- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ: ਡਾ. ਬਲਬੀਰ ਸਿੰਘ

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਵਿਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਵਿਚ 100 ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ। ਇਸ ਨਾਲ ਪੰਜਾਬ ਵਿਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 1,090 ਹੋ ਗਈ ਹੈ। ਇਹ ਜਾਣਕਾਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਵਿਕਾਸ ਨਗਰ (ਸਿਉਣਾ ਚੌਂਕ ਨੇੜੇ) ਵਿਖੇ ਨਵੇਂ ਆਮ ਆਦਮੀ ਕਲੀਨਿਕ ਦੇ ਉਦਘਾਟਨ ਮੌਕੇ ਦਿੱਤੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹਰ ਨਾਗਰਿਕ ਨੂੰ ਉਸ ਦੇ ਘਰ ਦੇ ਨੇੜੇ ਹੀ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਇਲਾਜ ਲਈ ਦੂਰ-ਦੁਰਾਡੇ ਹਸਪਤਾਲਾਂ ਦੇ ਚੱਕਰ ਨਹੀਂ ਲਗਾਉਣੇ ਪੈਂਦੇ, ਜਿਸ ਨਾਲ ਸਮੇਂ ਅਤੇ ਪੈਸੇ ਦੋਵਾਂ ਦੀ ਬਚਤ ਹੁੰਦੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਹਰ ਆਮ ਆਦਮੀ ਕਲੀਨਿਕ ’ਚ ਯੋਗ ਐਮਬੀਬੀਐਸ ਡਾਕਟਰ, ਸਿਖਲਾਈ ਪ੍ਰਾਪਤ ਨਰਸਿੰਗ ਸਟਾਫ ਅਤੇ ਹੋਰ ਲੋੜੀਂਦਾ ਅਮਲਾ ਤਾਇਨਾਤ ਕੀਤਾ ਗਿਆ ਹੈ। ਇੱਥੇ ਆਉਣ ਵਾਲੇ ਮਰੀਜ਼ਾਂ ਨੂੰ ਡਾਕਟਰੀ ਸਲਾਹ, ਮੁਫ਼ਤ ਦਵਾਈਆਂ, ਲੈਬ ਟੈਸਟ ਅਤੇ ਹੋਰ ਪ੍ਰਾਇਮਰੀ ਸਿਹਤ ਸੇਵਾਵਾਂ ਬਿਨਾਂ ਕਿਸੇ ਖਰਚ ਦੇ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਦੀ ਪ੍ਰਾਇਮਰੀ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਹਰ ਮਹੀਨੇ 42 ਹਜ਼ਾਰ ਤੋਂ ਵੱਧ ਗਰਭਵਤੀ ਔਰਤਾਂ ਨੂੰ ਇਨ੍ਹਾਂ ਕਲੀਨਿਕਾਂ ਰਾਹੀਂ ਗਰਭ ਅਵਸਥਾ ਦੌਰਾਨ ਲੋੜੀਂਦੀਆਂ ਜਾਂਚਾਂ, ਸਲਾਹ ਤੇ ਸਿਹਤ ਸੰਭਾਲ ਦੀਆਂ ਸੇਵਾਵਾਂ ਮਿਲ ਰਹੀਆਂ ਹਨ। ਇਸ ਤੋਂ ਇਲਾਵਾ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਵਰਗੀਆਂ ਗੈਰ-ਸੰਚਾਰੀ ਬਿਮਾਰੀਆਂ ਨਾਲ ਪੀੜਤ 1.25 ਲੱਖ ਤੋਂ ਵੱਧ ਮਰੀਜ਼ਾਂ ਨੂੰ ਨਿਯਮਤ ਇਲਾਜ, ਦਵਾਈਆਂ ਅਤੇ ਫਾਲੋ-ਅਪ ਸੇਵਾਵਾਂ ਵੀ ਦਿੱਤੀਆਂ ਜਾ ਰਹੀਆਂ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਤੱਕ ਆਧੁਨਿਕ ਅਤੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਲੋੜ ਅਨੁਸਾਰ ਸਿਹਤ ਸਹੂਲਤਾਂ ਦਾ ਹੋਰ ਵਿਸਥਾਰ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਸਰਕਾਰੀ ਸਿਹਤ ਪ੍ਰਣਾਲੀ ਪ੍ਰਤੀ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕੀਤਾ ਹੈ। ਇਸ ਮੌਕੇ ਏਡੀਸੀ (ਵਿਕਾਸ) ਅਨੁਪ੍ਰਿਤਾ ਜੌਹਲ, ਐਮਸੀ ਜਸਬੀਰ ਗਾਂਧੀ, ਦੇਵਿੰਦਰ ਕੌਰ, ਸਿਵਲ ਸਰਜਨ ਡਾ. ਸ਼ੈਲੀ ਜੇਟਲੀ, ਐੱਸਐੱਮਓ ਡਾ. ਪਰਨੀਤ ਕੌਰ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਸਥਾਨਕ ਨਿਵਾਸੀ ਹਾਜ਼ਰ ਸਨ। ਸਥਾਨਕ ਲੋਕਾਂ ਨੇ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਨਵੀਂ ਦਿਸ਼ਾ ਦਿੱਤੀ ਹੈ।