- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੱਸੋਵਾਲ ਦੇ 286 ਪਰਿਵਾਰਾਂ ਨੂੰ ਮਿਲੇ ਘਰਾਂ ਦੇ ਮਾਲਕੀ ਹੱਕ ਸਰਟੀਫਿਕੇਟ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਜੱਸੋਵਾਲ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 286 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਸਰਟੀਫਿਕੇਟ ਵੰਡੇ। ਇਸ ਮੌਕੇ ਉਨ੍ਹਾਂ ਲਾਭਪਾਤਰੀ ਪਰਿਵਾਰਾਂ ਨੂੰ ਆਪਣੇ ਘਰਾਂ ਦੀ ਮਾਲਕੀ ਮਿਲਣ ’ਤੇ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਉਨ੍ਹਾਂ ਲਈ ਖੁਸ਼ੀ ਤੇ ਮਾਣ ਵਾਲੀ ਗੱਲ ਹੈ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਤੇ ਉਨ੍ਹਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਤਹਿਤ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਮੁੱਖ ਮੰਤਰੀ ਸਿਹਤ ਯੋਜਨਾ, ਰਾਸ਼ਨ ਕਿੱਟਾਂ ਦੀ ਸਹੂਲਤ ਅਤੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੀ ਉਸਾਰੀ ਵਰਗੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਵਪਾਰੀਆਂ, ਮੁਲਾਜ਼ਮਾਂ ਅਤੇ ਉਦਯੋਗਿਕ ਖੇਤਰ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖ ਕੇ ਕੰਮ ਕਰਨ ਲਈ ਵਚਨਬੱਧ ਹੈ। ਸੂਬੇ ਵਿਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਨਵੇਂ ਉਦਯੋਗ ਸਥਾਪਤ ਕਰਨ ਰਾਹੀਂ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਘਰ ਦੀ ਮਾਲਕੀ ਮਿਲਣ ਨਾਲ ਪਰਿਵਾਰਾਂ ਨੂੰ ਆਪਣੇ ਹੱਕਾਂ ਦੀ ਮਾਨਤਾ ਅਤੇ ਸੁਰੱਖਿਆ ਦਾ ਅਹਿਸਾਸ ਹੁੰਦਾ ਹੈ। ਮਾਲਕੀ ਹੱਕ ਸਰਟੀਫਿਕੇਟ ਮਿਲਣ ਨਾਲ ਲਾਭਪਾਤਰੀਆਂ ਨੂੰ ਆਪਣੇ ਘਰਾਂ ਸਬੰਧੀ ਕਾਨੂੰਨੀ ਮਾਨਤਾ ਪ੍ਰਾਪਤ ਹੋਵੇਗੀ। ਇਸ ਮੌਕੇ ਪਿੰਡ ਵਾਸੀਆਂ ਤੇ ਲਾਭਪਾਤਰੀ ਪਰਿਵਾਰਾਂ ਵਿੱਚ ਖੁਸ਼ੀ ਦਾ ਮਾਹੌਲ ਰਿਹਾ।