ਸਰਕਾਰ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਨੂੰ ਬਣਾਇਆ ਜਾ ਰਿਹੈ ਨਿਸ਼ਾਨਾ : ਛੜਬੜ ਆਪ ਸਰਕਾਰ ਵੱਲੋਂ ਸਿਆਸੀ ਵਿਰੋਧੀ ਅਤੇ ਆਵਾਜ਼ ਚੁੱਕਣ ਵਾਲਿਆਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ- ਜਗਜੀਤ ਛੜਬੜ
Publish Date: Mon, 07 Sep 2026 05:41 PM (IST)
Updated Date: Mon, 07 Sep 2026 05:43 PM (IST)
ਫੋਟੋ 7ਪੀਟੀਐਲ: 19: ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਪੰਜਾਬ ਵਿਚ ਦਿਨੋਂ-ਦਿਨ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਸਿਆਸੀ ਬਦਲੇ ਦੀ ਭਾਵਨਾ ਤਹਿਤ ਵਧ ਰਹੇ ਤਸ਼ੱਦਦ ਨੇ ਮੁੜ ਤੋਂ ਗੰਭੀਰ ਰੂਪ ਧਾਰ ਲਿਆ ਹੈ। ਮੋਹਨਜੀਤ ਸਿੰਘ ਸ਼ੇਰੋ ਨਾਲ ਵਾਪਰੀ ਕੁੱਟਮਾਰ ਦੀ ਘਟਨਾ ਨੇ ਸੂਬੇ ਦੇ ਸਿਆਸੀ ਤੇ ਸਮਾਜਿਕ ਹਲਕਿਆਂ ਵਿਚ ਤਰਥੱਲੀ ਮਚਾ ਦਿੱਤੀ ਹੈ। ਇਸ ਘਟਨਾ ਨੂੰ ਲੈ ਕੇ ਸਖ਼ਤ ਪ੍ਰਤੀਕਿਰਿਆ ਦਿੰਦੀਆ ਬਸਪਾ ਪੰਜਾਬ ਦੇ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਪੰਜਾਬ ਸਰਕਾਰ ਤੇ ਸੂਬਾ ਪੁਲਿਸ ਦੀ ਕਾਰਜਪ੍ਰਣਾਲੀ ਤੇ ਗੰਭੀਰ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਹਨ। ਉਨ੍ਹਾਂ ਇਸ ਘਟਨਾ ਨੂੰ ਜੰਗਲ ਰਾਜ ਦਾ ਪ੍ਰਤੀਕ ਕਰਾਰ ਦਿੱਤਾ ਹੈ। ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਜਗਜੀਤ ਛੜਬੜ ਨੇ ਆਖਿਆ ਕਿ ਮੋਹਨਜੀਤ ਸਿੰਘ ਸ਼ੇਰੋ ਤੇ ਕੀਤਾ ਗਿਆ ਹਮਲਾ ਮਹਿਜ਼ ਇਕ ਵਿਅਕਤੀ ਦੀ ਮਾੜੀ ਕੁੱਟਮਾਰ ਨਹੀਂ, ਸਗੋਂ ਲੋਕਤੰਤਰ ਤੇ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਆਪ ਸਰਕਾਰ ਦੇ ਕਾਰਜਕਾਲ ’ਚ ਵਿਰੋਧੀ ਆਗੂਆਂ ਅਤੇ ਆਵਾਜ਼ ਚੁੱਕਣ ਵਾਲੇ ਨਾਗਰਿਕਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸੂਬੇ ਵਿਚ ਕਾਨੂੰਨ ਦਾ ਰਾਜ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ ਅਤੇ ਪੁਲਿਸ ਸੱਤਾਧਾਰੀ ਧਿਰ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੀ ਹੈ। ਜਗਜੀਤ ਛੜਬੜ ਨੇ ਪੁਲਿਸ ਪ੍ਰਸ਼ਾਸਨ ਦੀ ਭੂਮਿਕਾ ਨੂੰ ਕਟਿਹਰੇ ਵਿਚ ਖੜ੍ਹਿਆ ਕਰਦਿਆਂ ਕਿਹਾ ਕਿ ਘਟਨਾ ਦੇ ਘੰਟੇ ਬੀਤ ਜਾਣ ਦੇ ਬਾਵਜੂਦ ਮੁੱਖ ਦੋਸ਼ੀਆਂ ਦਾ ਖੁੱਲ੍ਹੇਆਮ ਘੁੰਮਣਾ ਇਸ ਗੱਲ ਦਾ ਸਬੂਤ ਹੈ ਕਿ ਉਨ੍ਹਾਂ ਨੂੰ ਸਿਆਸੀ ਸਰਪ੍ਰਸਤੀ ਹਾਸਲ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਤੁਰੰਤ ਨਿਰਪੱਖ ਕਾਰਵਾਈ ਕਰਦਿਆਂ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਪੀੜਤ ਪਰਿਵਾਰ ਅਤੇ ਇਨਸਾਫ਼ਪਸੰਦ ਲੋਕ ਸੜਕਾਂ ਤੇ ਉਤਰਨ ਲਈ ਮਜ਼ਬੂਰ ਹੋਣਗੇ ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।