ਸਟਾਫ਼ ਰਿਪੋਰਟਰ, ਫ਼ਤਹਿਗੜ੍ਹ ਸਾਹਿਬ : ਅਕਾਲੀ ਦਲ ਸੁਯੰਕਤ ਦੇ ਬੁਲਾਰੇ ਤੇ ਤੇਜ਼ ਤਰਾਰ ਆਗੂ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲਪੁਰ ਗੋਲੀ ਕਾਂਡ ਦਾ ਸੱਚ ਸਾਹਮਣੇ ਲਿਆਉਣ ਲਈ ਬਾਦਲਾਂ ਅਤੇ ਵਿਜੇ ਕੁੰਵਰ ਪ੍ਰਤਾਪ ਸਿੰਘ ਦਾ ਵੀ ਨਾਰਕੋ ਟੈਸਟ ਹੋਣਾ ਜ਼ਰੂਰੀ ਹੈ। ਉਨ੍ਹਾਂ ਮੰਗਲਵਾਰ ਨੂੰ ਸੀਨੀਅਰ ਆਗੂਆਂ ਸਮੇਤ ਫ਼ਤਹਿਗੜ੍ਹ ਸਾਹਿਬ ਵਿਖੇ 15 ਜੂਲਾਈ ਨੂੰ ਮਹਿੰਗਾਈ ਖ਼ਿਲਾਫ਼ ਦਿੱਤੇ ਜਾਣ ਵਾਲੇ ਧਰਨੇ ਦੀ ਰੂਪ ਰੇਖਾ ਤਿਆਰ ਕਰਨ ਸਮੇਂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨਗੰਲ ਨੇ ਨਾਰਕੋ ਟੈਸਟ ਲਈ ਹਾਮੀ ਭਰੀ ਹੈ ਉਸੇ ਤਰ੍ਹਾਂ ਪ੍ਰਕਾਸ਼ ਸਿੰਘ ਬਾਦਲ,ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਆਈਜੀ ਵਿਜੇ ਕੁੁੰਵਰ ਪ੍ਰਤਾਪ ਸਿੰਘ ਨੂੰ ਵੀ ਨਾਰਕੋ ਟੈਸਟ ਕਰਵਾਉਣ ਲਈ ਖੁਦ ਅੱਗੇ ਆਉਣਾ ਚਾਹੀਦਾ ਹੈ ਤਾਂ ਦੁੱਧ ’ਚੋਂ ਪਾਣੀ ਦਾ ਨਿਤਾਰਾ ਹੋ ਸਕੇ। ਉਨ੍ਹਾਂ ਕਿਹਾ ਕਿ ਮਹਿੰਗਾਈ ਖ਼ਿਲਾਫ਼ ਸੂਬੇ ਭਰ ’ਚ 15 ਜੁਲਾਈ ਨੂੰ ਧਰਨੇ ਦਿੱਤੇ ਜਾ ਰਹੇ ਹਨ ਤਾਂ ਜੋ ਕੁੰਭਕਰਨੀ ਸੁੱਤੀ ਪਈ ਸਰਕਾਰ ਨੂੰ ਜਗਾਇਆ ਜਾ ਸਕੇ ਕਿਉਂਕਿ ਮਹਿੰਗਾਈ ਨੇ ਹਰ ਇਕ ਦੇ ਨੱਕ ’ਚ ਦਮ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸੁਯੰਕਤ ਨੂੰ ਬੇਅਦਬੀ ਤੇ ਗੋਲੀ ਕਾਂਡ ਸਬੰਧੀ ਇਨਸਾਫ ਮਿਲਣ ਦਾ ਕਿਸੇ ਵੀ ਸਿੱਟ ’ਤੇ ਭਰੋਸਾ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਬਿਜਲੀ ਦੇ ਨਾਅ ’ਤੇ ਪਹਿਲਾਂ ਬਾਦਲਾਂ ਨੇ ਨਿੱਜੀ ਕੰਪਨੀਆਂ ਤੋਂ ਕਰੋੜਾਂ ਰੁਪਏ ਲਏ ਅਤੇ ਹੁਣ ਕੈਪਟਨ ਸਰਕਾਰ ਨੇ ਬਿਜਲੀ ਕੰਪਨੀਆਂ ਤੋਂ ਕਰੋੜਾਂ ਰੁਪਏ ਲੈ ਕੇ ਪੰਜਾਬ ਵਾਸੀਆਂ ਨੂੰ ਲੁੱਟਿਆ ਹੈ। ਉਨ੍ਹਾਂ ਹੈਰਾਨੀ ਪ੍ਰਗਟਾਈ ਬਿਨਾਂ ਬਿਜਲੀ ਲਏ ਕੰਪਨੀਆਂ ਨੂੰ ਹਰ ਸਾਲ 5500 ਕਰੋੜ ਰੁਪਏ ਦਿੱਤੇ ਜਾ ਰਹੇ ਹਨ। ਇਸ ਮੌਕੇ ਸੂਬਾ ਸੀਨਅਰ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਨਿਰਮਲ ਸਿੰਘ,ਹਰਵੇਲ ਸਿੰਘ ਮਾਧੋਪੂਰ,ਮੀਤ ਪ੍ਰਧਾਨ ਗੁਰਮੀਤ ਸਿੰਘ ਧਾਲੀਵਾਲ, ਜ਼ਿਲ੍ਹਾ ਪ੍ਰਧਾਨ ਲਖਬੀਰ ਸਿੰਘ ਥਾਬਲਾਂ,ਮਾਸਟਰ ਅਜੀਤ ਸਿੰਘ ਮੱਕੜ,ਗੁਰਨਾਮ ਸਿੰਘ ਭੈਰੋਪੁਰ ਆਦਿ ਮੌਜੂਦ ਸਨ।

Posted By: Seema Anand