- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
20 ਹੌਟ ਸਪੌਟ ਖੇਤਰਾਂ ’ਚ ਨਸ਼ਿਆਂ ਦੀ ਰੋਕਥਾਮ ਲਈ ਪ੍ਰਸ਼ਾਸਨ ਨੇ ਤੇਜ਼ ਕੀਤੇ ਯਤਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਹੌਟ ਸਪੌਟ ਖੇਤਰਾਂ ’ਚ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਨੇ ਜਾਇਜ਼ਾ ਲਿਆ। ਇਸ ਸਬੰਧੀ ਸਮੂਹ ਐਸਡੀਐਮਜ਼, ਡੀਐਸਪੀਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨਸ਼ਿਆਂ ਦੀ ਸਪਲਾਈ ਰੋਕਣ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਇਲਾਜ, ਮੁੜ ਵਸੇਬੇ ਅਤੇ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਏਡੀਸੀ ਨੇ ਦੱਸਿਆ ਕਿ ਜ਼ਿਲ੍ਹੇ ’ਚ ਨਸ਼ਿਆਂ ਦੀ ਵਿਕਰੀ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ਦੇ ਮੱਦੇਨਜ਼ਰ 20 ਖੇਤਰਾਂ ਦੀ ਹੌਟ ਸਪੌਟ ਵਜੋਂ ਪਛਾਣ ਕੀਤੀ ਗਈ ਹੈ। ਇਨ੍ਹਾਂ ਖੇਤਰਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਦੀ ਖਪਤ ਵਾਲੀਆਂ ਥਾਵਾਂ ਨੂੰ ਮੁੜ ਵਰਤੋਂ ਯੋਗ ਬਣਾਉਣ ਲਈ ਬੁਨਿਆਦੀ ਢਾਂਚੇ ’ਚ ਸੁਧਾਰ, ਸੀਸੀਟੀਵੀ ਕੈਮਰੇ ਲਗਾਉਣ ਅਤੇ ਰੌਸ਼ਨੀ ਦੇ ਢੁੱਕਵੇਂ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਦੇ ਨਾਲ ਹੀ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਜਾਇਦਾਦਾਂ ਦੀ ਸ਼ਨਾਖ਼ਤ ਕਰਕੇ ਕਾਨੂੰਨੀ ਕਾਰਵਾਈ ਕਰਨ ਲਈ ਵੀ ਕਿਹਾ ਗਿਆ। ਅਨੁਪ੍ਰਿਤਾ ਜੌਹਲ ਨੇ ਅਧਿਕਾਰੀਆਂ ਨੂੰ ਹੌਟ ਸਪੌਟ ਖੇਤਰਾਂ ’ਚ ਨਿਯਮਤ ਜਨਤਕ ਮੀਟਿੰਗਾਂ ਕਰਵਾਉਣ। ਉਨ੍ਹਾਂ ਕਿਹਾ ਕਿ ਪਿੰਡ ਰੱਖਿਆ ਕਮੇਟੀਆਂ ਅਤੇ ਸਥਾਨਕ ਵਸਨੀਕਾਂ ਦੀ ਸ਼ਮੂਲੀਅਤ ਨਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ। ਉਨ੍ਹਾਂ ਸਿਹਤ ਵਿਭਾਗ ਨੂੰ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਸ਼ਨਾਖ਼ਤ ਕਰਕੇ ਸਿਹਤ ਜਾਂਚ ਕਰਵਾਉਣ ਅਤੇ ਲੋੜ ਅਨੁਸਾਰ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਅਤੇ ਓਓਏਟੀ ਕਲੀਨਿਕਾਂ ’ਚ ਇਲਾਜ ਕਰਵਾਉਣ ਲਈ ਕਿਹਾ। ਇਸ ਤੋਂ ਇਲਾਵਾ ਮੈਡੀਕਲ ਸਟੋਰਾਂ ਦੀ ਜਾਂਚ ਤੇਜ਼ ਕਰਨ, ਪਾਬੰਦੀਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਵਿਦਿਅਕ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ ’ਤੇ ਰੋਕ ਯਕੀਨੀ ਬਣਾਉਣ ਲਈ ਕਿਹਾ।