- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਡਰ-14 ਲੜਕੇ ਅਤੇ ਲੜਕੀਆਂ ਦੇ ਮੁਕਾਬਲਿਆਂ ਵਿੱਚ ਜਿੱਤੇ 16 ਸੋਨ ਤਗਮੇ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਤਾਇਕਵਾਂਡੋ ਮੁਕਾਬਲਿਆਂ ਵਿਚ ਪਟਿਆਲਾ ਜ਼ਿਲ੍ਹੇ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਲੜਕੇ ਤੇ ਲੜਕੀਆਂ ਦੇ ਵਰਗਾਂ ਵਿਚ ਓਵਰਆਲ ਚੈਂਪੀਅਨਸ਼ਿਪ ਜਿੱਤ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਇਹ ਮੁਕਾਬਲੇ ਪਲੇਅਵੇਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਕਰਵਾਏ ਗਏ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਖਿਡਾਰੀਆਂ ਤੇ ਕੋਚਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਲੜਕਿਆਂ ਦੇ ਵਰਗ ਵਿਚ ਪਟਿਆਲਾ ਜ਼ਿਲ੍ਹੇ ਨੇ 8 ਸੋਨੇ, 2 ਚਾਂਦੀ ਅਤੇ 1 ਕਾਂਸੀ ਦਾ ਤਗਮਾ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ। ਜਲੰਧਰ 3 ਸੋਨੇ ਅਤੇ 3 ਕਾਂਸੀ ਦੇ ਤਗਮਿਆਂ ਨਾਲ ਦੂਜੇ ਤੇ ਪਠਾਨਕੋਟ 1 ਸੋਨੇ, 3 ਚਾਂਦੀ ਤੇ 1 ਕਾਂਸੀ ਦੇ ਤਗਮੇ ਨਾਲ ਤੀਜੇ ਸਥਾਨ ’ਤੇ ਰਿਹਾ। ਲੜਕੀਆਂ ਦੇ ਵਰਗ ਵਿੱਚ ਵੀ ਪਟਿਆਲਾ ਨੇ 8 ਸੋਨੇ, 1 ਚਾਂਦੀ ਅਤੇ 1 ਕਾਂਸੀ ਦਾ ਤਗਮਾ ਜਿੱਤ ਕੇ ਓਵਰਆਲ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੂਜੇ ਅਤੇ ਮਾਨਸਾ ਤੀਜੇ ਸਥਾਨ ’ਤੇ ਰਿਹਾ। ਇਨਾਮ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਡਾ. ਦਲਜੀਤ ਸਿੰਘ, ਪ੍ਰਿੰਸੀਪਲ ਜਸਪਾਲ ਸਿੰਘ ਸਟੇਟ ਐਵਾਰਡੀ ਅਤੇ ਸਕੂਲ ਦੇ ਚੇਅਰਮੈਨ ਡਾ. ਰਾਜਦੀਪ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਤਗਮੇ ਅਤੇ ਓਵਰਆਲ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵੱਖ-ਵੱਖ ਕੋਚ, ਰੈਫਰੀ ਅਤੇ ਖੇਡ ਪ੍ਰਬੰਧਕ ਹਾਜ਼ਰ ਸਨ।