ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਨੂੰ ਹੋਵੇਗਾ 500 ਡਰੋਨਾਂ ਦਾ ਸ਼ੋਅ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਨੂੰ ਹੋਵੇਗਾ 500 ਡਰੋਨਾਂ ਦਾ ਸ਼ੋਅ
Publish Date: Fri, 04 Sep 2026 03:36 PM (IST)
Updated Date: Sat, 05 Sep 2026 04:01 AM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ ਛ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਭਰ ਵਿੱਚ ਵੱਖ-ਵੱਖ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਵੀ 8 ਸਤੰਬਰ ਨੂੰ ਅਨਾਜ ਮੰਡੀ ਦਿੜ੍ਹਬਾ ਵਿਖੇ 500 ਡਰੋਨਾਂ ਦਾ ਵਿਸ਼ੇਸ਼ ਸ਼ੋਅ ਸ਼ਾਮ 6 ਵਜੇ ਤੋਂ ਰਾਤ 8 ਵਜੇ ਤੱਕ ਕਰਵਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਡਰੋਨ ਸ਼ੋਅ ਲੋਕਾਂ ਲਈ ਖਿੱਚ ਦਾ ਕੇਂਦਰ ਹੋਵੇਗਾ। ਲਗਭਗ 500 ਡਰੋਨ ਇਕੋ ਸਮੇਂ ਅਸਮਾਨ ਵਿੱਚ ਉੱਡ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਮਹਾਨ ਸਿੱਖਿਆਵਾਂ ਨੂੰ ਦਰਸਾਉਂਦੀ ਵਿਲੱਖਣ ਪੇਸ਼ਕਾਰੀ ਦੇਣਗੇ। ਉਨ੍ਹਾਂ ਕਿਹਾ ਕਿ ਇਸ ਡਰੋਨ ਸ਼ੋਅ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਤੇ ਸਮਾਜ ਨੂੰ ਦਿੱਤੇ ਮਹਾਨ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਇਸ ਵਿਲੱਖਣ ਤੇ ਯਾਦਗਾਰ ਡਰੋਨ ਸ਼ੋਅ ਵਿੱਚ ਸ਼ਾਮਲ ਹੋਣ। ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਰੋਨ ਸ਼ੋਅ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਸੁਰੱਖਿਆ ਪ੍ਰਬੰਧਾਂ, ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ, ਪਾਰਕਿੰਗ, ਬਿਜਲੀ ਦੀ ਨਿਰਵਿਘਨ ਸਪਲਾਈ, ਪੀਣ ਵਾਲੇ ਸਾਫ਼ ਪਾਣੀ, ਸਾਫ਼-ਸਫ਼ਾਈ, ਬੈਠਣ ਦੀ ਵਿਵਸਥਾ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ, ਤਾਂ ਜੋ ਹਰ ਕੋਈ ਇਸ ਵਿਸ਼ੇਸ਼ ਡਰੋਨ ਸ਼ੋਅ ਦਾ ਆਨੰਦ ਮਾਣ ਸਕੇ ਅਤੇ ਸਮਾਗਮ ਸੁਚੱਜੇ ਢੰਗ ਨਾਲ ਸੰਪੰਨ ਹੋਵੇ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਵਿਸ਼ੇਸ਼ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।