
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਿਸ਼ਨ ਕਲੀਨ ਪੰਜਾਬ’ ਤਹਿਤ ਰਾਜਪੁਰਾ ’ਚ 10 ਰੋਜ਼ਾ ਸਫ਼ਾਈ ਮੁਹਿੰਮ ਸ਼ੁਰੂ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਨਗਰ ਕੌਂਸਲ ਰਾਜਪੁਰਾ ਵੱਲੋਂ ਸ਼ਹਿਰ ਵਿਚ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਹਲਕਾ ਵਿਧਾਇਕ ਨੀਨਾ ਮਿੱਤਲ ਨੇ ਇਸ ਮੁਹਿੰਮ ਦੀ ਅਗਵਾਈ ਕੀਤੀ। ਇਸ ਮੌਕੇ ਏਡੀਸੀ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਵਿਧਾਇਕ ਨੀਨਾ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਲਾਈ ਜਾ ਰਹੀ ਇਹ ਵਿਸ਼ੇਸ਼ ਮੁਹਿੰਮ 8 ਸਤੰਬਰ ਤੱਕ ਜਾਰੀ ਰਹੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਅਤੇ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਕੂੜਾ-ਮੁਕਤ ਬਣਾਉਣਾ ਸਿਰਫ਼ ਸਰਕਾਰ ਜਾਂ ਨਗਰ ਕੌਂਸਲ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਭਾਗੀਦਾਰੀ ਜ਼ਰੂਰੀ ਹੈ। ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮੁਹਿੰਮ ਨੂੰ ਕਾਮਯਾਬ ਬਣਾਇਆ ਜਾ ਸਕਦਾ ਹੈ। ਮੁਹਿੰਮ ਤਹਿਤ ਭੋਗਲਾ ਰੋਡ ਤੋਂ ਮੁਕਤ ਚੌਂਕ ਤੱਕ ਨਾਲਿਆਂ ਤੇ ਰੋਡ ਬਰਮਾਂ ਦੀ ਸਫ਼ਾਈ ਕੀਤੀ ਗਈ। ਇਸ ਤੋਂ ਇਲਾਵਾ ਗਗਨ ਚੌਂਕ ਤੋਂ ਮੁਕਤ ਚੌਂਕ ਤੱਕ ਰੋਡ ਡਿਵਾਈਡਰਾਂ ਦੀ ਸਫ਼ਾਈ ਕਰਕੇ ਉਨ੍ਹਾਂ ਦੀ ਸੁੰਦਰਤਾ ਵਧਾਉਣ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ ਗਈ। ਕਾਰਜ ਸਾਧਕ ਅਫ਼ਸਰ ਅਵਤਾਰ ਸੇਖੜੀ ਨੇ ਕਿਹਾ ਕਿ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਰਿਤੇਸ਼ ਬਾਂਸਲ, ਸੀਨੀਅਰ ਵਾਈਸ ਪ੍ਰਧਾਨ ਦੇਸ ਰਾਜ, ਕੌਂਸਲਰਾਂ, ਅਧਿਕਾਰੀਆਂ, ਸਫ਼ਾਈ ਕਰਮਚਾਰੀਆਂ ਅਤੇ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।