ਨਲੂਗਾ ਰੇਲਵੇ ਅੰਡਰਪਾਸ ਦਾ ਕੰਮ ਢਾਈ ਮਹੀਨੇ 'ਚ ਹੋਵੇਗਾ ਸ਼ੁਰੂ, ਸਾਲ ਦੇ ਅਖੀਰ ਤਕ ਪੂਰਾ ਕੀਤਾ ਜਾਵੇਗਾ : ਰਵਨੀਤ ਬਿੱਟੂ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਨਲੂਗਾ ਵਿਖੇ ਬਣਨ ਵਾਲੇ ਰੇਲਵੇ ਅੰਡਰਪਾਸ ਦਾ ਕੰਮ ਲਗਭਗ ਢਾਈ ਮਹੀਨੇ ਦੇ ਅੰਦਰ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਮਹੱਤਵਪੂਰਨ ਪ੍ਰੋਜੈਕਟ ਇਸ ਸਾਲ ਦੇ ਅਖੀਰ ਤੱਕ ਮੁਕੰਮਲ ਕਰ ਲਿਆ ਜਾਵੇਗਾ, ਤਾਂ ਜੋ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ।
Publish Date: Fri, 27 Feb 2026 03:25 PM (IST)
Updated Date: Fri, 27 Feb 2026 03:27 PM (IST)
ਆਰ. ਸਿੰਘ/ਰਮਨਦੀਪ ਘਿਆਲਾ, ਪੰਜਾਬੀ ਜਾਗਰਣ ਪਠਾਨਕੋਟ : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਨਲੂਗਾ ਵਿਖੇ ਬਣਨ ਜਾ ਰਹੇ ਰੇਲਵੇ ਅੰਡਰਪਾਸ ਦੇ ਕੰਮ ਦਾ ਜਾਇਜ਼ਾ ਲੈਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਪਠਾਨਕੋਟ ਹਲਕੇ ਦੇ ਵਿਧਾਇਕ ਅਸ਼ਵਨੀ ਸ਼ਰਮਾ , ਰੇਲਵੇ ਅਧਿਕਾਰੀ ਅਤੇ ਭਾਜਪਾ ਆਗੂ ਵੀ ਮੌਜ਼ੂਦ ਸਨ । ਦੌਰੇ ਦੌਰਾਨ ਅਧਿਕਾਰੀਆਂ ਵੱਲੋਂ ਮੰਤਰੀ ਨੂੰ ਪ੍ਰੋਜੈਕਟ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਨਲੂਗਾ ਵਿਖੇ ਬਣਨ ਵਾਲੇ ਰੇਲਵੇ ਅੰਡਰਪਾਸ ਦਾ ਕੰਮ ਲਗਭਗ ਢਾਈ ਮਹੀਨੇ ਦੇ ਅੰਦਰ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਮਹੱਤਵਪੂਰਨ ਪ੍ਰੋਜੈਕਟ ਇਸ ਸਾਲ ਦੇ ਅਖੀਰ ਤੱਕ ਮੁਕੰਮਲ ਕਰ ਲਿਆ ਜਾਵੇਗਾ, ਤਾਂ ਜੋ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ।
ਉਨ੍ਹਾਂ ਕਿਹਾ ਕਿ ਨਲੂਗਾ ਵਿੱਚ ਅੰਡਰਪਾਸ ਬਣਨ ਨਾਲ ਦਰਜਨ ਤੋਂ ਵੱਧ ਨੇੜਲੇ ਪਿੰਡਾਂ ਦੇ ਵਸਨੀਕਾਂ ਨੂੰ ਸਿੱਧਾ ਲਾਭ ਮਿਲੇਗਾ। ਰੇਲ ਲਾਈਨ ਕਾਰਨ ਜੋ ਆਵਾਜਾਈ ਰੁਕਾਵਟਾਂ ਅਤੇ ਸਮਾਂ-ਖਰਾਬੀ ਹੁੰਦੀ ਸੀ, ਉਹ ਸਮੱਸਿਆ ਸਦਾ ਲਈ ਖਤਮ ਹੋ ਜਾਵੇਗੀ। ਇਸ ਦੇ ਨਾਲ ਨਾਲ ਵਿਦਿਆਰਥੀਆਂ, ਕਿਸਾਨਾਂ ਅਤੇ ਰੋਜ਼ਾਨਾ ਆਵਾਜਾਈ ਕਰਨ ਵਾਲੇ ਲੋਕਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ। ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਅੰਡਰਪਾਸ ਇਲਾਕੇ ਦੀ ਪੁਰਾਣੀ ਮੰਗ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਗੰਭੀਰਤਾ ਨਾਲ ਲੈਂਦਿਆਂ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੰਮ ਦੀ ਗੁਣਵੱਤਾ ਅਤੇ ਸਮੇਂ ਸਿਰ ਮੁਕੰਮਲਤਾ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ। ਇਸ ਮੌਕੇ ਸਥਾਨਕ ਲੋਕਾਂ ਵੱਲੋਂ ਕੇਂਦਰੀ ਰਾਜ ਮੰਤਰੀ ਅਤੇ ਵਿਧਾਇਕ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਗਈ ਕਿ ਅੰਡਰਪਾਸ ਬਣਨ ਨਾਲ ਇਲਾਕੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ।