ਭੁਪਿੰਦਰਜੀਤ ਮੌਲਵੀਵਾਲਾ, ਪਾਤੜਾਂ : ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਚੱਲ ਰਹੇ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਦੌਰਾਨ 'ਦਿੱਲੀ ਚੱਲੋ' ਸੱਦੇ ਲਈ ਕਿਸਾਨਾਂ ਨੂੰ ਲਾਮਬੰਦ ਕਰਨ ਵਾਸਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਪਿੰਡਾਂ ਵਿੱਚ ਕੱਢੇ ਜਾ ਰਹੇ ਮੋਟਰਸਾਈਕਲ 'ਤੇ ਮਾਰਚ ਵਿਚ ਸ਼ਾਮਲ ਹੋਣ ਜਾ ਰਹੇ ਕਿਸਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਜਿਸ ਮਗਰੋਂ ਕਿਸਾਨ ਜਥੇਬੰਦੀਆਂ ਵੱਲੋਂ ਮੋਟਰਸਾਈਕਲ ਮਾਰਚ ਰੱਦ ਕਰ ਦਿੱਤਾ ਗਿਆ। ਦੂਜੇ ਪਾਸੇ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਮ੍ਰਿਤਕ ਕਿਸਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਭੇਜ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਕੁੱਲ ਹਿੰਦ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ 'ਤੇ ਪਿੰਡ ਗੋਬਿੰਦਪੁਰਾ ਦੇ ਨਜ਼ਦੀਕ ਟੋਲ ਪਲਾਜ਼ੇ ਉੱਤੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਇਸੇ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਚੱਲੋ ਦੇ ਸੱਦੇ ਤਹਿਤ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਪਿੰਡਾਂ ਵਿਚ ਮੋਟਰਸਾਈਕਲ ਮਾਰਚ ਕੱਢਿਆ ਜਾਣਾ ਸੀ। ਮਾਰਚ ਵਿੱਚ ਸ਼ਾਮਲ ਹੋਣ ਲਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼ੁਤਰਾਣਾ ਅੱਡਾ ਦੇ ਕਿਸਾਨ ਹਜੂਰਾ ਸਿੰਘ (68 ਸਾਲ) ਆਪਣੇ ਸਾਥੀ ਜਲੰਧਰ ਸਿੰਘ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਧੂਹੜ ਜਾ ਰਿਹਾ ਸੀ ਕਿ ਪਾਤੜਾਂ ਸ਼ਹਿਰ ਵਿੱਚ ਪੰਜਾਬ ਐਂਡ ਸਿੰਧ ਬੈਂਕ ਦੇ ਨਜ਼ਦੀਕ ਮੋਟਰਸਾਈਕਲ ਅਤੇ ਟਰੱਕ ਦੀ ਟੱਕਰ ਹੋ ਗਈ, ਜਿਸ ਵਿਚ ਹਜੂਰਾ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜਿਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਡਾਕਟਰਾਂ ਵੱਲੋਂ ਪਟਿਆਲਾ ਰੈਫਰ ਕਰ ਦਿੱਤਾ, ਜਿਸ ਦੀ ਰਸਤੇ 'ਚ ਮੌਤ ਹੋ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਕਿਸਾਨ ਜਥੇਬੰਦੀਆਂ ਵੱਲੋਂ ਤਰੁੰਤ ਮੋਟਰਸਾਈਕਲ ਮਾਰਚ ਰੱਦ ਕਰਕੇ ਪਿੰਡਾਂ ਵਿੱਚ ਦਿੱਲੀ ਚਲੋ ਦੀ ਅਨਾਊਂਸਮੈਂਟ ਕੀਤੀ ਜਾ ਰਹੀ ਹੈ।

Posted By: Amita Verma