ਮਜ਼ਦੂਰ ਤੇ ਕਿਸਾਨ ਜਥੇਬੰਦੀਆਂ ਵੱਲੋਂ ਗ੍ਰਿਫ਼ਤਾਰੀਆਂ ਦੇਣ ਦਾ ਐਲਾਨ ਮਜ਼ਦੂਰ ਤੇ ਕਿਸਾਨ ਜਥੇਬੰਦੀਆਂ ਵੱਲੋਂ ਡੀਸੀ ਦਫ਼ਤਰ ਅੱਗੇ ਗ੍ਰਿਫ਼ਤਾਰੀਆਂ ਦੇਣ ਦਾ ਐਲਾਨ
Publish Date: Fri, 07 Aug 2026 05:34 PM (IST)
Updated Date: Sat, 08 Aug 2026 04:03 AM (IST)
ਸੱਤਪਾਲ ਕਾਲਾਬੂਲਾ/ਜਸਪਾਲ ਲਾਡੇਵਾਲ, ਪੰਜਾਬੀ ਜਾਗਰਣ, ਮਾਲੇਰਕੋਟਲਾ : ਕੇਂਦਰ ਸਰਕਾਰ ਦੀਆਂ ਕਥਿਤ ਕਾਰਪੋਰੇਟ ਪੱਖੀ ਨੀਤੀਆਂ ਅਤੇ ਮਜ਼ਦੂਰਾਂ ਤੇ ਕਿਸਾਨਾਂ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਪ੍ਰਮੁੱਖ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨਾਲ ਸਬੰਧਤ ਕਿਸਾਨ ਜਥੇਬੰਦੀਆਂ ਵੱਲੋਂ 10 ਅਗਸਤ ਨੂੰ ਦੇਸ਼ ਭਰ ਵਿੱਚ ਡੀਸੀ ਦਫ਼ਤਰਾਂ ਅੱਗੇ ਗ੍ਰਿਫ਼ਤਾਰੀਆਂ ਦੇਣ ਲਈ ਪੇਸ਼ ਹੋਣਗੇ ਅਤੇ ਮਾਲੇਰਕੋਟਲਾ ਵਿੱਚ ਵੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਸੀਟੂ ਦੇ ਜ਼ਿਲ੍ਹਾ ਤੇ ਸੂਬਾਈ ਮੀਤ ਪ੍ਰਧਾਨ ਪ੍ਰਿੰਸੀਪਲ ਜੋਗਿੰਦਰ ਸਿੰਘ ਔਲਖ ਨੇ ਗੁਰਦੁਆਰਾ ਸਿੰਘ ਸਭਾ ਮਾਲੇਰਕੋਟਲਾ ਵਿਖੇ ਹੋਈ ਮਜ਼ਦੂਰ ਤੇ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖੇ। ਉਨ੍ਹਾਂ ਦੱਸਿਆ ਕਿ 10 ਅਗਸਤ ਨੂੰ ਸਵੇਰੇ 10.30 ਵਜੇ ਵੱਖ-ਵੱਖ ਜਥੇਬੰਦੀਆਂ ਦੇ ਵਰਕਰ ਦਾਣਾ ਮੰਡੀ ਮਾਲੇਰਕੋਟਲਾ ਵਿੱਚ ਇਕੱਠੇ ਹੋਣਗੇ, ਜਿੱਥੇ ਰੈਲੀ ਕੀਤੀ ਜਾਵੇਗੀ। ਇਸ ਤੋਂ ਬਾਅਦ ਦੁਪਹਿਰ ਇੱਕ ਵਜੇ ਦਾਣਾ ਮੰਡੀ ਤੋਂ ਡੀਸੀ ਦਫ਼ਤਰ ਤੱਕ ਮਾਰਚ ਕੀਤਾ ਜਾਵੇਗਾ ਅਤੇ ਵਰਕਰ ਗ੍ਰਿਫ਼ਤਾਰੀਆਂ ਦੇਣ ਲਈ ਪੇਸ਼ ਹੋਣਗੇ। ਉਨ੍ਹਾਂ ਕਿਹਾ ਕਿ 29 ਜੁਲਾਈ ਨੂੰ ਨਵੀਂ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ ਹੋਈ ਕੇਂਦਰੀ ਪੱਧਰ ਦੀ ਸਾਂਝੀ ਕਨਵੈਨਸ਼ਨ ਵਿੱਚ ਮਜ਼ਦੂਰਾਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ ਕਰਦਿਆਂ 10 ਅਗਸਤ ਨੂੰ ਦੇਸ਼ ਭਰ ਵਿੱਚ ਡੀਸੀ ਦਫ਼ਤਰਾਂ ਅੱਗੇ ਗ੍ਰਿਫ਼ਤਾਰੀਆਂ ਦੇਣ ਦਾ ਸੱਦਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅਮਰੀਕਾ ਨਾਲ ਪ੍ਰਸਤਾਵਿਤ ਮੁਕਤ ਵਪਾਰ ਸੰਧੀ ਕਿਸਾਨਾਂ ਲਈ ਨੁਕਸਾਨਦੇਹ ਸਾਬਤ ਹੋ ਸਕਦੀ ਹੈ। ਖ਼ਾਸ ਕਰਕੇ ਡੇਅਰੀ ਉਤਪਾਦਾਂ ਅਤੇ ਦਾਲਾਂ ਨਾਲ ਸਬੰਧਤ ਖੇਤੀ ਕਰਨ ਵਾਲੇ ਕਿਸਾਨਾਂ ’ਤੇ ਇਸ ਦਾ ਮਾੜਾ ਪ੍ਰਭਾਵ ਪੈਣ ਦਾ ਖ਼ਦਸ਼ਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ 29 ਕਿਰਤ ਕਾਨੂੰਨਾਂ ਨੂੰ ਚਾਰ ਲੇਬਰ ਕੋਡਾਂ ਵਿੱਚ ਤਬਦੀਲ ਕਰਨ ਅਤੇ ਮਨਰੇਗਾ ਕਾਨੂੰਨ ਵਿੱਚ ਕੀਤੀਆਂ ਸੋਧਾਂ ਨਾਲ ਮਜ਼ਦੂਰ ਵਰਗ ਦੇ ਹਿੱਤ ਪ੍ਰਭਾਵਿਤ ਹੋ ਰਹੇ ਹਨ। ਜਥੇਬੰਦੀਆਂ ਨੇ ਕੇਂਦਰ ਸਰਕਾਰ ਦੀਆਂ ਮਜ਼ਦੂਰ ਅਤੇ ਕਿਸਾਨ ਵਿਰੋਧੀ ਨੀਤੀਆਂ ਵਾਪਸ ਲੈਣ ਦੀ ਮੰਗ ਕੀਤੀ। ਮੀਟਿੰਗ ਦੌਰਾਨ ਪ੍ਰੋਗਰਾਮ ਸਬੰਧੀ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦੀਆਂ ਡਿਊਟੀਆਂ ਵੀ ਲਾਈਆਂ ਗਈਆਂ। ਇਸ ਮੌਕੇ ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਰੋਹਣੋਂ, ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ ਮਾਨਸਾ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰੁਪਿੰਦਰ ਸਿੰਘ ਚੌਂਦਾ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਦਰਸ਼ਨ ਸਿੰਘ ਕੁਠਾਲਾ ਤੇ ਸਾਹਿਬ ਸਿੰਘ ਕਲਿਆਣ, ਸੀਟੂ ਦੇ ਸੂਬਾ ਮੀਤ ਪ੍ਰਧਾਨ ਦੇਵ ਰਾਜ ਵਰਮਾ, ਏਟਕ ਦੇ ਜ਼ਿਲ੍ਹਾ ਜਨਰਲ ਸਕੱਤਰ ਭਰਪੂਰ ਸਿੰਘ, ਮੁਹੰਮਦ ਖਲੀਲ, ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਰਿੰਦਰ ਭੈਣੀ, ਬੀਕੇਯੂ ਡਕੌਂਦਾ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਬੂਟਾ ਖ਼ਾਨ, ਬੀਕੇਯੂ ਕਾਦੀਆਂ ਦੇ ਜਗਦੀਸ਼ ਸਿੰਘ ਚੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਗਰੇਵਾਲ ਹਾਜ਼ਰ ਸਨ।