- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੱਠਜੋੜ ਪੰਜਾਬ ਲਈ ਘਾਤਕ: ਜਥੇਦਾਰ ਟੌਹੜਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਵਾਰਸ ਪੰਜਾਬ ਦੇ) ਦੇ ਆਗੂ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵੀ ਗੱਠਜੋੜ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਹ ਸਮਝੌਤਾ ਪੰਜਾਬ ਦੇ ਹਿੱਤਾਂ ਲਈ ਘਾਤਕ ਸਾਬਤ ਹੋਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਦੋਵੇਂ ਪਾਰਟੀਆਂ ਪੰਜਾਬ ਦੀ ਭਲਾਈ ਦੀ ਬਜਾਏ ਸੱਤਾ ਹਾਸਲ ਕਰਨ ਲਈ ਸਿਆਸੀ ਸਮਝੌਤਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਨੂੰ ਆਪਣੇ ਸਿਆਸੀ ਗੱਠਜੋੜ ਲਈ ਹਿੰਦੂ-ਸਿੱਖ ਏਕਤਾ ਦਾ ਸਹਾਰਾ ਨਹੀਂ ਲੈਣਾ ਚਾਹੀਦਾ। ਉਨ੍ਹਾਂ ਦੋਵਾਂ ਪਾਰਟੀਆਂ ਦੀ ਨੁਮਾਇੰਦਗੀ ਅਤੇ ਪਿਛਲੇ ਕਾਰਜਕਾਲ ’ਤੇ ਵੀ ਸਵਾਲ ਉਠਾਏ। ਜਥੇਦਾਰ ਟੌਹੜਾ ਨੇ ਭਾਜਪਾ ’ਤੇ ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਨੂੰ ਰਿਆਇਤਾਂ ਦੇ ਕੇ ਪੰਜਾਬ ਦੇ ਉਦਯੋਗਿਕ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਲਾਇਆ। ਉਨ੍ਹਾਂ ਭਾਖੜਾ ਡੈਮ, ਨਸ਼ਿਆਂ, ਗੈਂਗਸਟਰਵਾਦ ਅਤੇ ਰੇਤ ਮਾਫ਼ੀਆ ਦੇ ਮੁੱਦੇ ਵੀ ਉਠਾਏ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਨਾ ਮਿਲਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੂੰ ਇਨ੍ਹਾਂ ਮਾਮਲਿਆਂ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਰਾਜ ਦੌਰਾਨ ਸਿੱਖਾਂ ਵਿਰੁੱਧ ਝੂਠੇ ਪਰਚੇ ਦਰਜ ਹੋਏ ਅਤੇ ਡੇਰਾਵਾਦ ਨੂੰ ਵੀ ਉਤਸ਼ਾਹ ਮਿਲਿਆ।