- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ’ ਸਰਕਾਰ ਪੰਜਾਬ ਦਾ ਖਜ਼ਾਨਾ ਲੁਟਾ ਰਹੀ: ਜੌੜਾਮਾਜਰਾ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਕਾਂਗਰਸ ਕਿਸਾਨ ਸੈੱਲ ਦੇ ਸੰਯੋਜਕ ਤੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਪਾਰਟੀ ਟਿਕਟ ਦੇ ਦਾਅਵੇਦਾਰ ਰਛਪਾਲ ਸਿੰਘ ਜੌੜਾਮਾਜਰਾ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਪੰਜਾਬ ਦੇ ਖ਼ਜ਼ਾਨੇ ਦੀ ਕਥਿਤ ਦੁਰਵਰਤੋਂ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਦੂਜੇ ਰਾਜਾਂ ਨਾਲ ਸਬੰਧਤ ਸਲਾਹਕਾਰਾਂ, ਕੰਪਨੀਆਂ ਤੇ ਏਜੰਸੀਆਂ ਨੂੰ ਕੰਮ ਦੇ ਕੇ ਪੰਜਾਬ ਦਾ ਪੈਸਾ ਬਾਹਰ ਭੇਜਿਆ ਜਾ ਰਿਹਾ ਹੈ। ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਲਈ ਬੱਸ ਸੇਵਾ ਵੀ ਹੋਰ ਰਾਜ ਨਾਲ ਸਬੰਧਤ ਕੰਪਨੀ ਤੋਂ ਲਈ ਗਈ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਗਏ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਦੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਦਿੱਲੀ ਦੀ ਕੰਪਨੀ ਨੂੰ ਦਿੱਤੀ ਗਈ। ਇਸ ਤੋਂ ਇਲਾਵਾ ‘ਆਪ’ ਦੀਆਂ ਰੈਲੀਆਂ ਅਤੇ ਹੋਰ ਵੱਡੇ ਸਮਾਗਮਾਂ ਦੇ ਪ੍ਰਬੰਧਾਂ ਵਿੱਚ ਵੀ ਪੰਜਾਬ ਤੋਂ ਬਾਹਰ ਦੀਆਂ ਏਜੰਸੀਆਂ ਨੂੰ ਕੰਮ ਦਿੱਤੇ ਜਾਣ ਦਾ ਉਨ੍ਹਾਂ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰੋਤਾਂ ਅਤੇ ਪੈਸੇ ਦੀ ਵਰਤੋਂ ਸੂਬੇ ਦੇ ਲੋਕਾਂ ਦੇ ਹਿੱਤਾਂ ਲਈ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਨ੍ਹਾਂ ਖਰਚਿਆਂ ਸਬੰਧੀ ਜਨਤਾ ਨੂੰ ਸਪੱਸ਼ਟ ਹਿਸਾਬ ਦੇਵੇ। ਜੌੜਾਮਾਜਰਾ ਨੇ ਇਹ ਵੀ ਦੋਸ਼ ਲਾਇਆ ਕਿ ਹੋਰ ਰਾਜਾਂ ਦੇ ਲੋਕਾਂ ਨੂੰ ਸਲਾਹਕਾਰ ਵਜੋਂ ਨਿਯੁਕਤ ਕਰਕੇ ਪੰਜਾਬ ’ਤੇ ਵਾਧੂ ਵਿੱਤੀ ਬੋਝ ਪਾਇਆ ਗਿਆ ਹੈ।