ਅਕਾਲੀ ਕੌਂਸਲਰ ਜੱਸੀ ਨੂੰ ਪੰਜਾਬ ਪੁਲਿਸ ਵੱਲੋਂ ਘਰ ’ਚ ਕੀਤਾ ਨਜ਼ਰਬੰਦ ਅਕਾਲੀ ਕੌਂਸਲਰ ਜਸਵੀਰ ਸਿੰਘ ਜੱਸੀ ਨੂੰ ਪੰਜਾਬ ਪੁਲਿਸ ਵੱਲੋਂ ਘਰ ’ਚ ਕੀਤਾ ਨਜ਼ਰਬੰਦ
Publish Date: Wed, 14 Oct 2026 04:24 PM (IST)
Updated Date: Wed, 14 Oct 2026 04:27 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਮਾਨਸਾ ਵਿਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਤੇ ਪੁਲਿਸ ਦੀ ਕਾਰਗੁਜ਼ਾਰੀ ਤੇ ਸਵਾਲ ਉਠਾਉਂਦਿਆਂ ਅਕਾਲੀ ਦਲ ਨੇ ਰੋਸ ਪ੍ਰਗਟਾਇਆ ਹੈ। ਇਸੇ ਦੌਰਾਨ ਬੁੱਧਵਾਰ ਸਵੇਰੇ ਕਰੀਬ 4 ਵਜੇ ਰਾਜਪੁਰਾ ਨਗਰ ਕੌਂਸਲ ਦੇ ਅਕਾਲੀ ਕੌਂਸਲਰ ਤੇ ਪੀਏਸੀ ਮੈਂਬਰ ਜਸਵੀਰ ਸਿੰਘ ਜੱਸੀ ਨੂੰ ਪਰਿਵਾਰ ਸਮੇਤ ਘਰ ਵਿਚ ਨਜ਼ਰਬੰਦ ਕਰਨ ਦੇ ਦੋਸ਼ ਲਾਏ ਗਏ ਹਨ। ਅਕਾਲੀ ਦਲ ਦੇ ਹਲਕਾ ਰਾਜਪੁਰਾ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਲੜਨ ਦੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੇ ਮਾਨਸਾ ਦੀ ਘਟਨਾ ਨੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ ਦੇ ਖ਼ਾਤਮੇ ਦੇ ਨਾਂ ਤੇ ਮੁਹਿੰਮ ਚਲਾ ਰਹੀ ਹੈ, ਪਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਨਾਕਾਮ ਸਾਬਤ ਹੋ ਰਹੀ ਹੈ। ਜਥੇਦਾਰ ਗੜ੍ਹੀ ਨੇ ਕਿਹਾ ਕਿ ਅਕਾਲੀ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰਨਾ ਸਰਕਾਰ ਦੀ ਬੁਖਲਾਹਟ ਨੂੰ ਦਰਸਾਉਂਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਕਾਲੀ ਆਗੂਆਂ ਨੂੰ ਜਲਦੀ ਰਿਹਾਅ ਨਾ ਕੀਤਾ ਗਿਆ ਤਾਂ ਪਾਰਟੀ ਵੱਲੋਂ ਵੱਡੇ ਪੱਧਰ ਤੇ ਧਰਨੇ ਅਤੇ ਪ੍ਰਦਰਸ਼ਨ ਕੀਤੇ ਜਾਣਗੇ। ਕੌਂਸਲਰ ਜਸਵੀਰ ਸਿੰਘ ਜੱਸੀ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਕਰੀਬ 4 ਵਜੇ ਪੰਜਾਬ ਪੁਲਿਸ ਦੇ ਅੱਠ ਮੁਲਾਜ਼ਮ ਉਨ੍ਹਾਂ ਦੇ ਘਰ ਦੇ ਬਾਹਰ ਤਾਇਨਾਤ ਹੋ ਗਏ ਤੇ ਉਨ੍ਹਾਂ ਨੂੰ ਪਰਿਵਾਰ ਸਮੇਤ ਘਰੋਂ ਬਾਹਰ ਨਿਕਲਣ ਤੋਂ ਰੋਕਿਆ ਗਿਆ। ਉਨ੍ਹਾਂ ਅਨੁਸਾਰ ਦਿਨ ਸਮੇਂ ਵੀ ਪੁਲਿਸ ਮੁਲਾਜ਼ਮ ਘਰ ਦੇ ਬਾਹਰ ਤਾਇਨਾਤ ਰਹੇ। ਇਸ ਸਬੰਧੀ ਥਾਣਾ ਸਿਟੀ ਦੇ ਐੱਸਐੱਚਓ ਇੰਸਪੈਕਟਰ ਸੁਮਿਤ ਮੋਰ ਨੇ ਕਿਹਾ ਕਿ ਉਨ੍ਹਾਂ ਨੂੰ ਕੌਂਸਲਰ ਨੂੰ ਨਜ਼ਰਬੰਦ ਕੀਤੇ ਜਾਣ ਬਾਰੇ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਪਤਾ ਕਰਨਗੇ ਕਿ ਕਿਹੜੀ ਪੁਲਿਸ ਟੀਮ ਉਨ੍ਹਾਂ ਦੇ ਘਰ ਦੇ ਬਾਹਰ ਤਾਇਨਾਤ ਹੈ। ਖ਼ਬਰ ਲਿਖੇ ਜਾਣ ਤੱਕ ਜਸਵੀਰ ਸਿੰਘ ਜੱਸੀ ਦੇ ਘਰ ਦੇ ਬਾਹਰ ਪੁਲਿਸ ਮੁਲਾਜ਼ਮ ਤਾਇਨਾਤ ਸਨ।