- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਦੇ ਹਲਕਾ ਇੰਚਾਰਜ ਬਿੱਟੂ ਚੱਠਾ ਖਿਲਾਫ ਪਰਚਾ ਦਰਜ

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਨਗਰ ਨਿਗਮ ਚੋਣ ਪ੍ਰਕਿਰਿਆ ’ਚ ਸਿੱਧੇ ਤੌਰ 'ਤੇ ਸ਼ਾਮਲ ਇਕ ਮੰਤਰੀ ਤੇ ਸਰਕਾਰੀ ਅਧਿਕਾਰੀਆਂ ਨੂੰ ਜਨਤਕ ਤੌਰ 'ਤੇ ਧਮਕੀਆਂ ਦੇਣ ਦੇ ਦੋਸ਼ ਹੇਠ ਪਟਿਆਲਾ ਪੁਲਿਸ ਨੇ ਅਕਾਲੀ ਦਲ ਹਲਕਾ ਦਿਹਾਤੀ ਇੰਚਾਰਜ ਬਿੱਟੂ ਚੱਠਾ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਇਹ ਕਾਰਵਾਈ ਰਾਜ ਚੋਣ ਕਮਿਸ਼ਨ, ਪੰਜਾਬ ਦੇ ਸਕੱਤਰ ਵੱਲੋਂ ਭੇਜੇ ਗਏ ਪੱਤਰ ਤੇ ਇਕ ਵੀਡੀਓ ਕਲਿੱਪ ਦੇ ਆਧਾਰ 'ਤੇ ਥਾਣਾ ਸਿਵਲ ਲਾਈਨ ਵਿਖੇ ਅਮਲ ਵਿਚ ਲਿਆਂਦੀ ਗਈ ਹੈ। ਪੁਲਿਸ ਵੱਲੋਂ ਦਰਜ ਕੀਤੀ ਗਈ ਐਫਆਈਆਰ ਅਨੁਸਾਰ, ਰਾਜ ਚੋਣ ਕਮਿਸ਼ਨ ਪੰਜਾਬ ਨੂੰ ਇਕ ਵੀਡੀਓ ਕਲਿੱਪ ਪ੍ਰਾਪਤ ਹੋਈ ਸੀ, ਜਿਸ ਵਿਚ ਬਿੱਟੂ ਚੱਠਾ ਮੀਡੀਆ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਅਤੇ ਸਰਕਾਰੀ ਅਧਿਕਾਰੀਆਂ ਨੂੰ ਸਿੱਧੇ ਤੌਰ 'ਤੇ ਧਮਕੀਆਂ ਦਿੰਦੇ ਦਿਖਾਈ ਦੇ ਰਹੇ ਹਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਰਾਜ ਚੋਣ ਕਮਿਸ਼ਨ ਦੇ ਸਕੱਤਰ ਨੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਪਟਿਆਲਾ ਤੇ ਐੱਸਐੱਸਪੀ ਪਟਿਆਲਾ ਨੂੰ ਪੱਤਰ ਲਿਖ ਕੇ ਵੀਡੀਓ ਦੀ ਸੱਚਾਈ ਦੀ ਜਾਂਚ ਕਰਨ ਤੇ ਨਿਰਪੱਖ ਚੋਣਾਂ ਦੇ ਮੱਦੇਨਜ਼ਰ ਤੁਰੰਤ ਬਣਦੀ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ। ਉੱਚ ਅਧਿਕਾਰੀਆਂ ਦੀਆਂ ਹਦਾਇਤਾਂ 'ਤੇ ਥਾਣਾ ਸਿਵਲ ਲਾਈਨ ਪਟਿਆਲਾ ਦੀ ਪੁਲਿਸ ਨੇ ਵੀਡੀਓ ਅਤੇ ਪੱਤਰ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਮੁਲਜ਼ਮ ਬਿੱਟੂ ਚੱਠਾ ਖ਼ਿਲਾਫ਼ ਖਿਲਾਫ ਮਾਮਲਾ ਦਰਜ ਕਰ ਲਿਆ ਹੈ।