- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਏ.ਬੀ.ਵੀ.ਪੀ. ਦੀ ਜਿੱਤ ਨੌਜਵਾਨਾਂ ਦੀ ਬਦਲਦੀ ਸੋਚ ਦਾ ਸੰਦੇਸ਼: ਚਰਨਜੀਤ ਬਰਾੜ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀਆਂ ਵਿਦਿਆਰਥੀ ਚੋਣਾਂ ਵਿਚ ਏਬੀਵੀਪੀ ਦੇ ਪ੍ਰਧਾਨ ਅੰਕਿਤ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੀ ਸ਼ਾਨਦਾਰ ਜਿੱਤ ਸਿਰਫ਼ ਯੂਨੀਵਰਸਿਟੀ ਦੀ ਚੋਣ ਜਿੱਤਣਾ ਨਹੀਂ, ਬਲਕਿ ਪੰਜਾਬ ਦੇ ਨੌਜਵਾਨਾਂ ਦੀ ਬਦਲਦੀ ਸੋਚ ਤੇ ਜੈਨ ਦੀ ਨਵੀਂ ਰਾਜਨੀਤਿਕ ਦਿਸ਼ਾ ਵੱਲ ਵਧਦੇ ਕਦਮ ਦਾ ਸਪੱਸ਼ਟ ਸੰਕੇਤ ਹੈ। ਵਿਦਿਆਰਥੀਆਂ ਨੇ ਆਪਣੀ ਵੋਟ ਰਾਹੀਂ ਇਹ ਦਰਸਾਇਆ ਹੈ ਕਿ ਉਹ ਵਿਕਾਸ, ਰੁਜ਼ਗਾਰ, ਸਿੱਖਿਆ, ਅਨੁਸ਼ਾਸਨ ਅਤੇ ਮੌਕਿਆਂ ਦੀ ਰਾਜਨੀਤੀ ਨੂੰ ਤਰਜੀਹ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਤੋਂ ਨਿਕਲਿਆ ਇਹ ਸੰਦੇਸ਼ ਹੁਣ ਪੂਰੇ ਪੰਜਾਬ ਤੱਕ ਪਹੁੰਚੇਗਾ। ਸੂਬਾ ਸਕੱਤਰ ਬਰਾੜ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਵੀ ਰਵਾਇਤੀ ਤੇ ਨਕਾਰਾਤਮਕ ਰਾਜਨੀਤੀ ਤੋਂ ਉੱਪਰ ਉੱਠ ਕੇ ਆਪਣੇ ਭਵਿੱਖ ਅਤੇ ਪੰਜਾਬ ਦੇ ਵਿਕਾਸ ਨੂੰ ਕੇਂਦਰ ਵਿੱਚ ਰੱਖਦਿਆਂ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਹੁਣ ਪੰਜਾਬ ਦੇ ਨੌਜਵਾਨਾਂ ਦੀ ਵਾਰੀ ਹੈ ਕਿ ਉਹ ਇਸ ਬਦਲਾਅ ਦੀ ਸੋਚ ਦਾ ਸਾਥ ਦੇਣ ਅਤੇ ਪੰਜਾਬ ਨੂੰ ਨਵੀਂ ਦਿਸ਼ਾ ਦੇਣ ਵਿਚ ਆਪਣੀ ਭੂਮਿਕਾ ਨਿਭਾਉਣ।” ਉਨ੍ਹਾਂ ਕਿਹਾ ਕਿ ਅੱਜ ਦਾ ਨੌਜਵਾਨ ਆਪਣੇ ਹੱਕਾਂ ਦੇ ਨਾਲ-ਨਾਲ ਆਪਣੀਆਂ ਜ਼ਿੰਮੇਵਾਰੀਆਂ ਨੂੰ ਵੀ ਸਮਝਦਾ ਹੈ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਨਵੀਂ ਸੋਚ, ਨਵੀਂ ਲੀਡਰਸ਼ਿਪ ਅਤੇ ਨਵਾਂ ਬਦਲਾਅ ਲਿਆਉਣ ਦੀ ਸਮਰੱਥਾ ਰੱਖਦਾ ਹੈ। ਸ. ਬਰਾੜ ਨੇ ਏ.ਬੀ.ਵੀ.ਪੀ. ਦੀ ਸਮੁੱਚੀ ਟੀਮ ਨੂੰ ਦੁਬਾਰਾ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਪੰਜਾਬ ਦੇ ਨੌਜਵਾਨਾਂ ਲਈ ਇੱਕ ਸੰਦੇਸ਼ ਹੈ ਕਿ ਬਦਲਾਅ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਹੁਣ ਇਸ ਬਦਲਾਅ ਦੀ ਲਹਿਰ ਨੂੰ ਪੰਜਾਬ ਦੇ ਹਰ ਕੋਨੇ ਤੱਕ ਲੈ ਕੇ ਜਾਣ ਦੀ ਲੋੜ ਹੈ।