ਅਮਨ ਅਰੋੜਾ ਨੇ ਮਾਰਕੀਟ ਕਮੇਟੀ ਚੀਮਾ ਦੇ ਨਵੇਂ ਦਫ਼ਤਰ ਦਾ ਨੀਂਹ ਪੱਥਰ ਰੱਖਿਆ ਅਮਨ ਅਰੋੜਾ ਨੇ ਮਾਰਕੀਟ ਕਮੇਟੀ ਚੀਮਾ ਦੇ ਨਵੇਂ ਦਫ਼ਤਰ ਦਾ ਨੀਂਹ ਪੱਥਰ ਰੱਖਿਆ
Publish Date: Fri, 14 Aug 2026 03:53 PM (IST)
Updated Date: Fri, 14 Aug 2026 03:56 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਚੀਮਾ ਮੰਡੀ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਹੋਰ ਗਤੀ ਦਿੰਦਿਆਂ ਕੁੱਲ 12.60 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ 2.99 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਮਾਰਕੀਟ ਕਮੇਟੀ ਚੀਮਾ ਦੇ ਆਧੁਨਿਕ ਦਫ਼ਤਰ ਦੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ।ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਸਿਰਫ਼ ਸ਼ਹਿਰੀ ਖੇਤਰਾਂ ਤੱਕ ਸੀਮਤ ਨਹੀਂ ਰੱਖਿਆ ਗਿਆ, ਸਗੋਂ ਪਿੰਡਾਂ ਅਤੇ ਕਸਬਿਆਂ ਵਿੱਚ ਵੀ ਲੋੜ ਅਨੁਸਾਰ ਪ੍ਰੋਜੈਕਟ ਸ਼ੁਰੂ ਕਰਵਾਏ ਜਾ ਰਹੇ ਹਨ।ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਲੋਕਤੰਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਾ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿਆਸੀ ਅਤੇ ਵਿਚਾਰਧਾਰਕ ਮਤਭੇਦ ਲੋਕਤੰਤਰ ਦਾ ਹਿੱਸਾ ਹਨ, ਪਰ ਕਿਸੇ ਵੀ ਵਿਅਕਤੀ ਵਿਰੁੱਧ ਹਿੰਸਕ ਕਾਰਵਾਈ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਨੂੰ ਆਪਣੇ ਵਿਚਾਰ ਲੋਕਤੰਤਰਿਕ ਅਤੇ ਸ਼ਾਂਤਮਈ ਢੰਗ ਨਾਲ ਲੋਕਾਂ ਸਾਹਮਣੇ ਰੱਖਣੇ ਚਾਹੀਦੇ ਹਨ ਅਤੇ ਹਿੰਸਾ ਦੀ ਹਰ ਘਟਨਾ ਦੀ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਧਿਆਨ ਸਿਰਫ਼ ਐਲਾਨ ਕਰਨ ਤੱਕ ਸੀਮਤ ਨਹੀਂ ਹੈ, ਸਗੋਂ ਜ਼ਮੀਨੀ ਪੱਧਰ ਤੇ ਵਿਕਾਸ ਕਾਰਜਾਂ ਨੂੰ ਅਮਲੀ ਰੂਪ ਦੇਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਵਿੱਚ ਬੁਨਿਆਦੀ ਢਾਂਚੇ, ਸੜਕਾਂ, ਪਾਣੀ, ਸੀਵਰੇਜ, ਸਿੱਖਿਆ, ਸਿਹਤ ਅਤੇ ਹੋਰ ਜਨਤਕ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜਾਂ ਦੀ ਰਫ਼ਤਾਰ ਜਾਰੀ ਰਹੇਗੀ।ਉਨ੍ਹਾਂ ਕਿਹਾ ਕਿ 12.60 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਸੁਨਾਮ ਹਲਕੇ ਦੇ ਵਿਕਾਸ ਦੀ ਲਗਾਤਾਰ ਜਾਰੀ ਪ੍ਰਕਿਰਿਆ ਦਾ ਹਿੱਸਾ ਹਨ ਅਤੇ ਸਰਕਾਰ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਹੋਰ ਪ੍ਰੋਜੈਕਟ ਵੀ ਲਿਆਉਂਦੀ ਰਹੇਗੀ।