- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੰਦੀ ਛੋੜ ਦਿਵਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਗੁਰੂ ਘਰ ਨਤਮਸਤਕ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਨੌਵੇਂ ਪਾਤਸ਼ਾਹ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਗੁਰਮਤਿ ਸਮਾਗਮ ਦੌਰਾਨ ਪਾਏ ਗਏ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਸਿੱਖ ਇਤਿਹਾਸ ਅੰਦਰ ਬੰਦੀ ਛੋੜ ਦਿਵਸ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ ਗਿਆ। ਤੜਕਸਵੇਰੇ ਕਵਾੜ੍ਹ ਖੁੱਲ੍ਹਣ ਮਗਰੋਂ ਗੁਰੂ ਸਾਹਿਬ ਦੇ ਦਰਬਾਰ ਵਿਖੇ ਸੰਗਤ ਵੱਡੀ ਗਿਣਤੀ ਵਿਚ ਨਤਮਸਕ ਹੋਈ। ਬੰਦੀ ਛੋੜ ਦਿਵਸ ਮੌਕੇ ਸੰਗਤਾਂ ਨੇ ਪਵਿੱਤਰ ਸਰੋਵਰ ਦੇ ਆਲੇ ਦੁਆਲੇ ਮੋਮਬੱਤੀਆਂ ਜਗਾਕੇ ਜਿਥੇ ਗੁਰੂ ਸਾਹਿਬ ਪ੍ਰਤੀ ਆਪਣਾ ਆਸਥਾ ਦਾ ਪ੍ਰਗਟਾਵਾ ਕੀਤਾ ਗਿਆ, ਉਥੇ ਹੀ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ਦੀਪਮਾਲਾ ਵੀ ਸੰਗਤਾਂ ਵਿਚ ਖਿੱਚ ਦਾ ਕੇਂਦਰ ਬਣੀ ਰਹੀ। ਗੁਰੂ ਘਰ ਵਿਚ ਪੁੱਜੀ ਸੰਗਤਾਂ ਨੇ ਦੇਰ ਰਾਤ ਤੱਕ ਆਤਿਸ਼ਬਾਜ਼ੀ ਕਰਕੇ ਆਪਣਾ ਗੁਰੂ ਪ੍ਰਤੀ ਆਸਥਾ ਦਾ ਪ੍ਰਗਟਾਵਾ ਕੀਤਾ। ਸੰਗਤਾਂ ਨੇ ਪੰਗਤ ਅਤੇ ਸੰਗਤ ਕਰਦਿਆਂ ਦੀਵਾਨ ਹਾਲ ਵਿਖੇ ਸੰਗਤਾਂ ਨੇ ਖੁਦ ਨੂੰ ਨਾਮ ਸਿਮਰਨ ਨਾਲ ਜੋੜਨ ਦਾ ਉਪਰਾਲਾ ਕੀਤਾ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ। ਪ੍ਰੋ. ਬਡੂੰਗਰ ਨੇ ਬੰਦੀ ਛੋੜ ਦਿਵਸ ’ਤੇ ਵੱਖ ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੱਖਾਂ ਨੂੰ ਰਿਹਾਅ ਨਾ ਕੀਤੇ ਜਾਣ ’ਤੇ ਚਿੰਤਾ ਵੀ ਪ੍ਰਗਟ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਭੇਂਟ ਕੀਤਾ ਅਤੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਮਨਜੀਤ ਸਿੰਘ, ਨਵਜਿੰਦਰ ਸਿੰਘ, ਅਕਾਊਟੈਟ ਗੁਰਮੀਤ ਸਿੰਘ, ਰਿਕਾਰਡ ਕੀਪਰ ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜ਼ੂਰ ਸਿੰਘ, ਭਾਈ ਸੁਖਦੇਵ ਸਿੰਘ ਕਾਹਲਵਾਂ ਸਮੇਤ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਵੀ ਪੁੱਜੇ ਸਨ।