- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਂਗਣਵਾੜੀ ਵਰਕਰਾਂ ਨੇ ਮੰਤਰੀ ਅਰੋੜਾ ਦੀ ਕੋਠੀ ਮੂਹਰੇ ਕੀਤਾ ਪਿੱਟ ਸਿਆਪਾ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਕੀਤੇ ਵਾਅਦੇ ਚੇਤੇ ਕਰਵਾਉਣ ਲਈ ਸਰਵ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਪੰਜਾਬ, ਦੀ ਜ਼ਿਲ੍ਹਾ ਪ੍ਰਧਾਨ ਵੀਰਪਾਲ ਕੌਰ ਦੀ ਅਗਵਾਈ ਹੇਠ ਇਕੱਠੀਆਂ ਹੋਈਆਂ ਵਰਕਰਾਂ ਅਤੇ ਹੈਲਪਰਾਂ ਨੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਜ਼ੋਰਦਾਰ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ। ਸਰਕਾਰ ਦਾ ਪਿੱਟ ਸਿਆਪਾ ਕਰਨ ਉਪਰੰਤ ਮੰਤਰੀ ਦੇ ਦਫ਼ਤਰ ਮੰਗ ਵੀ ਦਿੱਤਾ ਗਿਆ।
ਇਸ ਮੌਕੇ ਬੋਲਦਿਆਂ ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਵੀਰਪਾਲ ਕੌਰ, ਮੀਤ ਪ੍ਰਧਾਨ ਅਮਰਜੀਤ ਕੌਰ, ਭਵਨਦੀਪ ਕੌਰ ਅਤੇ ਪ੍ਰਦੀਪ ਕੌਰ ਨੇ ਆਖਿਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਕਰੱਚ ਵਰਕਰਾਂ, ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ, ਜਿਹੜਾ ਸਰਕਾਰ ਦੇ ਸਾਢੇ ਚਾਰ ਸਾਲ ਤੋਂ ਉੱਪਰ ਦਾ ਕਾਰਜਕਾਲ ਬੀਤ ਜਾਣ ਦੇ ਬਾਵਜੂਦ ਵੀ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਿਗੂਣੇ ਮਿਹਨਤਾਨੇ ਤੇ ਸੇਵਾਵਾਂ ਨਿਭਾਅ ਰਹੀਆਂ ਹਨ, ਪਰ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਮੰਗਾਂ ਪੂਰੀਆਂ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ।
ਪ੍ਰਦਰਸ਼ਨਕਾਰੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਕੀਤੇ ਗਏ ਵਾਅਦਿਆਂ ਅਨੁਸਾਰ ਮਾਣ ਭੱਤਾ ਜਲਦੀ ਤੋਂ ਜਲਦੀ ਦੁੱਗਣਾ ਕਰਨ ਨੂੰ ਯਕੀਨੀ ਬਣਾਵੇ ਅਤੇ ਪਿਛਲਾ ਸਾਢੇ ਚਾਰ ਸਾਲਾ ਦਾ ਬਕਾਇਆ ਵੀ ਦਿੱਤਾ ਜਾਵੇ। ਸਾਲਾਨਾ ਇਨਕਰੀਮੈਂਟ 2000 ਕੀਤਾ ਜਾਵੇ । ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਘੱਟੋ ਘੱਟ ਉਜਰਤ ਦਿੱਤੀ ਜਾਵੇ । ਉਨ੍ਹਾਂ ਆਖਿਆ ਕਿ ਜੇਕਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਤਾਂ ਜਥੇਬੰਦੀ ਅਕਤੂਬਰ ਦੇ ਪਹਿਲੇ ਹਫਤੇ ਪੰਜਾਬ ਪੱਧਰ ਤੇ ਇਕੱਠੇ ਹੋ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕਰੇਗੀ।