ਅਕਾਲੀ-ਭਾਜਪਾ ਗੱਠਜੋੜ ਸੂਬੇ ਦੇ ਵਿਕਾਸ ਲਈ ਵੱਡਾ ਕਦਮ, ਸਨੌਰ ਦੀ ਟਿਕਟ ਕੋਈ ਮਸਲਾ ਨਹੀਂ : ਹਰਮੀਤ ਸਿੰਘ ਪਠਾਣ ਮਾਜਰਾ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਹਲਕਾ ਸਨੌਰ ਤੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਨੇ ਅਕਾਲੀ-ਭਾਜਪਾ ਗਠਜੋੜ ਦਾ ਭਰਵਾਂ ਸਵਾਗਤ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਮੀਤ ਸਿੰਘ ਪਠਾਣ ਮਾਜਰਾ ਨੇ ਇਸ ਗਠਜੋੜ ਨੂੰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਇੱਕ ਵੱਡਾ ਅਤੇ ਇਤਿਹਾਸਕ ਕਦਮ ਕਰਾਰ ਦਿੱਤਾ ਹੈ।
Publish Date: Tue, 24 Nov 2026 02:38 PM (IST)
Updated Date: Tue, 24 Nov 2026 02:39 PM (IST)
ਨਵਦੀਪ ਢੀਂਗਰਾ, ਪੰਜਾਬੀ ਜਾਗਰਣ, ਪਟਿਆਲਾ : ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਹਲਕਾ ਸਨੌਰ ਤੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਨੇ ਅਕਾਲੀ-ਭਾਜਪਾ ਗਠਜੋੜ ਦਾ ਭਰਵਾਂ ਸਵਾਗਤ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਮੀਤ ਸਿੰਘ ਪਠਾਣ ਮਾਜਰਾ ਨੇ ਇਸ ਗਠਜੋੜ ਨੂੰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਇੱਕ ਵੱਡਾ ਅਤੇ ਇਤਿਹਾਸਕ ਕਦਮ ਕਰਾਰ ਦਿੱਤਾ ਹੈ।
ਆਪਣੇ ਬਿਆਨ ਵਿੱਚ ਪਠਾਣ ਮਾਜਰਾ ਨੇ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਕੇਂਦਰ ਸਰਕਾਰ ਦੇ ਪੂਰਨ ਸਹਿਯੋਗ ਤੋਂ ਬਗੈਰ ਪੰਜਾਬ ਦਾ ਵਿਕਾਸ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕੇਂਦਰ ਅਤੇ ਸੂਬੇ ਵਿਚਕਾਰ ਬਿਹਤਰ ਤਾਲਮੇਲ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਨੇ ਸੂਬੇ ਦੇ ਭਲੇ ਅਤੇ ਲੋਕ ਹਿੱਤਾਂ ਦੀ ਸੋਚ ਨਾਲ ਅੱਗੇ ਵਧਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਗਠਜੋੜ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਲਈ ਹੋਰ ਵੀ ਵਧੀਆ ਹੋਵੇਗਾ।
ਗਠਜੋੜ ਹੋਣ ਤੋਂ ਬਾਅਦ ਵਿਧਾਨ ਸਭਾ ਹਲਕਾ ਸਨੌਰ ਦੀ ਟਿਕਟ ਚੰਦੂਮਾਜਰਾ ਪਰਿਵਾਰ ਜਾਂ ਉਨ੍ਹਾਂ ਦੇ ਹਿੱਸੇ ਆਉਣ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਪਠਾਣ ਮਾਜਰਾ ਨੇ ਬੇਹੱਦ ਸਪੱਸ਼ਟ ਅਤੇ ਸਕਾਰਾਤਮਕ ਰੁਖ਼ ਅਪਣਾਇਆ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਅਤੇ ਸੂਬੇ ਦੇ ਭਵਿੱਖ ਦੀ ਗੱਲ ਹੋਵੇ, ਉੱਥੇ ਨਿੱਜੀ ਹਿੱਤਾਂ ਜਾਂ ਟਿਕਟ ਦਾ ਮਸਲਾ ਕੋਈ ਮਾਅਨੇ ਨਹੀਂ ਰੱਖਦਾ। ਉਨ੍ਹਾਂ ਆਪਸੀ ਏਕਤਾ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਹਲਕਾ ਸਨੌਰ ਤੋਂ ਟਿਕਟ ਭਾਵੇਂ ਕਿਸੇ ਨੂੰ ਵੀ ਮਿਲੇ, ਉਹ ਦੋਵੇਂ ਭਰਾ ਰਲ-ਮਿਲ ਕੇ ਚੋਣ ਲੜਨਗੇ ਅਤੇ ਗਠਜੋੜ ਦੇ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣਗੇ। ਇਸ ਮੌਕੇ ਉਨ੍ਹਾਂ ਸਮੂਹ ਵਰਕਰਾਂ ਨੂੰ ਵੀ ਆਪਸੀ ਮਤਭੇਦ ਭੁਲਾ ਕੇ ਸੂਬੇ ਦੀ ਬਿਹਤਰੀ ਲਈ ਇੱਕਜੁੱਟ ਹੋਣ ਦਾ ਸੱਦਾ ਦਿੱਤਾ।