ਬਜ਼ੁਰਗਾਂ ਦੀ ਤੰਦਰੁਸਤੀ ਲਈ 10 ਰੋਜ਼ਾ ਵਿਸ਼ੇਸ਼ ਕੈਂਪ ਸ਼ੁਰੂ ਬਜ਼ੁਰਗਾਂ ਦੀ ਤੰਦਰੁਸਤੀ ਲਈ 10 ਰੋਜ਼ਾ ਵਿਸ਼ੇਸ਼ ਕੈਂਪ ਸ਼ੁਰੂ
Publish Date: Mon, 21 Sep 2026 06:01 PM (IST)
Updated Date: Mon, 21 Sep 2026 06:02 PM (IST)
ਫੋਟੋ 21ਪੀਟੀਐਲ: 26: ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵੱਲੋਂ ਬਜ਼ੁਰਗਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਨੂੰ ਸਮਰਪਿਤ 10 ਰੋਜ਼ਾ ਵਿਸ਼ੇਸ਼ ਕੈਂਪ ਦਾ ਸੋਮਵਾਰ ਨੂੰ ਆਗਾਜ਼ ਕੀਤਾ ਗਿਆ। ਕੈਂਪ ਦਾ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਬਜ਼ੁਰਗ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੀ ਸਿਹਤ ਤੇ ਮਾਨਸਿਕ ਖੁਸ਼ਹਾਲੀ ਵੱਲ ਧਿਆਨ ਦੇਣਾ ਜ਼ਰੂਰੀ ਹੈ। ਉਨ੍ਹਾਂ ਨੇ ਇਸ ਉਪਰਾਲੇ ਲਈ ਯੂਨੀਵਰਸਿਟੀ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ। ਵਾਈਸ ਚਾਂਸਲਰ ਡਾ. ਗਿੱਲ ਨੇ ਕਿਹਾ ਕਿ ਬਜ਼ੁਰਗਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਕੈਂਪ ਦੌਰਾਨ ਵੱਖ-ਵੱਖ ਮਾਹਿਰਾਂ ਵੱਲੋਂ ਸਿਹਤ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ 110 ਬਜ਼ੁਰਗ ਭਾਗ ਲੈ ਰਹੇ ਹਨ। ਮਾਹਿਰਾਂ ਵੱਲੋਂ ਬਲੱਡ ਪ੍ਰੈਸ਼ਰ, ਸ਼ੂਗਰ, ਡਾਇਲਸਿਸ ਅਤੇ ਸਰਜਰੀ ਆਦਿ ਨਾਲ ਸਬੰਧਤ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਖੁਰਾਕ ਅਤੇ ਜੀਵਨਸ਼ੈਲੀ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮਾਨਸਿਕ ਤਣਾਅ ਤੇ ਇਕੱਲੇਪਣ ਨੂੰ ਘਟਾਉਣ ਲਈ ਕੌਂਸਲਿੰਗ ਅਤੇ ਖੇਡ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ। ਬਜ਼ੁਰਗਾਂ ਦੀ ਆਵਾਜਾਈ ਲਈ ਯੂਨੀਵਰਸਿਟੀ ਦੀਆਂ ਬੱਸਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।