ਆਪ ਵਰਕਰਾਂ ਨੇ ਪੰਜਾਬ ਭਾਜਪਾ ਕਾਰਜਕਾਰੀ ਪ੍ਰਧਾਨ ਦੇ ਘਰ ਦੇ ਬਾਹਰ ਕੀਤੀ ਨਾਅਰੇਬਾਜ਼ੀ
ਆਪ ਵਰਕਰਾਂ ਨੇ ਪੰਜਾਬ ਭਾਜਪਾ ਕਾਰਜਕਾਰੀ ਪ੍ਰਧਾਨ ਦੇ ਘਰ ਦੇ ਬਾਹਰ ਕੀਤੀ ਨਾਅਰੇਬਾਜ਼ੀ
Publish Date: Sun, 11 Jan 2026 04:34 PM (IST)
Updated Date: Mon, 12 Jan 2026 04:03 AM (IST)

ਆਰ. ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਆਮ ਆਦਮੀ ਪਾਰਟੀ (ਆਪ) ਨੇ ਆਤਿਸ਼ੀ ਦੇ ਬਿਆਨ ਦੀ ਵੀਡੀਓ ਨਾਲ ਕਥਿਤ ਤੌਰ ’ਤੇ ਛੇੜਛਾੜ ਕਰਨ ਅਤੇ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਅਤੇ ਝੂਠੇ ਦੋਸ਼ਾਂ ਨਾਲ ਉਨ੍ਹਾਂ ਦਾ ਅਪਮਾਨ ਕਰਨ ਲਈ ਭਾਜਪਾ ਦੀ ਨਿੰਦਾ ਕੀਤੀ। ਆਪ ਦੇ ਵਰਕਰਾਂ ਨੇ ਸੜਕਾਂ ’ਤੇ ਉਤਰ ਕੇ ਭਾਜਪਾ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਪੰਜਾਬ ਭਾਜਪਾ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਪਠਾਨਕੋਟ ਵਿਧਾਇਕ ਅਸ਼ਵਨੀ ਸ਼ਰਮਾ ਦੇ ਘਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ । ਆਪ ਦਾ ਦੋਸ਼ ਹੈ ਕਿ ਭਾਜਪਾ ਨੇਤਾ ਜਾਣਬੁੱਝ ਕੇ ਧਰਮ ਅਤੇ ਸੱਭਿਆਚਾਰ ਦਾ ਮਜ਼ਾਕ ਉਡਾ ਰਹੇ ਹਨ। ਆਪ ਦੇ ਅਨੁਸਾਰ ਭਾਜਪਾ ਨੇਤਾ ਪਹਿਲਾਂ ਵੀ ਅਜਿਹਾ ਕਰ ਚੁੱਕੇ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ੍ਯਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਵੀ ਲਗਾ ਚੁੱਕੇ ਹਨ। ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਅਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪਾਰਟੀ ਇਸ ਮੁੱਦੇ ਨੂੰ ਪੰਜਾਬ ਵਿੱਚ ਜ਼ੋਰਦਾਰ ਢੰਗ ਨਾਲ ਉਠਾਉਣ ਦੀ ਯੋਜਨਾ ਬਣਾ ਰਹੀ ਹੈ। ਆਪ ਨੇ ਵੀਡੀਓ ਦੀ ਫੋਰੈਂਸਿਕ ਜਾਂਚ ਦੀ ਮੰਗ ਕਰਦੇ ਹੋਏ ਕਿਹਾ ਕਿ ਭਾਜਪਾ ਨੇਤਾ ਜਾਣਬੁੱਝ ਕੇ ਹਿੰਦੂ ਅਤੇ ਸਿੱਖ ਗੁਰੂਆਂ ਵਿਰੁੱਧ ਅਪਮਾਨਜਨਕ ਬਿਆਨ ਦਿੰਦੇ ਹਨ। ਭਾਜਪਾ ਅਤੇ ਕਾਂਗਰਸ ਦੇ ਨੇਤਾਵਾਂ ਵਿੱਚ ਧਰਮ ਅਤੇ ਸੱਭਿਆਚਾਰ ਪ੍ਰਤੀ ਥੋੜ੍ਹਾ ਜਿਹਾ ਵੀ ਸਤਿਕਾਰ ਨਹੀਂ ਹੈ, ਜਿਸ ਕਾਰਨ ਉਹ ਵਾਰ-ਵਾਰ ਹਿੰਦੂਆਂ ਅਤੇ ਸਿੱਖਾਂ ਦਾ ਅਪਮਾਨ ਕਰਦੇ ਹਨ।ਉਨ੍ਹਾਂ ਕਿਹਾ ਕਿ ਇਹ ਮਾਮਲਾ ਪੂਰੇ ਦੇਸ਼ ਲਈ ਸਵੈ-ਮਾਣ ਅਤੇ ਸਾਡੀ ਸੱਭਿਆਚਾਰ ਦਾ ਮੁੱਦਾ ਹੈ। ਸੁਜਾਨਪੁਰ ਹਲਕੇ ਦੇ ਇੰਚਾਰਜ ਅਮਿਤ ਮੰਟੂ ਨੇ ਕਿਹਾ ਕਿ ਦੇਸ਼ ਦੇ ਧਰਮ ਅਤੇ ਸੱਭਿਆਚਾਰ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਧਾਰਮਿਕ ਆਗੂਆਂ ਬਾਰੇ ਅਜਿਹੇ ਇਤਰਾਜ਼ਯੋਗ ਬਿਆਨ ਕਿਸੇ ਵੀ ਕੀਮਤ ’ਤੇ ਸਵੀਕਾਰ ਨਹੀਂ ਕੀਤੇ ਜਾ ਸਕਦੇ। ਉਹਨਾਂ ਕਿਹਾ ਕਿ ਭਾਜਪਾ, ਅਕਾਲੀ ਦਲ ਬਾਦਲ ਅਤੇ ਕਾਂਗਰਸ ਆਮ ਆਦਮੀ ਪਾਰਟੀ ਦੇ ਕੰਮਾਂ ਅਤੇ ਜਿੱਤ ਨੂੰ ਦੇਖਦੇ ਹੋਏ ਬੁਖਲਾਹਟ ਵਿਚ ਆਏ ਹੋਏ ਹਨ। ਉਨ੍ਹਾਂ ਕੋਲ ਹੋਰ ਕੋਈ ਰਾਜ ਦੇ ਵਿਕਾਸ ਲਈ ਮੁੱਦਾ ਨਹੀਂ ਇਸੇ ਲਈ ਏਆਈ ਦੀ ਸਹਾਇਤਾ ਨਾਲ ਫੇਕ ਵੀਡਿਓ ਬਣਾ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਘਟੀਆ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਅਸ਼ਵਨੀ ਸ਼ਰਮਾ ਨੇ ਅਜੇ ਵੀ ਆਪਣੇ ਬਿਆਨ ਲਈ ਮੁਆਫ਼ੀ ਨਹੀਂ ਮੰਗੀ ਹੈ। ਉਨ੍ਹਾਂ ਕਿਹਾ ਕਿ ਉਕਤ ਵੀਡੀਓ ਦੀ ਫੋਰੈਂਸਿਕ ਜਾਂਚ ਵੀ ਹੋਣੀ ਚਾਹੀਦੀ ਹੈ। ਇਹ ਪੂਰੇ ਦੇਸ਼ ਦੀਆਂ ਧਾਰਮਿਕ ਭਾਵਨਾਵਾਂ ਦਾ ਅਪਮਾਨ ਕਰਨ ਦਾ ਮਾਮਲਾ ਹੈ। ਇਸ ਮੌਕੇ ਤੇ ਸੌਰਵ ਬਹਿਲ, ਅਮਿਤ ਮੰਟੂ, ਅਭੀ ਸ਼ਰਮਾ, ਠੇਕੇਦਾਰ ਅਮਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਪ ਪਾਰਟੀ ਦੇ ਆਗੂ ਅਤੇ ਵਰਕਰ ਮੌਜੂਦ ਸਨ।