- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ੀਲੀਆਂ ਦਵਾਈਆਂ ਵੇਚਣ ਵਾਲਿਆਂ ’ਤੇ ਹੋਵੇਗੀ ਕਾਰਵਾਈ: ਡੀਐਸਪੀ ਫ਼ਤਿਹ ਬਰਾੜ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਪੰਜਾਬ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਚੱਲ ਰਹੀ ਮੁਹਿੰਮ ਤਹਿਤ ਸਮਾਣਾ ਪੁਲਿਸ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਨਸ਼ੀਲੀਆਂ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ ਹੈ। ਇਸ ਸਬੰਧੀ ਡੀਐਸਪੀ ਸਮਾਣਾ ਫ਼ਤਿਹ ਸਿੰਘ ਬਰਾੜ ਵੱਲੋਂ ਸਮੂਹ ਮੈਡੀਕਲ ਸਟੋਰ ਮਾਲਕਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਕੋਈ ਵੀ ਮੈਡੀਕਲ ਸਟੋਰ ਗੈਰ-ਕਾਨੂੰਨੀ ਤਰੀਕੇ ਨਾਲ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਕਰ ਰਿਹਾ ਹੈ ਤਾਂ ਉਹ ਤੁਰੰਤ ਇਸ ਕੰਮ ਨੂੰ ਬੰਦ ਕਰ ਦੇਵੇ। ਮੈਡੀਕਲ ਸਟੋਰਾਂ ਦੀ ਆੜ ਵਿੱਚ ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇ। ਪੁਲਿਸ ਦੀ ਇਸ ਚੇਤਾਵਨੀ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਯਤਨਾਂ ਨੂੰ ਹੋਰ ਮਜ਼ਬੂਤ ਕਰਨਾ ਹੈ। ਜੇਕਰ ਕੋਈ ਮੈਡੀਕਲ ਸਟੋਰ ਮਾਲਕ ਨਿਯਮਾਂ ਦੀ ਉਲੰਘਣਾ ਕਰਦਿਆਂ ਪਾਬੰਦੀਸ਼ੁਦਾ ਜਾਂ ਨਿਯੰਤਰਿਤ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਕਰਦਾ ਪਾਇਆ ਜਾਂਦਾ ਹੈ, ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ। ਮੈਡੀਕਲ ਸਟੋਰ ਮਾਲਕਾਂ ਨੂੰ ਚਾਹੀਦਾ ਹੈ ਕਿ ਉਹ ਦਵਾਈਆਂ ਦੀ ਖ਼ਰੀਦ-ਫ਼ਰੋਖ਼ਤ ਦਾ ਸਹੀ ਰਿਕਾਰਡ ਰੱਖਣ ਅਤੇ ਜਿੱਥੇ ਲੋੜੀਂਦਾ ਹੋਵੇ, ਉੱਥੇ ਵੈਧ ਡਾਕਟਰੀ ਪਰਚੀ ਅਤੇ ਹੋਰ ਕਾਨੂੰਨੀ ਸ਼ਰਤਾਂ ਦੀ ਪਾਲਣਾ ਯਕੀਨੀ ਬਣਾਉਣ। ਪੁਲਿਸ ਵੱਲੋਂ ਦਿੱਤੀ ਗਈ ਇਹ ਚੇਤਾਵਨੀ ਮੈਡੀਕਲ ਸਟੋਰਾਂ ਨੂੰ ਕਾਨੂੰਨ ਦੀ ਪਾਲਣਾ ਕਰਨ ਦਾ ਸਪੱਸ਼ਟ ਸੰਦੇਸ਼ ਦਿੰਦੀ ਹੈ।