ਭਰਾਜ ਵੱਲੋਂ ਹਾਕੀ ਐਸਟ੍ਰੋਟਰਫ ਗਰਾਊਂਡ ਦੇ ਕੰਮ ਦੀ ਸ਼ੁਰੂਆਤ
ਸੂਬੇ 'ਚ 8 ਕਰੋੜ 30 ਲੱਖ ਦੀ ਲਾਗਤ ਨਾਲ ਬਨਣਗੇ 12 ਹਾਕੀ ਐਸਟ੍ਰੋਟਰਫ ਗਰਾਊਂਡ : ਭਰਾਜ
Publish Date: Sat, 18 Apr 2026 03:53 PM (IST)
Updated Date: Sun, 19 Apr 2026 04:00 AM (IST)

ਸੂਬੇ ਚ 8 ਕਰੋੜ 30 ਲੱਖ ਦੀ ਲਾਗਤ ਨਾਲ ਬਨਣਗੇ 12 ਹਾਕੀ ਐਸਟ੍ਰੋਟਰਫ ਗਰਾਊਂਡ : ਭਰਾਜ ਕਿਹਾ-ਨਵੀਂ ਦਿਸ਼ਾ, ਚੰਗਾ ਭਵਿੱਖ” ਖੇਡਾਂ ਨੂੰ ਮਿਲੇਗਾ ਨਵਾਂ ਉਤਸ਼ਾਹ ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ ਭਵਾਨੀਗੜ੍ਹ : ਪੰਜਾਬ ਵਿੱਚ ਖੇਡਾਂ ਦੇ ਵਿਕਾਸ ਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ ਹਾਕੀ ਐਸਟ੍ਰੋਟਰਫ ਗਰਾਊਂਡ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 12 ਹਾਕੀ ਐਸਟ੍ਰੋਟਰਫ (6 ਏ ਸਾਈਡ) ਕਰੀਬ 8 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਹਨ। ਜਿਨ੍ਹਾਂ ਵਿਚੋਂ ਇਕ ਭਵਾਨੀਗੜ੍ਹ ਵਿਖੇ ਬਣਾਇਆ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਦੀ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨਾ ਆਮ ਆਦਮੀ ਪਾਰਟੀ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਦੱਸਿਆ ਕਿ ਐਸਟ੍ਰੋਟਰਫ ਹਾਕੀ ਮੈਦਾਨ ਦੇ ਤਿਆਰ ਹੋਣ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਆਧੁਨਿਕ ਖੇਡ ਸਹੂਲਤਾਂ ਮਿਲਣਗੀਆਂ, ਜਿਸ ਨਾਲ ਉਹ ਆਪਣੀ ਪ੍ਰਤਿਭਾ ਨੂੰ ਨਿਖਾਰ ਕੇ ਕੌਮੀ ਤੇ ਕੌਮਾਤਰੀ ਪੱਧਰ ‘ਤੇ ਸੂਬੇ ਦਾ ਨਾਮ ਰੋਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਨੌਜਵਾਨਾਂ ਨੂੰ ਸਹੀ ਦਿਸ਼ਾ ਮਿਲੇ ਤੇ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ। ਇਹ ਪ੍ਰਾਜੈਕਟ ਨਵੀਂ ਦਿਸ਼ਾ, ਚੰਗਾ ਭਵਿੱਖ ਦੇ ਸੰਕਲਪ ਨੂੰ ਹੋਰ ਮਜ਼ਬੂਤੀ ਦੇਵੇਗਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿਚ ਖੇਡ ਮੈਦਾਨਾਂ, ਸਟੇਡੀਅਮਾਂ ਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੀ ਹੈ। ਮੁੱਖ ਮੰਤਰੀ ਦੀ ਦੂਰਦਰਸ਼ੀ ਸੋਚ ਸਦਕਾ ਹੀ ਪਿੰਡਾਂ ਤੇ ਸ਼ਹਿਰਾਂ ਵਿਚ ਖਿਡਾਰੀਆਂ ਲਈ ਵਧੀਆ ਮਾਹੌਲ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਵਲੰਟੀਅਰ, ਖੇਡ ਪ੍ਰੇਮੀਆਂ ਤੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮੌਕੇ ’ਤੇ ਵੱਡੀ ਗਿਣਤੀ ਵਿਚ ਪਹੁੰਚ ਕੇ ਨੌਜਵਾਨਾਂ ਦਾ ਹੌਸਲਾ ਵਧਾਇਆ ਜਾਵੇ ਤੇ ਖੇਡਾਂ ਦੇ ਪ੍ਰਚਾਰ-ਪ੍ਰਸਾਰ ਵਿਚ ਆਪਣਾ ਯੋਗਦਾਨ ਪਾਇਆ ਜਾਵੇ।