ਗੁਰੂ ਘਰ ਦੀਆਂ ਜਗੀਰਾਂ ਵੇਚਣ ਵਾਲੇ ਸੁਖਬੀਰ ਤੇ ਧਾਮੀ ਦੇਣ ਅਸਤੀਫ਼ਾ : ਛੋਟੇਪੁਰ
ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮਨਾਮਿਆਂ ਨੂੰ ਮਹਾਰਾਜਾ ਰਣਜੀਤ ਸਿੰਘ ਵੱਲੋਂ ਵੀ ਕਬੂਲਿਆ ਗਿਆ ਸੀ ਪਰ ਅਫ਼ਸੋਸ ਕਿ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰਾਂ ਦਾ ਜੋ ਪਿਛਲੇ ਸਮਿਆਂ ’ਚ ਨਿਰਾਦਰ ਕੀਤਾ ਹੈ ਉਸ ਨੂੰ ਇਤਿਹਾਸ ’ਚ ਲਿਖਿਆ ਜਾਵੇਗਾ।
Publish Date: Thu, 19 Feb 2026 11:19 AM (IST)
Updated Date: Thu, 19 Feb 2026 12:00 PM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਵੱਲੋਂ ਸ਼੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਇਤਿਹਾਸਿਕ ਹੱਥ ਲਿਖਤਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੀੜਾਂ, ਇਤਿਹਾਸਿਕ ਸ਼੍ਰੀ ਸਾਹਿਬ ਦੀਆਂ ਮੁੱਠਾਂ ਤੋਂ ਹੀਰੇ ਗਾਇਬ ਹੋਣ ਤੋਂ ਇਲਾਵਾ ਸਿੱਖ ਇਤਿਹਾਸ ਨਾਲ ਨਿੱਜੀ ਹਿੱਤਾਂ ਲਈ ਕੀਤੀ ਗਈ ਛੇੜਛਾੜ ਦੇ ਖੁਲਾਸਿਆਂ ਦੀ ਸ਼ਲਾਘਾ ਕੀਤੀ ਗਈ।
ਛੋਟੇਪੁਰ ਨੇ ਕਿਹਾ ਕਿ ਗੁਰੂ ਘਰ ਦੀਆਂ ਜਗੀਰਾਂ ਕੌਡੀਆਂ ਭਾਅ ਵੇਚਣ ਅਤੇ ਇਤਿਹਾਸਿਕ ਨਿਸ਼ਾਨੀਆਂ ਖ਼ਤਮ ਕਰਨ ਵਾਲੇ ਸੁਖਬੀਰ ਬਾਦਲ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ। ਛੋਟੇਪੁਰ ਨੇ ਕਿਹਾ ਕਿ ਸੁਖਬੀਰ ਬਾਦਲ ਅਤੇ ਧਾਮੀ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ 2 ਦਸੰਬਰ ਨੂੰ ਪੰਜ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਜਾਰੀ ਕੀਤੇ ਗਏ ਹੁਕਮਨਾਮਿਆਂ ਨੂੰ ਵੀ ਪ੍ਰਵਾਨ ਨਹੀਂ ਕੀਤਾ ਗਿਆ ਸੀ, ਜਿਸ ਨਾਲ ਦੁਨੀਆਂ ਭਰ ਦੇ ਸਿੱਖਾਂ ਅਤੇ ਧਾਰਮਿਕ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਵੱਡੀ ਠੇਸ ਲੱਗੀ ਹੈ।
ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮਨਾਮਿਆਂ ਨੂੰ ਮਹਾਰਾਜਾ ਰਣਜੀਤ ਸਿੰਘ ਵੱਲੋਂ ਵੀ ਕਬੂਲਿਆ ਗਿਆ ਸੀ ਪਰ ਅਫ਼ਸੋਸ ਕਿ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰਾਂ ਦਾ ਜੋ ਪਿਛਲੇ ਸਮਿਆਂ ’ਚ ਨਿਰਾਦਰ ਕੀਤਾ ਹੈ ਉਸ ਨੂੰ ਇਤਿਹਾਸ ’ਚ ਲਿਖਿਆ ਜਾਵੇਗਾ। ਉਨ੍ਹਾਂ ਨੇ ਪੰਥ ਦਰਦੀਆਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜਣ ਤਾਂ ਜੋ ਅਖੌਤੀ ਪੰਥਕ ਆਗੂਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਦੀ ਸੱਤਾ ਤੋਂ ਲਾਂਭੇ ਕੀਤਾ ਜਾਵੇ।