ਕਿਸਾਨਾਂ ਨੇ ਲੌਂਗੋਵਾਲ ਥਾਣੇ ਮੂਹਰੇ ਦਿੱਤਾ ਧਰਨਾ
ਕਿਸਾਨਾਂ ਨੇ ਲੌਂਗੋਵਾਲ ਥਾਣੇ ਮੂਹਰੇ ਦਿੱਤਾ ਧਰਨਾ
Publish Date: Fri, 13 Feb 2026 03:22 PM (IST)
Updated Date: Sat, 14 Feb 2026 04:00 AM (IST)

ਪੁਲਿਸ ’ਤੇ ਕਿਸਾਨਾਂ ਨਾਲ ਦੁਰਵਿਵਹਾਰ ਦੇ ਲਾਏ ਇਲਜ਼ਾਮ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਚਾਉਕੇ ਆਦਰਸ਼ ਸਕੂਲ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਕਿਸਾਨ ਆਗੂਆਂ ਦੀ ਰਿਹਾਈ ਨੂੰ ਲੈ ਕੇ ਬਠਿੰਡਾ ਜਾ ਰਹੇ ਕਿਸਾਨਾਂ ਉੱਪਰ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਤੇ ਹਿਰਾਸਤ ’ਚ ਲਏ ਕਿਸਾਨਾਂ ਤੇ ਥਾਣਿਆਂ ਵਿਚ ਦੁਰਵਿਵਹਾਰ ਕਰਨ ਦੇ ਰੋਸ ਵਜੋਂ ਸ਼ੁੱਕਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੈਂਕੜੇ ਕਾਰਕੁਨਾਂ ਨੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਲੋਂਗੋਵਾਲ ਥਾਣੇ ਮੂਹਰੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਨੇ ਕਿਹਾ ਕਿ ਪੁਲਿਸ ਨੇ ਕਿਸਾਨਾਂ ਉੱਪਰ ਵਹਿਸ਼ੀਆਨਾ ਢੰਗ ਨਾਲ ਲਾਠੀਚਾਰਜ ਕਰਦਿਆਂ ਬਜ਼ੁਰਗਾਂ ਤੇ ਬੱਚਿਆਂ ਨੂੰ ਵੀ ਨਹੀਂ ਬਖਸ਼ਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਆਖਿਆ ਕਿ ਛੇ ਫ਼ਰਵਰੀ ਨੂੰ ਕਿਸਾਨਾਂ ਦੇ ਕਾਫਲੇ ਕਿਸਾਨ ਆਗੂਆਂ ਬਲਦੇਵ ਸਿੰਘ ਚਾਉਕੇ ਤੇ ਸ਼ਗਨਦੀਪ ਸਿੰਘ ਦੀ ਰਿਹਾਈ ਲਈ ਬਠਿੰਡਾ ਜਾ ਰਹੇ ਸਨ ਤਾਂ ਇਸ ਦੌਰਾਨ ਪੁਲਿਸ ਨੇ ਅਮਰੂ ਕੋਟੜਾ ਤੇ ਮਹਿਲਾ ਚੌਕ ਵਿਖੇ ਵਹਿਸ਼ੀਆਨਾ ਢੰਗ ਨਾਲ ਲਾਠੀਚਾਰਜ ਕੀਤਾ। ਇੱਥੋਂ ਤੱਕ ਕਿ ਬਜ਼ੁਰਗਾਂ ਤੇ ਬੱਚਿਆਂ ਨੂੰ ਵੀ ਨਹੀਂ ਬਖਸ਼ਿਆ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਪੁਲਿਸ ਨੇ ਹਿਰਾਸਤ ਵਿਚ ਲਏ ਕਿਸਾਨਾਂ ਨੂੰ ਥਾਣਿਆਂ ਵਿਚ ਵੀ ਨਹੀਂ ਬਖਸ਼ਿਆ। ਉਨ੍ਹਾਂ ਪੁਲਿਸ ਤੇ ਲੌਂਗੋਵਾਲ ਤੇ ਧਰਮਗੜ੍ਹ ਥਾਣਿਆਂ ਵਿਚ ਕਿਸਾਨਾਂ ਨਾਲ ਦੁਰਵਿਵਹਾਰ ਕਰਨ ਦੇ ਇਲਜ਼ਾਮ ਵੀ ਲਾਏ। ਬੁਲਾਰਿਆਂ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਨੂੰ ਇਨਸਾਫ਼ ਮਿਲਣ ਤਕ ਪੁਲਿਸ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਆਖਿਆ ਕਿ ਸੰਘਰਸ਼ ਕਰਦੇ ਲੋਕਾਂ ਨੂੰ ਕਦੇ ਵੀ ਕੁੱਟ ਕੇ ਦਬਾਇਆ ਨਹੀਂ ਜਾ ਸਕਦਾ। ਇਸ ਮੌਕੇ ਮਨਜੀਤ ਸਿੰਘ ਘਰਾਚੋਂ, ਅਮਨਦੀਪ ਸਿੰਘ ਮਹਿਲਾਂ, ਬਹਾਦਰ ਸਿੰਘ ਭੁਟਾਲ, ਰਿੰਕੂ ਮੂਣਕ, ਹਰਬੰਸ ਸਿੰਘ ਲੱਡਾ, ਸੁਖਪਾਲ ਸਿੰਘ ਮਾਣਕ, ਹਰਜੀਤ ਸਿੰਘ ਮਹਿਲਾਂ, ਜਗਤਾਰ ਸਿੰਘ ਲੱਡੀ, ਰਣਦੀਪ ਕੌਰ ਰਟੋਲਾਂ, ਮਨਜੀਤ ਕੌਰ ਤੋਲਾਵਾਲ, ਜਸਵਿੰਦਰ ਕੌਰ ਮਹਿਲਾਂ ਚੌਂਕ, ਭੁਪਿੰਦਰ ਸਿੰਘ ਲੌਂਗੋਵਾਲ, ਦਰਸ਼ਨ ਸਿੰਘ ਕੁੰਦਰਾ, ਕਰਮਜੀਤ ਸਿੰਘ ਸੰਤਪੁਰਾ, ਸਤਿਨਾਮ ਸਿੰਘ ਕਿਲਾ ਭਰੀਆਂ, ਦਰਬਾਰਾ ਸਿੰਘ, ਬਲਜਿੰਦਰ ਸਿੰਘ, ਕਰਨੈਲ ਸਿੰਘ ਹਾਜ਼ਰ ਸਨ।