- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚਿਹਰੇ ਬਦਲ ਕੇ ਪੰਜਾਬ ਨੂੰ ਦੁਬਾਰਾ ਲੁੱਟਣਾ ਚਾਹੁੰਦੀ ਹੈ ‘ਆਪ’ ਪਾਰਟੀ : ਅਮਰਜੀਤ ਘੱਗਾ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਹਲਕਾ ਸੁਤਰਾਣਾ ਦੀ ਸਿਆਸਤ ’ਚ ਆਮ ਆਦਮੀ ਪਾਰਟੀ ਵੱਲੋਂ ਮੌਜੂਦਾ ਵਿਧਾਇਕ ਦੀ ਟਿਕਟ ਕੱਟ ਕੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਹਾਰੇ ਉਮੀਦਵਾਰ ਨੂੰ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪਣ ਤੋਂ ਬਾਅਦ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਫੈਸਲੇ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਕਾਂਗਰਸ ਕਮੇਟੀ (ਦਿਹਾਤੀ), ਪਟਿਆਲਾ ਦੇ ਮੀਤ ਪ੍ਰਧਾਨ ਅਮਰਜੀਤ ਸਿੰਘ ਘੱਗਾ ਨੇ ਆਮ ਆਦਮੀ ਪਾਰਟੀ ਦੀ ਸਖ਼ਤ ਆਲੋਚਨਾ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਘੱਗਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ਼ ਚਿਹਰੇ ਬਦਲ ਕੇ ਪੰਜਾਬ ਦੇ ਲੋਕਾਂ ਨੂੰ ਮੁੜ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਸਰਕਾਰੀ ਖ਼ਜ਼ਾਨੇ ਦੀ ਕਥਿਤ ਦੁਰਵਰਤੋਂ ਅਤੇ ਹੋਰਨਾਂ ਸੂਬਿਆਂ ’ਚ ਪਾਰਟੀ ਦੇ ਪ੍ਰਚਾਰ ਲਈ ਸਰਕਾਰੀ ਮਸ਼ੀਨਰੀ ਦੀ ਵਰਤੋਂ ਸਬੰਧੀ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ ’ਤੇ ਕਾਬੂ ਪਾਉਣ ਤੇ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਵਿਚ ਅਸਫਲ ਰਹੀ ਹੈ। ਸੂਬੇ ਵਿੱਚ ਵਧ ਰਹੀਆਂ ਅਪਰਾਧਿਕ ਘਟਨਾਵਾਂ, ਕਤਲਾਂ ਅਤੇ ਨਸ਼ਿਆਂ ਦੀ ਸਮੱਸਿਆ ਕਾਰਨ ਲੋਕਾਂ ਵਿਚ ਰੋਸ ਹੈ। ਉਨ੍ਹਾਂ ਕਿਹਾ ਕਿ ਨੌਜਵਾਨ, ਕਿਸਾਨ ਅਤੇ ਵਪਾਰੀ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ ਅਤੇ ਕਾਂਗਰਸ ਨਾਲ ਜੁੜ ਰਹੇ ਹਨ। ਘੱਗਾ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਪਿੰਡ-ਪਿੰਡ ਕਾਂਗਰਸ ਦੀ ਲਹਿਰ ਮਜ਼ਬੂਤ ਹੋਵੇਗੀ ਅਤੇ ਪੰਜਾਬ ਦੇ ਲੋਕ ਆਗਾਮੀ ਵਿਧਾਨ ਸਭਾ ਚੋਣਾਂ ’ਚ ‘ਆਪ’ ਨੂੰ ਸੱਤਾ ਤੋਂ ਲਾਂਭੇ ਕਰਕੇ ਕਾਂਗਰਸ ਨੂੰ ਬਹੁਮਤ ਨਾਲ ਜਿਤਾਉਣਗੇ।