ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
Publish Date: Sun, 10 May 2026 06:03 PM (IST)
Updated Date: Sun, 10 May 2026 06:06 PM (IST)
ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ ਸਮਾਣਾ : ਬੀਤੀ ਰਾਤ ਖਨੌਰੀ ਰੋਡ ’ਤੇ ਇੱਕ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਹਾਦਸੇ ਤੋਂ ਬਾਅਦ ਕਾਰ ਚਾਲਕ ਵਾਹਨ ਨੂੰ ਮੌਕੇ ’ਤੇ ਛੱਡ ਕੇ ਫ਼ਰਾਰ ਹੋ ਗਿਆ। ਮਾਮਲੇ ਦੇ ਜਾਂਚ ਅਧਿਕਾਰੀ ਠਰੂਆ ਪੁਲਿਸ ਚੌਕੀ ਦੇ ਏਐੱਸਆਈ ਪਾਲਾਰਾਮ ਨੇ ਦੱਸਿਆ ਕਿ ਮ੍ਰਿਤਕ ਚੁੰਨੀ ਲਾਲ (75) ਵਾਸੀ ਪਿੰਡ ਨੇਪੇਵਾਲ ਦੇ ਪੁੱਤਰ ਕੁਲਦੀਪ ਰਾਮ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ, ਸ਼ੁੱਕਰਵਾਰ ਦੇਰ ਸ਼ਾਮ ਉਸ ਦਾ ਪਿਤਾ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡ ਵੱਲ ਆ ਰਿਹਾ ਸੀ। ਇਸ ਦੌਰਾਨ ਪਿੱਛੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਉਹ ਮੋਟਰਸਾਈਕਲ ਸਮੇਤ ਸੜਕ ’ਤੇ ਡਿੱਗ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਹਸਪਤਾਲ ਲਿਜਾਣ ’ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਅਧਿਕਾਰੀ ਅਨੁਸਾਰ ਵਾਹਨ ਨੂੰ ਕਬਜ਼ੇ ਵਿੱਚ ਲੈ ਕੇ ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਭਾਲ ਜਾਰੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।