ਖੇਤ ਬਚਾਓ ਅਭਿਆਨ ਤਹਿਤ 1500 ਕਿਸਾਨਾਂ ਨੂੰ ਕੀਤਾ ਜਾਗਰੂਕ
ਖੇਤ ਬਚਾਓ ਅਭਿਆਨ ਤਹਿਤ 1500 ਕਿਸਾਨਾਂ ਨੂੰ ਕੀਤਾ ਜਾਗਰੂਕ
Publish Date: Tue, 09 Jun 2026 04:12 PM (IST)
Updated Date: Wed, 10 Jun 2026 04:03 AM (IST)

ਮਿੱਟੀ ਪਰਖ ਆਧਾਰਿਤ ਖਾਦਾਂ ਦੀ ਵਰਤੋਂ ਤੇ ਫ਼ਸਲੀ ਰਹਿੰਦ-ਖੂੰਹਦ ਸੰਭਾਲਣ ਦੀ ਦਿੱਤੀ ਜਾਣਕਾਰੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੰਗਰੂਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ) ਸੰਗਰੂਰ ਵੱਲੋਂ ‘ਖੇਤ ਬਚਾਓ ਅਭਿਆਨ’ ਤਹਿਤ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੰਭਾਲਣ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ, ਕਿਸਾਨ ਗੋਸ਼ਟੀਆਂ ਅਤੇ ਨੁੱਕੜ ਮੀਟਿੰਗਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਅਭਿਆਨ ਨਿਰਦੇਸ਼ਕ ਪਸਾਰ ਸਿੱਖਿਆ, ਪੀਏਯੂ ਲੁਧਿਆਣਾ ਅਤੇ ਆਈਸੀਏਆਰ-ਅਟਾਰੀ, ਜ਼ੋਨ-1 ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇਵੀਕੇ ਸੰਗਰੂਰ ਦੇ ਇੰਚਾਰਜ ਡਾ. ਮਨਦੀਪ ਸਿੰਘ ਨੇ ਦੱਸਿਆ ਕਿ ਅਭਿਆਨ ਤਹਿਤ ਹੁਣ ਤੱਕ 14 ਤੋਂ ਵੱਧ ਪਿੰਡਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਚੁੱਕੇ ਹਨ, ਜਿਨ੍ਹਾਂ ਰਾਹੀਂ ਕਰੀਬ 1500 ਕਿਸਾਨਾਂ ਨੂੰ ਮਿੱਟੀ ਪਰਖ ਅਧਾਰਿਤ ਖਾਦਾਂ ਦੀ ਵਰਤੋਂ, ਹਰੀ ਖਾਦ, ਜੀਵਾਣੂ ਖਾਦਾਂ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਹੀ ਸੰਭਾਲਣ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਪਿੰਡ ਤੁੰਗਾਂ ਅਤੇ ਬਿਗੜਵਾਲ ਵਿੱਚ ਲਗਾਏ ਗਏ ਕੈਂਪਾਂ ਦੌਰਾਨ ਡਾ. ਰੁਕਿੰਦਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਕਿਸਾਨਾਂ ਨੂੰ ਮਿੱਟੀ ਪਰਖ ਰਿਪੋਰਟ ਦੇ ਅਧਾਰ ਤੇ ਨਾਈਟ੍ਰੋਜਨ, ਫਾਸਫੋਰਸ, ਪੋਟਾਸ਼ ਅਤੇ ਹੋਰ ਲਘੂ ਤੱਤਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਦੱਸਿਆ ਕਿ ਜੇਕਰ ਕਣਕ ਦੀ ਫ਼ਸਲ ਵਿੱਚ ਡੀਏਪੀ ਦੀ ਸਿਫਾਰਸ਼ੀ ਮਾਤਰਾ ਪਾਈ ਗਈ ਹੋਵੇ ਤਾਂ ਝੋਨੇ ਅਤੇ ਬਾਸਮਤੀ ਦੀ ਫ਼ਸਲ ਲਈ ਵੱਖਰੇ ਤੌਰ ’ਤੇ ਫਾਸਫੋਰਸ ਖਾਦ ਪਾਉਣ ਦੀ ਲੋੜ ਨਹੀਂ ਰਹਿੰਦੀ। ਉਨ੍ਹਾਂ ਨੇ ਝੋਨੇ ਦੀ ਪਨੀਰੀ ਵਿੱਚ ਜ਼ਿੰਕ ਅਤੇ ਲੋਹੇ ਦੀ ਘਾਟ ਦੀ ਪਛਾਣ ਅਤੇ ਉਸ ਦੀ ਪੂਰਤੀ ਦੇ ਉਪਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਡਾ. ਸੁਨੀਲ ਕੁਮਾਰ ਨੇ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਮਿਲਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਝੋਨੇ ਦੀ ਮਸ਼ੀਨੀ ਲੁਆਈ ਲਈ ਮੈਟ ਟਾਈਪ ਪਨੀਰੀ ਤਿਆਰ ਕਰਨ ਅਤੇ ਲੁਆਈ ਦੇ ਆਧੁਨਿਕ ਤਰੀਕਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਡਾ. ਗੁਰਬੀਰ ਕੌਰ ਨੇ ਝੋਨੇ ਅਤੇ ਬਾਸਮਤੀ ਦੇ ਬੀਜ ਦੀ ਸੋਧ, ਮਧਰੇਪਨ ਅਤੇ ਝੰਡਾ ਰੋਗ ਦੀ ਰੋਕਥਾਮ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ। ਡਾ. ਰਵਿੰਦਰ ਕੌਰ ਨੇ ਬਾਗਬਾਨੀ ਫ਼ਸਲਾਂ ਵਿੱਚ ਸੰਤੁਲਿਤ ਖਾਦ ਪ੍ਰਬੰਧਨ ਅਤੇ ਘਰੇਲੂ ਸਬਜ਼ੀ ਬਗੀਚੀ ਲਗਾਉਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਕੈਂਪ ਦੇ ਅੰਤ ਵਿੱਚ ਮਾਹਿਰਾਂ ਨੇ ਕਿਸਾਨਾਂ ਵੱਲੋਂ ਝੋਨੇ ਦੀ ਕਾਸ਼ਤ, ਖਾਦਾਂ ਦੀ ਵਰਤੋਂ ਅਤੇ ਫ਼ਸਲ ਪ੍ਰਬੰਧਨ ਸਬੰਧੀ ਪੁੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ। ਮਾਹਿਰਾਂ ਨੇ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੰਭਾਲਣ ਲਈ ਵਿਗਿਆਨਕ ਤਰੀਕਿਆਂ ਨੂੰ ਅਪਣਾਉਣ ਦੀ ਅਪੀਲ ਕੀਤੀ