ਅਕਾਲੀ-ਭਾਜਪਾ ਗੱਠਜੋੜ ਨੇ ਪੰਜਾਬ ਦੀ ਸਿਆਸਤ ਵਿੱਚ ਛੇੜੀ ਨਵੀਂ ਚਰਚਾ ਅਕਾਲੀ-ਭਾਜਪਾ ਗੱਠਜੋੜ ਨੇ ਪੰਜਾਬ ਦੀ ਸਿਆਸਤ ਵਿੱਚ ਛੇੜੀ ਨਵੀਂ ਚਰਚਾ
Publish Date: Wed, 25 Nov 2026 04:30 PM (IST)
Updated Date: Thu, 26 Nov 2026 04:04 AM (IST)
2027 ਦੀਆਂ ਚੋਣਾਂ ਲਈ ਸਿਆਸੀ ਸਰਗਰਮੀਆਂ ਤੇਜ਼, ਵੱਖ-ਵੱਖ ਆਗੂਆਂ ਨੇ ਗੱਠਜੋੜ ਦਾ ਕੀਤਾ ਸਵਾਗਤ ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਮਾਲੇਰਕੋਟਲਾ/ ਸ਼ੇਰਪੁਰ : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਹੋਏ ਸਿਆਸੀ ਗੱਠਜੋੜ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ। ਗੱਠਜੋੜ ਦੇ ਐਲਾਨ ਤੋਂ ਬਾਅਦ ਜਿੱਥੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਉੱਥੇ ਹੀ ਸੂਬੇ ਦੀਆਂ ਹੋਰਨਾਂ ਸਿਆਸੀ ਪਾਰਟੀਆਂ ਵਿੱਚ ਵੀ ਇਸ ਦੇ ਸੰਭਾਵੀ ਪ੍ਰਭਾਵਾਂ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਖਾਸ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਇਸ ਗੱਠਜੋੜ ਨੂੰ ਪੰਜਾਬ ਦੇ ਬਦਲਦੇ ਸਿਆਸੀ ਸਮੀਕਰਨਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਅਕਾਲੀ-ਭਾਜਪਾ ਗੱਠਜੋੜ ਨਾਲ ਅਕਾਲੀ ਦਲ ਹੋਵੇਗਾ ਹੋਰ ਮਜ਼ਬੂਤ : ਜਗਤਾਰ ਸਿੰਘ ਜੱਗੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਜਗਤਾਰ ਸਿੰਘ ਜੱਗੀ ਝਨੇਰ ਨੇ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਮੁੜ ਇਕੱਠੇ ਹੋਣਾ ਪਾਰਟੀ ਲਈ ਮਜ਼ਬੂਤੀ ਵਾਲਾ ਕਦਮ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਪਹਿਲਾਂ ਵੀ ਲੰਮਾ ਸਿਆਸੀ ਸਾਥ ਰਿਹਾ ਹੈ ਅਤੇ ਇਸ ਸਾਂਝ ਨੇ ਪੰਜਾਬ ਦੀ ਸਿਆਸਤ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਸੀ। ਉਨ੍ਹਾਂ ਅਨੁਸਾਰ ਮੁੜ ਇਕੱਠੇ ਹੋਣ ਨਾਲ ਦੋਵਾਂ ਪਾਰਟੀਆਂ ਦੇ ਵਰਕਰਾਂ ਵਿੱਚ ਨਵਾਂ ਜੋਸ਼ ਪੈਦਾ ਹੋਵੇਗਾ ਅਤੇ ਜਥੇਬੰਦਕ ਪੱਧਰ ਤੇ ਆਪਸੀ ਤਾਲਮੇਲ ਵਧੇਗਾ। 2027 ਦੀਆਂ ਵਿਧਾਨ ਸਭਾ ਚੋਣਾਂ ’ਚ ਮਿਲ ਕੇ ਬਣਾਵਾਂਗੇ ਸਰਕਾਰ : ਮਾ. ਹਰਬੰਸ ਸਿੰਘ ਸ਼ੇਰਪੁਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਾ. ਹਰਬੰਸ ਸਿੰਘ ਸ਼ੇਰਪੁਰ ਨੇ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਮੁੜ ਇਕੱਠੇ ਆਉਣ ਨਾਲ ਅਕਾਲੀ ਵਰਕਰਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਦੇ ਸਿਆਸੀ ਅਤੇ ਸਮਾਜਿਕ ਖੇਤਰ ਵਿੱਚ ਅਹਿਮ ਯੋਗਦਾਨ ਰਿਹਾ ਹੈ। ਭਾਜਪਾ ਨਾਲ ਮੁੜ ਸਾਂਝ ਬਣਨ ਨਾਲ ਦੋਵਾਂ ਪਾਰਟੀਆਂ ਦੇ ਵਰਕਰਾਂ ਨੂੰ ਇਕ ਸਾਂਝੇ ਮੰਚ ਤੇ ਕੰਮ ਕਰਨ ਦਾ ਮੌਕਾ ਮਿਲੇਗਾ। ਅਕਾਲੀ-ਭਾਜਪਾ ਗੱਠਜੋੜ ਨਾਲ ਵਿਰੋਧੀ ਪਾਰਟੀਆਂ ’ਚ ਵਧੀ ਬੇਚੈਨੀ : ਨਰਿੰਦਰਪਾਲ ਸਿੰਘ ਛੰਨਾ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਆਗੂ ਨਰਿੰਦਰਪਾਲ ਸਿੰਘ ਛੰਨਾ ਨੇ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਮੁੜ ਇਕੱਠੇ ਹੋਣਾ ਪੰਜਾਬ ਦੀ ਸਿਆਸਤ ਵਿੱਚ ਅਹਿਮ ਘਟਨਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੀ ਸਾਂਝ ਨਾਲ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਵੇਗਾ ਅਤੇ ਭਾਜਪਾ ਦੇ ਸੰਗਠਨ ਨੂੰ ਵੀ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਗੱਠਜੋੜ ਨਾਲ ਵਿਰੋਧੀ ਪਾਰਟੀਆਂ ਨੂੰ ਆਪਣੀਆਂ ਸਿਆਸੀ ਰਣਨੀਤੀਆਂ ਤੇ ਮੁੜ ਵਿਚਾਰ ਕਰਨਾ ਪਵੇਗਾ। ਅਕਾਲੀ-ਭਾਜਪਾ ਸਮਝੌਤਾ ਪੰਜਾਬ ਦੇ ਹਿੱਤ ’ਚ ਅਹਿਮ : ਡਾ. ਕਰਨਵੀਰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੰਗਰੂਰ ਤੋਂ ਸਪੋਕਸਮੈਨ ਡਾ. ਕਰਨਵੀਰ ਸਿੰਘ ਘਨੌਰੀ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਰਾਜਨੀਤੀ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਮੁੜ ਇਕੱਠੇ ਹੋਣ ਨਾਲ ਨੌਜਵਾਨ ਵਰਕਰਾਂ ਵਿੱਚ ਵੀ ਖਾਸ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਅਨੁਸਾਰ ਪੰਜਾਬ ਨੂੰ ਦਰਪੇਸ਼ ਸਿਆਸੀ, ਆਰਥਿਕ ਅਤੇ ਸਮਾਜਿਕ ਚੁਣੌਤੀਆਂ ਦੇ ਮੱਦੇਨਜ਼ਰ ਦੋਵਾਂ ਪਾਰਟੀਆਂ ਨੂੰ ਸਾਂਝੇ ਤੌਰ ਤੇ ਲੋਕਾਂ ਵਿੱਚ ਆਪਣਾ ਪੱਖ ਰੱਖਣ ਦਾ ਮੌਕਾ ਮਿਲੇਗਾ।