ਅਵਤਾਰ ਸਿੰਘ ਜੀ ਬੇਦੀ ਚੋਲਾ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਦੂਰ ਦੁਰਾਡੇ ਤੋਂ ਪਹੁੰਚੀ ਸੰਗਤ ਨੇ ਆਪਣੀ ਮੱਥਾ ਟੇਕਿਆ। ਇਸ ਮੌਕੇ ਪਹਿਲਾਂ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਹਜ਼ੂਰੀ ਰਾਗੀ ਜਥੇ ਵੱਲੋਂ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਾਇਆ ਗਿਆ। ਉਪਰੰਤ ਬਾਬਾ ਅਵਤਾਰ ਸਿੰਘ ਜੀ ਬੇਦੀ ਚੋਲਾ ਸਾਹਿਬ ਵਾਲਿਆਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਬਾਬਾ ਅਵਤਾਰ ਸਿੰਘ ਬੇਦੀ ਨੇ ਦੇਸ਼ਾਂ ਵਿਦੇਸ਼ਾਂ ਵਿੱਚ ਵੱਸਦੀ ਸੰਗਤ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਸੰਗਤ ਨੂੰ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਲਈ ਪ੍ਰੇਰਿਆ ਤੇ ਕਿਹਾ ਕਿ ਸ੍ਰੀ ਗੁਰੂ ਗਰੰਥ ਸਾਹਿਬ ਵਿੱਚ ਦਰਜ ਬਾਣੀ ਮਨੁੱਖ ਦਾ ਮਾਰਗ ਦਰਸ਼ਨ ਕਰਦੀ ਹੈ ਅਤੇ ਸਾਨੂੰ ਆਪਣਾ ਜੀਵਨ ਗੁਰਬਾਣੀ ਅਨੁਸਾਰ ਬਤੀਤ ਕਰਨਾ ਚਾਹੀਦਾ ਹੈ। ਬਾਬਾ ਜੀ ਨੇ ਕਿਹਾ ਕਿ ਜਿਹੜਾ ਮਨੁੱਖ ਗੁਰਬਾਣੀ ਅਨੁਸਾਰ ਆਪਣਾ ਜੀਵਨ ਬਤੀਤ ਕਰਦਾ ਹੈ ਉਸ ਦਾ ਜੀਵਨ ਸਫਲ ਹੋ ਜਾਂਦਾ ਹੈ।ਉਨ੍ਹਾਂ ਸੰਗਤ ਨੂੰ ਉਪਦੇਸ਼ ਦਿੰਦਿਆਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਗਰੰਥ ਸਾਹਿਬ ਜੀ ਨੂੰ ਹੀ ਆਪਣਾ ਗੁਰੂ ਮੰਨਣਾ ਚਾਹੀਦਾ ਹੈ ਅਤੇ ਸਾਡਾ ਸਿਰ ਵੀ ਧੰਨ ਧੰਨ ਸ੍ਰੀ ਗੁਰੂ ਗਰੰਥ ਸਾਹਿਬ ਅੱਗੇ ਹੀ ਝੁਕਣਾ ਚਾਹੀਦਾ ਹੈ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।