ਸੀਤ ਲਹਿਰ ਦੇ ਮੱਦੇਨਜ਼ਰ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ ਸ਼ੀਤ ਲਹਿਰ ਦੇ ਮੱਦੇਨਜ਼ਰ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ
Publish Date: Sun, 29 Nov 2026 06:39 PM (IST)
Updated Date: Sun, 29 Nov 2026 06:41 PM (IST)
-ਠੰਢ ਤੇ ਪਾਲੇ ਤੋਂ ਫ਼ਸਲਾਂ ਨੂੰ ਬਚਾਉਣ ਲਈ ਸੁਝਾਏ ਉਪਾਅ ਫੋਟੋ 29ਪੀਟੀਐੱਲ-36 ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਸਰਦੀਆਂ ਦੇ ਮੌਸਮ ਦੌਰਾਨ ਠੰਢ ਦੀਆਂ ਲਹਿਰਾਂ ਤੇ ਪਾਲਾ ਫ਼ਸਲਾਂ ਦੇ ਵਾਧੇ, ਫੁੱਲ ਆਉਣ, ਝਾੜ ਤੇ ਗੁਣਵੱਤਾ ਨੂੰ ਪ੍ਰਭਾਵਿਤ ਕਰ ਸਕਦੇ ਹਨ। ਇਸ ਦੇ ਮੱਦੇਨਜ਼ਰ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਸੁਰੱਖਿਆ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਅਤੇ ਵਿਭਾਗ ਵੱਲੋਂ ਸੁਝਾਏ ਉਪਾਅ ਅਪਣਾਉਣ ਦੀ ਸਲਾਹ ਦਿੱਤੀ ਗਈ ਹੈ। ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਦਾਰਾ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਬਿਜਾਈ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸ਼ੀਤ ਲਹਿਰ ਦੇ ਮੱਦੇਨਜ਼ਰ ਆਪਣੀਆਂ ਫ਼ਸਲਾਂ ਦਾ ਲਗਾਤਾਰ ਨਿਰੀਖਣ ਕਰਨ ਅਤੇ ਕਣਕ ਦੀ ਬਿਜਾਈ ਤੋਂ 21 ਦਿਨਾਂ ਬਾਅਦ ਪਹਿਲਾ ਪਾਣੀ ਲਗਾਉਣ। ਉਨ੍ਹਾਂ ਕਿਹਾ ਕਿ ਸੁਪਰ ਸੀਡਰ ਜਾਂ ਮਲਚਿੰਗ ਵਿਧੀ ਰਾਹੀਂ ਬੀਜੀ ਕਣਕ ਨੂੰ ਹਲਕਾ ਪਾਣੀ ਹੀ ਲਗਾਇਆ ਜਾਵੇ। ਉਨ੍ਹਾਂ ਦੱਸਿਆ ਕਿ ਘੱਟ ਤਾਪਮਾਨ ਕਾਰਨ ਫ਼ਸਲਾਂ ’ਚ ਕਈ ਤਰ੍ਹਾਂ ਦੀਆਂ ਬਿਮਾਰੀਆਂ, ਜਿਵੇਂ ਪੀਲੀ ਕੁੰਗੀ ਅਤੇ ਝੁਲਸ ਰੋਗ ਆਦਿ ਦਾ ਖ਼ਤਰਾ ਵੀ ਵਧ ਜਾਂਦਾ ਹੈ। ਅਜਿਹੀ ਸਥਿਤੀ ਵਿਚ ਖੇਤਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਸਿਫਾਰਸ਼ ਸੁਦਾ ਉਰਲੀ ਨਾਸ਼ਕਾਂ ਦਾ ਹੀ ਉਪਯੋਗ ਕੀਤਾ ਜਾਵੇ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਠੰਢ ਦੀ ਲਹਿਰ ਦੌਰਾਨ ਖੇਤਾਂ ਵਿਚ ਹਲਕੀ ਅਤੇ ਲੋੜ ਅਨੁਸਾਰ ਸਿੰਚਾਈ ਕਰਨੀ ਚਾਹੀਦੀ ਹੈ, ਕਿਉਂਕਿ ਮਿੱਟੀ ਵਿਚ ਨਮੀ ਫ਼ਸਲਾਂ ਨੂੰ ਪਾਲੇ ਦੇ ਪ੍ਰਭਾਵ ਤੋਂ ਬਚਾਉਣ ਵਿਚ ਸਹਾਇਕ ਹੁੰਦੀ ਹੈ। ਇਸੇ ਤਰ੍ਹਾਂ ਸਪ੍ਰਿੰਕਲਰ ਸਿੰਚਾਈ ਪ੍ਰਣਾਲੀ ਦੀ ਵਰਤੋਂ ਵੀ ਪਾਲੇ ਦੇ ਪ੍ਰਭਾਵ ਨੂੰ ਘਟਾਉਣ ਵਿਚ ਮਦਦਗਾਰ ਹੋ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਸਬਜ਼ੀਆਂ ਅਤੇ ਫਲਾਂ ਦੀਆਂ ਫ਼ਸਲਾਂ ਨੂੰ ਸ਼ੀਤ ਲਹਿਰ ਤੋਂ ਬਚਾਉਣ ਲਈ ਪਾਣੀ ਦੀ ਸਹੀ ਵਰਤੋਂ ਕਰਨ ਅਤੇ ਮਲਚਿੰਗ ਵਿਧੀ ਅਪਣਾਉਣ ਦੀ ਸਲਾਹ ਦਿੱਤੀ। ਡਾ. ਦਾਰਾ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼ੀਤ ਲਹਿਰ ਦੌਰਾਨ ਆਪਣੀਆਂ ਫ਼ਸਲਾਂ ਦੀ ਨਿਯਮਤ ਦੇਖਭਾਲ ਕਰਨ ।