
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਫਰੀਦਕੋਟ ’ਚ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਰਾਜਪੁਰਾ-ਪਟਿਆਲਾ ਰੋਡ ’ਤੇ 10 ਘੰਟੇ ਧਰਨਾ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਫਰੀਦਕੋਟ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕਿਸਾਨ ਜਥੇਬੰਦੀ ਦੇ ਆਗੂਆਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਰਾਜਪੁਰਾ-ਪਟਿਆਲਾ ਰੋਡ ’ਤੇ ਅਮਰਦੀਪ ਕਲੋਨੀ ਦੇ ਸਾਹਮਣੇ ਸੜਕੀ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ ਗਿਆ। ਸ਼ਨਿੱਚਰਵਾਰ ਦੁਪਹਿਰ ਕਰੀਬ 1:30 ਵਜੇ ਸ਼ੁਰੂ ਹੋਇਆ ਧਰਨਾ ਦੇਰ ਰਾਤ 11:30 ਵਜੇ ਤੱਕ, ਕਰੀਬ 10 ਘੰਟੇ ਜਾਰੀ ਰਿਹਾ। ਧਰਨੇ ਕਾਰਨ ਰਾਜਪੁਰਾ-ਪਟਿਆਲਾ ਰੋਡ ’ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਕਈ ਵਾਹਨ ਚਾਲਕਾਂ ਨੂੰ ਬਦਲਵੇਂ ਰਸਤਿਆਂ ਰਾਹੀਂ ਆਪਣੀ ਮੰਜ਼ਿਲ ਵੱਲ ਜਾਣਾ ਪਿਆ। ਸਥਿਤੀ ਨੂੰ ਦੇਖਦਿਆਂ ਡੀਐਸਪੀ ਸਰਕਲ ਘਨੌਰ ਦਲਜੀਤ ਸਿੰਘ ਵਿਰਕ, ਡੀਐਸਪੀ ਸਰਕਲ ਰਾਜਪੁਰਾ ਮਨਜੀਤ ਸਿੰਘ, ਥਾਣਾ ਖੇੜੀ ਗੰਡਿਆਂ ਦੇ ਐੱਸਐੱਚਓ ਜਰਨੈਲ ਸਿੰਘ, ਥਾਣਾ ਸ਼ੰਭੂ ਦੇ ਐੱਸਐੱਚਓ ਸਵਾਰਨ ਸਿੰਘ ਅਤੇ ਥਾਣਾ ਸਦਰ ਦੇ ਐੱਸਐੱਚਓ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਸਮੇਤ ਪੁਲਿਸ ਪਾਰਟੀਆਂ ਮੌਕੇ ’ਤੇ ਪਹੁੰਚੀਆਂ। ਧਰਨੇ ’ਤੇ ਬੈਠੇ ਕਿਸਾਨ ਆਗੂਆਂ ਨੇ ਦੱਸਿਆ ਕਿ ਫਰੀਦਕੋਟ ਵਿਖੇ ਲੈਂਡ ਮਾਰਗੇਜ ਬੈਂਕ ਦੇ ਸਾਹਮਣੇ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਹੈ। ਇਸੇ ਦੌਰਾਨ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ ਤੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਦੀ ਅਗਵਾਈ ਹੇਠ 500 ਤੋਂ ਵੱਧ ਕਿਸਾਨ ਜਦੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਸਨ ਤਾਂ ਪੁਲਿਸ ਨੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੀ ਜਾਣਕਾਰੀ ਮਿਲਣ ’ਤੇ ਰਾਜਪੁਰਾ ਵਿਚ ਕਿਸਾਨਾਂ ਨੇ ਸੜਕ ਜਾਮ ਕਰਕੇ ਗ੍ਰਿਫ਼ਤਾਰ ਆਗੂਆਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ। ਸੂਬਾ ਖ਼ਜ਼ਾਨਚੀ ਮਾਨ ਸਿੰਘ, ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਅਲੂਣਾ, ਦਲਜੀਤ ਸਿੰਘ ਚਮਾਰੂ, ਗੁਰਮੀਤ ਸਿੰਘ ਟਹਿਲਪੁਰਾ, ਹਰਜਿੰਦਰ ਸਿੰਘ, ਮਹਿੰਦਰ ਸਿੰਘ, ਜਸਵੀਰ ਸਿੰਘ ਚੰਦੂਆ, ਗੁਰਪ੍ਰੀਤ ਸਿੰਘ ਸੀਲ ਅਤੇ ਹਰਮੇਲ ਸਿੰਘ ਸਮੇਤ ਹੋਰ ਆਗੂ ਧਰਨੇ ਵਿੱਚ ਮੌਜੂਦ ਰਹੇ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਫਰੀਦਕੋਟ ਵਿਚ ਗ੍ਰਿਫ਼ਤਾਰ ਕੀਤੇ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਧਰਨਾ ਜਾਰੀ ਰਹੇਗਾ। ਦੇਰ ਰਾਤ ਕਰੀਬ 11:30 ਵਜੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਵੀਡੀਓ ਕਾਲ ਰਾਹੀਂ ਧਰਨਾਕਾਰੀ ਕਿਸਾਨਾਂ ਨਾਲ ਗੱਲਬਾਤ ਕਰਕੇ ਧਰਨਾ ਸਮਾਪਤ ਕਰਨ ਲਈ ਕਿਹਾ। ਇਸ ਤੋਂ ਬਾਅਦ ਕਿਸਾਨਾਂ ਨੇ ਧਰਨਾ ਖਤਮ ਕਰ ਦਿੱਤਾ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਆਵਾਜਾਈ ਬਹਾਲ ਕਰ ਦਿੱਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੱਢਿਆ ਜਾ ਰਿਹਾ। ਹੁਣ ਕਿਸਾਨ ਜਥੇਬੰਦੀਆਂ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।