ਆਲ ਇੰਡੀਆ ਆਈਪੀਐਸਸੀ ਐਥਲੈਟਿਕਸ ਚੈਂਪੀਅਨਸ਼ਿਪ ਦਾ ਆਗਾਜ਼ ਆਲ ਇੰਡੀਆ ਆਈਪੀਐਸਸੀ ਐਥਲੈਟਿਕਸ ਚੈਂਪੀਅਨਸ਼ਿਪ ਦਾ ਆਗਾਜ਼
Publish Date: Wed, 07 Oct 2026 05:58 PM (IST)
Updated Date: Wed, 07 Oct 2026 05:59 PM (IST)
ਫੋਟੋ 7ਪੀਟੀਐਲ: 11: ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਆਲ ਇੰਡੀਆ ਆਈਪੀਐਸਸੀ ਐਥਲੈਟਿਕਸ ਚੈਂਪੀਅਨਸ਼ਿਪ ਦਾ ਬੁੱਧਵਾਰ ਨੂੰ ਸ਼ਾਨਦਾਰ ਆਗਾਜ਼ ਹੋਇਆ। ਚਾਰ ਰੋਜ਼ਾ ਰਾਸ਼ਟਰੀ ਪੱਧਰੀ ਇਸ ਚੈਂਪੀਅਨਸ਼ਿਪ ਵਿੱਚ ਦੇਸ਼ ਦੇ 24 ਪ੍ਰਸਿੱਧ ਸਕੂਲਾਂ ਤੋਂ 470 ਤੋਂ ਵੱਧ ਖਿਡਾਰੀ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਵਿੱਚ ਹਿੱਸਾ ਲੈ ਰਹੇ ਹਨ। ਉਦਘਾਟਨੀ ਸਮਾਰੋਹ ਵਿੱਚ ਪੰਜਾਬ ਪਬਲਿਕ ਸਕੂਲ ਨਾਭਾ ਦੀ ਕਾਰਜਕਾਰੀ ਕਮੇਟੀ ਅਤੇ ਬੋਰਡ ਆਫ਼ ਗਵਰਨਰਜ਼ ਦੇ ਪ੍ਰਧਾਨ ਜੈ ਸਿੰਘ ਗਿੱਲ, ਆਈਏਐਸ (ਸੇਵਾਮੁਕਤ), ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਖਿਡਾਰੀਆਂ ਨੂੰ ਦ੍ਰਿੜ੍ਹਤਾ, ਅਨੁਸ਼ਾਸਨ ਅਤੇ ਉੱਚ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਟੀਮ ਭਾਵਨਾ, ਅਗਵਾਈ ਦੀ ਸਮਰੱਥਾ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਦਾ ਜਜ਼ਬਾ ਪੈਦਾ ਕਰਦੀਆਂ ਹਨ। ਇਸ ਉਪਰੰਤ ਉਨ੍ਹਾਂ ਨੇ ਚੈਂਪੀਅਨਸ਼ਿਪ ਦੇ ਰਸਮੀ ਆਗਾਜ਼ ਦਾ ਐਲਾਨ ਕੀਤਾ। ਚੈਂਪੀਅਨਸ਼ਿਪ ਦੌਰਾਨ ਟਰੈਕ ਅਤੇ ਫੀਲਡ ਦੀਆਂ ਵੱਖ-ਵੱਖ ਪ੍ਰਤੀਯੋਗਤਾਵਾਂ ਕਰਵਾਈਆਂ ਜਾ ਰਹੀਆਂ ਹਨ। ਪਹਿਲੇ ਦਿਨ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਤਗਮਿਆਂ ਲਈ ਸਖ਼ਤ ਮੁਕਾਬਲੇ ਦੇਖਣ ਨੂੰ ਮਿਲੇ। ਸਕੂਲ ਦੇ ਹੈੱਡਮਾਸਟਰ ਡਾ. ਡੀ.ਸੀ. ਸ਼ਰਮਾ ਨੇ ਸਾਰੇ ਖਿਡਾਰੀਆਂ ਅਤੇ ਸਕੂਲਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਵੱਕਾਰੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰਨਾ ਸਕੂਲ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਪ੍ਰਤੀਯੋਗੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।