ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਮਨਾਈ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਮਨਾਈ
Publish Date: Fri, 03 Jul 2026 04:18 PM (IST)
Updated Date: Sat, 04 Jul 2026 04:03 AM (IST)
ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਮੈਡੀਕਲ ਤੇ ਡੈਂਟਲ ਕੈਂਪ ਲਾਇਆ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਪੰਜਾਬ ਦੇ ਸਾਬਕਾ ਮੰਤਰੀ ਸਵਰਗੀ ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ੁੱਕਰਵਾਰ ਨੂੰ ਗੁਰੂ ਨਾਨਕ ਦੇਵ ਡੈਂਟਲ ਕਾਲਜ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਅਰਦਾਸ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ ਅਤੇ ਲੋਕਾਂ ਦੀ ਸੇਵਾ ਲਈ ਮੁਫ਼ਤ ਡੈਂਟਲ ਅਤੇ ਮੈਡੀਕਲ ਕੈਂਪ ਵੀ ਲਾਇਆ। ਇਸ ਮੌਕੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸਵ. ਬਾਬੂ ਭਗਵਾਨ ਦਾਸ ਅਰੋੜਾ ਵੱਲੋਂ ਕੀਤੀ ਨਿਸ਼ਕਾਮ ਲੋਕ ਸੇਵਾ, ਸਾਦਗੀ, ਇਮਾਨਦਾਰੀ ਅਤੇ ਸਮਾਜ ਪ੍ਰਤੀ ਸਮਰਪਣ ਹੀ ਹੈ ਕਿ 26 ਸਾਲ ਬਾਅਦ ਵੀ ਲੋਕ ਉਨ੍ਹਾਂ ਨੂੰ ਉਸੇ ਸਤਿਕਾਰ ਨਾਲ ਯਾਦ ਕਰ ਰਹੇ ਹਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਨੁੱਖ ਦੀ ਅਸਲ ਪਹਿਚਾਣ ਉਸ ਦੇ ਕਰਮਾਂ ਨਾਲ ਹੁੰਦੀ ਹੈ ਅਤੇ ਸਵ. ਬਾਬੂ ਭਗਵਾਨ ਦਾਸ ਅਰੋੜਾ ਨੇ ਆਪਣਾ ਸਮੁੱਚਾ ਜੀਵਨ ਲੋਕ ਭਲਾਈ ਨੂੰ ਸਮਰਪਿਤ ਕੀਤਾ। ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਵ. ਬਾਬੂ ਭਗਵਾਨ ਦਾਸ ਅਰੋੜਾ ਸਿਰਫ਼ ਇੱਕ ਰਾਜਨੇਤਾ ਨਹੀਂ ਸਨ, ਸਗੋਂ ਆਪਣੇ ਆਪ ਵਿੱਚ ਇੱਕ ਸੰਸਥਾ ਸਨ, ਜਿਨ੍ਹਾਂ ਨੇ ਵਿਕਾਸ ਅਤੇ ਸਮਾਜ ਸੇਵਾ ਨੂੰ ਆਪਣੀ ਜ਼ਿੰਦਗੀ ਦਾ ਮਕਸਦ ਬਣਾਇਆ।ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਵ. ਬਾਬੂ ਭਗਵਾਨ ਦਾਸ ਅਰੋੜਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸਮਾਜ ਸੇਵਾ ਅਤੇ ਲੋਕ ਭਲਾਈ ਲਈ ਸਮਰਪਿਤ ਰਿਹਾ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਮਾਗਮ ਵਿੱਚ ਸ਼ਾਮਲ ਹੋਈਆਂ ਸਮੂਹ ਸ਼ਖ਼ਸੀਅਤਾਂ ਅਤੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਵੇਂ ਉਨ੍ਹਾਂ ਦੇ ਪਿਤਾ ਨੂੰ ਇਸ ਸੰਸਾਰ ਤੋਂ ਵਿਛੜਿਆਂ 26 ਸਾਲ ਹੋ ਗਏ ਹਨ, ਪਰ ਉਨ੍ਹਾਂ ਦੇ ਆਦਰਸ਼, ਵਿਚਾਰ ਅਤੇ ਅਸ਼ੀਰਵਾਦ ਅੱਜ ਵੀ ਪਰਿਵਾਰ ਦੀ ਪ੍ਰੇਰਣਾ ਹਨ। ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਕਿਹਾ ਕਿ ਸਵ. ਬਾਬੂ ਭਗਵਾਨ ਦਾਸ ਅਰੋੜਾ ਨਾਲ ਉਨ੍ਹਾਂ ਦਾ ਰਿਸ਼ਤਾ ਸਿਰਫ਼ ਰਾਜਨੀਤਿਕ ਨਹੀਂ, ਸਗੋਂ ਪਰਿਵਾਰਕ ਸੀ। ਉਨ੍ਹਾਂ ਕਿਹਾ ਕਿ ਸਵ. ਅਰੋੜਾ ਵੱਲੋਂ ਲੋਕ ਸੇਵਾ ਅਤੇ ਇਮਾਨਦਾਰੀ ਦੇ ਦਿੱਤੇ ਸੰਸਕਾਰਾਂ ਨੂੰ ਉਨ੍ਹਾਂ ਦੇ ਸਪੁੱਤਰ ਅਮਨ ਅਰੋੜਾ ਪੂਰੀ ਤਨਦੇਹੀ ਨਾਲ ਅੱਗੇ ਵਧਾ ਰਹੇ ਹਨ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਨਰਿੰਦਰ ਕੌਰ ਭਰਾਜ, ਦਵਿੰਦਰਜੀਤ ਸਿੰਘ ਲਾਡੀ ਢੋਸ, ਬਲਕਾਰ ਸਿੰਘ ਸਿੱਧੂ, ਕੁਲਵੰਤ ਸਿੰਘ ਪੰਡੋਰੀ, ਚੇਤਨ ਸਿੰਘ ਜੌੜਾਮਾਜਰਾ, ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਗੁਰਮੇਲ ਸਿੰਘ ਮੌਜੂਦ ਸਨ।