ਲੋਕ ਅਦਾਲਤਾਂ ’ਚ 26041 ਕੇਸਾਂ ਦਾ ਨਿਪਟਾਰਾ
ਲੋਕ ਅਦਾਲਤਾਂ ’ਚ 26041 ਕੇਸਾਂ ਦਾ ਨਿਪਟਾਰਾ
Publish Date: Sat, 14 Mar 2026 06:01 PM (IST)
Updated Date: Sun, 15 Mar 2026 04:10 AM (IST)

ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀਆਂ ਸੰਗਰੂਰ ਤੇ ਮਾਲੇਰਕੋਟਲਾ ਅਤੇ ਉਪ ਮੰਡਲ ਪੱਧਰ ਕਚਹਿਰੀਆਂ ਸੁਨਾਮ, ਮੂਨਕ ਤੇ ਧੂਰੀ ਵਿਖੇ ਨੈਸ਼ਨਲ ਲੋਕ ਅਦਾਲਤ ਲਾਈ ਗਈ। ਜ਼ਿਲ੍ਹਾ ਅਥਾਰਟੀ ਵੱਲੋਂ ਧਿਰਾਂ ਨੂੰ ਆਪਣੇ ਕੇਸਾਂ ਦੇ ਨਿਪਟਾਰੇ ਰਜ਼ਾਮੰਦੀ ਨਾਲ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਨਿਬੇੜਨ ਲਈ ਉਤਸ਼ਾਹਿਤ ਕੀਤਾ ਗਿਆ। ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਵਿੱਚ ਕੁੱਲ 25 ਲੋਕ ਅਦਾਲਤ ਦੇ ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀਆਂ ਅਤੇ ਮਾਲ ਅਧਿਕਾਰੀਆਂ ਵੱਲੋਂ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਸਕੱਤਰ ਦਲਜੀਤ ਕੌਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਸੰਗਰੂਰ ਤੇ ਮਾਲੇਰਕੋਟਲਾ ਵਿੱਚ ਬਣੇ ਸਮੂਹ ਬੈਂਚਾਂ ਦੁਆਰਾ ਕੁੱਲ 33725 ਕੇਸ ਨਿਪਟਾਰੇ ਲਈ ਵਿਚਾਰੇ ਗਏ ਜਿਨਾਂ ਵਿੱਚੋਂ 26041 ਕੇਸਾਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਅੱਜ ਦੀ ਇਸ ਕੌਮੀ ਲੋਕ ਅਦਾਲਤ ਦੌਰਾਨ ਕੁਝ ਕੇਸ ਜੋ ਕਿ ਲੰਬੇ ਸਮੇਂ ਤੋਂ ਅਦਾਲਤਾਂ ਵਿੱਚ ਲੰਬਿਤ ਸਨ ਵੀ ਆਪਸੀ ਰਜ਼ਾਮੰਦੀ ਰਾਹੀਂ ਨਿਬੇੜੇ ਗਏ। ਜਿੰਨਾਂ ਵਿੱਚੋਂ ਕੁਝ ਕੇਸਾਂ ਦੀ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਇੱਕ 2014 ਤੋਂ ਲੰਬਿਤ ਚੈੱਕ ਬਾਊਂਸ ਸਬੰਧੀ ਮੁਕੱਦਮਾਂ ਧਿਰਾਂ ਦੀ ਰਜ਼ਾਮੰਦੀ ਨਾਲ 2,00,000/- ਰੁਪਏ ਵਿੱਚ ਸਮਝੋਤੇ ਨਾਲ ਨਿਬੇੜਿਆ ਗਿਆ। ਇੱਕ 2020 ਤੋਂ ਲੰਬਿਤ ਦੀਵਾਨੀ ਮੁਕੱਦਮਾਂ ਧਿਰਾਂ ਦੀ ਰਜ਼ਾਮੰਦੀ ਨਾਲ ਅੱਜ ਦੀ ਇਸ ਲੋਕ ਅਦਾਲਤ ਵਿੱਚ ਨਿਬੇੜਿਆ ਗਿਆ। ਲੋਕ ਅਦਾਲਤ ਰਾਹੀਂ ਕੇਸ ਨਿਬੇੜਨ ਦੇ ਲਾਭ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ ਇਸ ਵਿੱਚ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬਚਤ ਹੁੰਦੀ ਹੈ। ਇਸ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ।