ਪਰਾਲੀ ਸਾੜਨ ਤੋਂ ਰੋਕਣ ਲਈ ਅਧਿਕਾਰੀ ਖੇਤਾਂ ’ਚ, 9 ਪੁਲਿਸ ਕੇਸ ਦਰਜ, 10 ਰੈਡ ਐਂਟਰੀਆਂ ਪਰਾਲੀ ਸਾੜਨ ਤੋਂ ਰੋਕਣ ਲਈ ਅਧਿਕਾਰੀ ਖੇਤਾਂ ’ਚ- 9 ਪੁਲਿਸ ਕੇਸ ਦਰਜ, 10 ਰੈਡ ਐਂਟਰੀਆਂ
Publish Date: Wed, 04 Nov 2026 06:37 PM (IST)
Updated Date: Wed, 04 Nov 2026 06:38 PM (IST)
--ਪਰਾਲੀ ਸਾੜਨ ਤੋਂ ਰੋਕਣ ਲਈ ਪ੍ਰਸ਼ਾਸਨ ਸਖਤ-ਹੌਟਸਪੌਟ ਪਿੰਡਾਂ ’ਚ ਡਰੋਨ ਰਾਹੀਂ ਨਿਗਰਾਨੀ - ਰੋਕਥਾਮ ’ਚ ਲਾਪਰਵਾਹੀ ਵਰਤਣ ਵਾਲੇ 22 ਕਲੱਸਟਰ ਅਧਿਕਾਰੀਆਂ ਤੇ ਨੋਡਲ ਅਫ਼ਸਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਫੋਟੋ 04ਪੀਟੀਐੱਲ- 23 ਸੀਨੀਅਰ ਰਿਪੋਰਟਰ, •ਪੰਜਾਬੀ ਜਾਗਰਣ, •ਪਟਿਆਲਾ : ਹਰ ਸਾਲ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਲਈ ਜੀਅ ਦਾ ਜੰਜਾਲ ਬਣਦੀ ਝੋਨੇ ਦੀ ਪਰਾਲੀ ਦਾ ਮੁੱਦਾ ਕਣਕ ਦੀ ਬਿਜਾਈ ਸ਼ੁਰੂ ਹੁੰਦਿਆਂ ਹੀ ਮੁੜ ਤੋਂ ਸਿਰਦਰਦੀ ਬਣ ਚੁੱਕਿਆ ਹੈ। ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਲੈ ਕੇ ਕਰਮਚਾਰੀ ਵੱਲੋਂ ਖੇਤਾਂ ਵੱਲ ਰੁਖ ਕੀਤਾ ਹੋਇਆ ਹੈ। ਇਸ ਦੌਰਾਨ ਜਿੱਥੇ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜ ਕੇ ਇਸ ਨੂੰ ਖੇਤਾਂ ’ਚ ਮਿਲਾਉਣ ਦੇ ਫਾਇਦੇ ਦੱਸ ਕੇ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਹੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ’ਚ ਲਾਪਰਵਾਹੀ ਵਰਤਣ ਵਾਲੇ 22 ਕਲੱਸਟਰ ਅਧਿਕਾਰੀਆਂ ਤੇ ਨੋਡਲ ਅਫ਼ਸਰਾਂ ਨੂੰ ਸਮਰੱਥ ਅਧਿਕਾਰੀ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿਚ ਨਿਰਧਾਰਤ ਸਮੇਂ ਅੰਦਰ ਰਿਪੋਰਟਾਂ ਜਮ੍ਹਾਂ ਨਾ ਕਰਵਾਉਣ, ਗਲਤ ਰਿਪੋਰਟਿੰਗ ਕਰਨ ਤੇ ਪਹਿਲਾਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਥਾਵਾਂ ’ਤੇ ਮੁੜ ਅੱਗ ਲੱਗਣ ਦੇ ਮਾਮਲੇ ਸ਼ਾਮਲ ਹਨ। ਸਬੰਧਤ ਅਧਿਕਾਰੀਆਂ ਨੂੰ ਸਮਰੱਥ ਅਧਿਕਾਰੀ ਅੱਗੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਜਵਾਬ ਦੇਣ ਦੀ ਹਦਾਇਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਸਾਰੇ ਐੱਸਡੀਐੱਮਜ਼ ਵੱਲੋਂ ਨੰਬਰਦਾਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਆਪਣੇ-ਆਪਣੇ ਪਿੰਡਾਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਤੇ ਅੱਗ ਲੱਗਣ ਦੀਆਂ ਸੰਭਾਵਿਤ ਘਟਨਾਵਾਂ ਦੀ ਰੋਕਥਾਮ ਲਈ ਚੌਕਸੀ ਵਰਤਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਐਸ.ਡੀ.ਐਮਜ਼ ਵੱਲੋਂ ਖੇਤਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਫ਼ਸਲੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਮਿਲਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਐਸਡੀਐਮ ਸਮਾਣਾ ਰਿਚਾ ਗੋਇਲ ਨੇ ਡੀਐਸਪੀ ਫਤਹਿ ਸਿੰਘ ਬਰਾੜ ਨਾਲ ਪਿੰਡ ਬੰਮ੍ਹਣਾ, ਗਾਜੇਵਾਸ, ਫਤਹਿਗੜ੍ਹ ਛੰਨਾ ਅਤੇ ਤਲਵੰਡੀ ਮਲਿਕ ਸਮੇਤ ਹੋਰ ਪਿੰਡਾਂ ਦਾ ਦੌਰਾ ਕੀਤਾ। ਐਸਡੀਐਮ ਪਟਿਆਲਾ ਗੁਰਦੇਵ ਸਿੰਘ ਨੇ ਵੀ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਨੰਬਰਦਾਰਾਂ ਨੂੰ ਆਪਣੇ ਪਿੰਡਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਦੀ ਟੀਮ ਵੱਲੋਂ ਪਿੰਡ ਭਾਨਰਾ ਵਿਖੇ ਖੇਤਾਂ ਵਿੱਚ ਲੱਗੀ ਅੱਗ ਬੁਝਾਉਣ ਲਈ ਤੁਰੰਤ ਕਾਰਵਾਈ ਕੀਤੀ ਗਈ। ਇਸੇ ਤਰ੍ਹਾਂ ਐਸਡੀਐਮ ਰਾਜਪੁਰਾ ਰਵਿੰਦਰ ਸਿੰਘ ਨੇ ਤਹਿਸੀਲ ਪੱਧਰ ’ਤੇ ਨੰਬਰਦਾਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਪੂਰੀ ਚੌਕਸੀ ਵਰਤਣ ਦੀ ਹਦਾਇਤ ਕੀਤੀ। ਐਸਡੀਐਮ ਦੁਧਨਸਾਧਾਂ ਹਰਜੋਤ ਕੌਰ ਮਾਵੀ ਨੇ ਵੀ ਨੰਬਰਦਾਰਾਂ ਨਾਲ ਮੀਟਿੰਗ ਕਰਨ ਉਪਰੰਤ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ। ਐਸਡੀਐਮ ਨਾਭਾ ਏਪੀਐਸ ਸੋਮਲ ਨੇ ਨੰਬਰਦਾਰਾਂ ਨਾਲ ਮੀਟਿੰਗ ਕੀਤੀ। ਇਸੇ ਤਰ੍ਹਾਂ ਐਸਡੀਐਮ ਪਾਤੜਾਂ ਕਾਲਾ ਰਾਮ ਕਾਂਸਲ ਨੇ ਨੰਬਰਦਾਰਾਂ ਨੂੰ ਪਿੰਡਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਪਿੰਡ ਖਾਂਗ ਸਮੇਤ ਆਸ-ਪਾਸ ਦੇ ਹੋਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲਾਂ ਦੌਰਾਨ ਵੀ ਪਟਿਆਲਾ ਜ਼ਿਲ੍ਹੇ ਦੇ ਅਨੇਕਾਂ ਕਿਸਾਨਾਂ ਨੂੰ ਪਰਾਲੀ ਦਾ ਐਕਸ-ਸੀਟੂ ਅਤੇ ਇਨ-ਸੀਟੂ ਤਰੀਕਿਆਂ ਨਾਲ ਬਿਨਾਂ ਅੱਗ ਲਗਾਏ ਪ੍ਰਬੰਧਨ ਕਰਨ ਲਈ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਦੀਆਂ ਸੰਭਾਵਿਤ ਘਟਨਾਵਾਂ ਨੂੰ ਰੋਕਣ ਲਈ ਹੌਟਸਪੌਟ ਪਿੰਡਾਂ ਵਿੱਚ ਡਰੋਨ ਰਾਹੀਂ ਵੀ ਨਿਗਰਾਨੀ ਕੀਤੀ ਜਾ ਰਹੀ ਹੈ। ਡੱਬੀ- ਪੁਲਿਸ ਕੇਸ ਤੇ ਰੈਡ ਐਂਟਰੀਆਂ ਦਰਜ ਜ਼ਿਲ੍ਹਾ ਪ੍ਰਸ਼ਾਸਨ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 9 ਪੁਲਿਸ ਕੇਸ ਦਰਜ ਕੀਤੇ ਗਏ ਹਨ, ਜਦਕਿ ਮਾਲ ਵਿਭਾਗ ਵੱਲੋਂ ਮਾਲ ਰਿਕਾਰਡ ਵਿੱਚ 10 ਰੈੱਡ ਐਂਟਰੀਆਂ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪਰਾਲੀ ਸਾੜਨ ਵਾਲਿਆਂ ਨੂੰ 55,000 ਰੁਪਏ ਦਾ ਵਾਤਾਵਰਨ ਹਰਜਾਨਾ ਲਗਾਇਆ ਗਿਆ ਹੈ, ਜਿਸ ਵਿੱਚੋਂ 25,000 ਰੁਪਏ ਵਸੂਲ ਕੀਤੇ ਜਾ ਚੁੱਕੇ ਹਨ।