- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਂਗਨਵਾੜੀ ਵਰਕਰਾਂ ਨੇ ਡੀਸੀ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕਰਕੇ ਦਿੱਤੀਆਂ ਗ੍ਰਿਫ਼ਤਾਰੀਆਂ

ਸੱਤਪਾਲ ਕਾਲਾਬੂਲਾ/ਜਸਪਾਲ ਲਾਡੇਵਾਲ, ਪੰਜਾਬੀ ਜਾਗਰਣ, ਮਾਲੇਰਕੋਟਲਾ
ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਜ਼ਿਲ੍ਹਾ ਇਕਾਈ ਵੱਲੋਂ ਜ਼ਿਲ੍ਹਾ ਆਗੂ ਗੁਰਮੇਲ ਕੌਰ ਦੀ ਅਗਵਾਈ ਹੇਠ ਅੱਜ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਮੰਨਣ ਦੀ ਮੰਗ ਕੀਤੀ।
ਰੋਸ ਮੁਜ਼ਾਹਰੇ ਤੋਂ ਬਾਅਦ ਪੁਲੀਸ ਨੇ 350 ਦੇ ਕਰੀਬ ਪ੍ਰਦਰਸ਼ਨਕਾਰੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਕੇ ਥਾਣੇ ਭੇਜ ਦਿੱਤਾ। ਕੁਝ ਸਮੇਂ ਬਾਅਦ ਪੁਲੀਸ ਵੱਲੋਂ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।
ਯੂਨੀਅਨ ਆਗੂਆਂ ਨੇ ਕਿਹਾ ਕਿ 10 ਅਗਸਤ ਦਾ ਸਾਂਝਾ ਅੰਦੋਲਨ ਸਿਰਫ਼ ਕਿਸਾਨਾਂ ਅਤੇ ਮਜ਼ਦੂਰਾਂ ਦਾ ਸੰਘਰਸ਼ ਨਹੀਂ, ਸਗੋਂ ਹਰ ਉਸ ਮਿਹਨਤਕਸ਼ ਦੀ ਆਵਾਜ਼ ਹੈ, ਜੋ ਸਰਕਾਰੀ ਨੀਤੀਆਂ ਕਾਰਨ ਆਪਣੇ ਹੱਕਾਂ ਤੋਂ ਵਾਂਝਾ ਹੈ। ਉਨ੍ਹਾਂ ਕਿਹਾ ਕਿ ਆਂਗਨਵਾੜੀ ਵਰਕਰ ਅਤੇ ਹੈਲਪਰ ਵੀ ਇਸ ਸਾਂਝੇ ਸੰਘਰਸ਼ ਦਾ ਅਹਿਮ ਹਿੱਸਾ ਹਨ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਪੰਜਵਾਂ ਸਾਲ ਸ਼ੁਰੂ ਹੋ ਚੁੱਕਾ ਹੈ ਪਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਕਈ ਅਹਿਮ ਮਸਲੇ ਅਜੇ ਵੀ ਲਟਕ ਰਹੇ ਹਨ। ਸਰਕਾਰ ਨਾਲ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਉਨ੍ਹਾਂ ਵਿੱਚ ਕੀਤੇ ਫ਼ੈਸਲੇ ਅਤੇ ਦਿੱਤੇ ਭਰੋਸੇ ਜ਼ਮੀਨੀ ਪੱਧਰ ’ਤੇ ਲਾਗੂ ਨਹੀਂ ਹੋਏ।
ਕਾਮਰੇਡ ਅਬਦੁਲ ਸਤਾਰ ਅਤੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਕੌਰ ਨੇ ਮੰਗ ਕੀਤੀ ਕਿ ਚੋਣਾਂ ਸਮੇਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਭੱਤੇ ਵਿੱਚ ਦੁੱਗਣਾ ਵਾਧਾ ਕਰਨ ਦਾ ਕੀਤਾ ਵਾਅਦਾ ਤੁਰੰਤ ਲਾਗੂ ਕੀਤਾ ਜਾਵੇ। ਆਂਗਨਵਾੜੀ ਵਰਕਰਾਂ ਨੂੰ ਗਰੇਡ-3 ਅਤੇ ਹੈਲਪਰਾਂ ਨੂੰ ਗਰੇਡ-4 ਦਾ ਦਰਜਾ ਦੇ ਕੇ ਉਨ੍ਹਾਂ ਨੂੰ ਘੱਟੋ-ਘੱਟ ਤਨਖ਼ਾਹ ਦੇ ਘੇਰੇ ਵਿੱਚ ਲਿਆਂਦਾ ਜਾਵੇ।
ਉਨ੍ਹਾਂ ਖਾਲੀ ਪਈਆਂ ਵਰਕਰਾਂ, ਹੈਲਪਰਾਂ ਅਤੇ ਸੁਪਰਵਾਈਜ਼ਰਾਂ ਦੀਆਂ ਅਸਾਮੀਆਂ ਤੁਰੰਤ ਭਰਨ, ਯੋਗ ਵਰਕਰਾਂ ਨੂੰ ਤਰੱਕੀ ਦਾ ਹੱਕ ਦੇਣ ਅਤੇ ਅਪ੍ਰੈਲ 2022 ਵਿੱਚ ਸੁਪਰੀਮ ਕੋਰਟ ਵੱਲੋਂ ਗ੍ਰੈਚੁਟੀ ਸਬੰਧੀ ਦਿੱਤੇ ਫ਼ੈਸਲੇ ਨੂੰ ਬਿਨਾਂ ਦੇਰੀ ਲਾਗੂ ਕਰਨ ਦੀ ਮੰਗ ਵੀ ਕੀਤੀ।
ਇਸ ਤੋਂ ਇਲਾਵਾ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਲਈ ਪੈਨਸ਼ਨ, ਈਐੱਸਆਈ, ਈਪੀਐੱਫ ਸਮੇਤ ਸਮਾਜਿਕ ਸੁਰੱਖਿਆ ਦੀਆਂ ਸਹੂਲਤਾਂ ਯਕੀਨੀ ਬਣਾਉਣ, ਵਿਭਾਗੀ ਕੰਮ ਤੋਂ ਇਲਾਵਾ ਵਾਧੂ ਕੰਮ ਲੈਣ ਦੀ ਪ੍ਰਥਾ ਬੰਦ ਕਰਨ ਅਤੇ ਆਂਗਨਵਾੜੀ ਕੇਂਦਰਾਂ ਵਿੱਚ ਲੋੜੀਂਦਾ ਬੁਨਿਆਦੀ ਢਾਂਚਾ, ਪੋਸ਼ਣ ਸਮੱਗਰੀ ਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ।
ਆਗੂਆਂ ਨੇ ਕਿਹਾ ਕਿ ਆਂਗਨਵਾੜੀ ਵਰਕਰ ਅਤੇ ਹੈਲਪਰ ਭੀਖ ਮੰਗਣ ਵਾਲਾ ਵਰਗ ਨਹੀਂ, ਸਗੋਂ ਬੱਚਿਆਂ, ਔਰਤਾਂ ਅਤੇ ਪਰਿਵਾਰਾਂ ਦੀ ਸੇਵਾ ਕਰਨ ਵਾਲੀ ਮਿਹਨਤਕਸ਼ ਤਾਕਤ ਹਨ।
ਯੂਨੀਅਨ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਨੂੰ ਹੋਰ ਲਟਕਾਇਆ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨੇ ਕਿਸਾਨਾਂ, ਮਜ਼ਦੂਰਾਂ ਅਤੇ ਸਮੂਹ ਮਿਹਨਤਕਸ਼ ਵਰਗਾਂ ਦੇ ਸਾਂਝੇ ਸੰਘਰਸ਼ ਨੂੰ ਮਜ਼ਬੂਤ ਕਰਦਿਆਂ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।
ਇਸ ਮੌਕੇ ਕੁਲ ਹਿੰਦ ਕਿਸਾਨ ਸਭਾ ਦੇ ਪ੍ਰਧਾਨ ਗੁਰਮੁੱਖ ਸਿੰਘ, ਸੁਖਪਾਲ ਕੌਰ, ਜਸਵਿੰਦਰ ਕੌਰ, ਪੂਜਾ ਰਾਣੀ (ਸਹਾਇਕ ਕੈਸ਼ੀਅਰ), ਗੁਰਜੀਤ ਕੌਰ, ਉਸ਼ਾ ਕੰਗਣਵਾਲ, ਰਵਨੀਤ ਕੌਰ (ਮੀਤ ਪ੍ਰਧਾਨ), ਰਣਜੀਤ ਕੌਰ ਚੌਂਦਾ, ਪਰਮਜੀਤ ਕੌਰ ਆਦਿ ਹਾਜ਼ਰ ਸਨ।