
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਿਹਤ ਮੰਤਰੀ ਦੀ ਰਿਹਾਇਸ਼ ਅੱਗੇ 31 ਅਗਸਤ ਨੂੰ ਧਰਨਾ ਦੇਣ ਦਾ ਐਲਾਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 31 ਅਗਸਤ 2026 ਨੂੰ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੀ ਪਟਿਆਲਾ ਸਥਿਤ ਰਿਹਾਇਸ਼ ਦੇ ਬਾਹਰ ਧਰਨਾ ਅਤੇ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਪਟਿਆਲਾ ਯੂਨੀਅਨ ਵੱਲੋਂ ਚੀਫ ਮੈਡੀਕਲ ਅਫਸਰ ਡਾ. ਸ਼ੈਲੀ ਜੇਟਲੀ ਅਤੇ ਡਾ. ਜਸਵਿੰਦਰ ਸਿੰਘ ਡੀਐੱਮਸੀ ਨੂੰ ਮੰਗ ਪੱਤਰ ਸੌਂਪਿਆ ਗਿਆ। ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਰਾਜੇਸ਼ ਪਵਾਰ ਨੇ ਦੱਸਿਆ ਕਿ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਦੀ ਅਗਵਾਈ ਹੇਠ 31 ਅਗਸਤ ਨੂੰ ਸਿਹਤ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਪ੍ਰਦਰਸ਼ਨ ਤੇ ਰੋਸ ਮਾਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਧਰਨੇ ਵਿਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਆਊਟਸੋਰਸ ਅਤੇ ਕੱਚੇ ਸਿਹਤ ਮੁਲਾਜ਼ਮ ਸ਼ਮੂਲੀਅਤ ਕਰਨਗੇ। ਪ੍ਰੈੱਸ ਸਕੱਤਰ ਹਰਵਿੰਦਰਪਾਲ ਸਿੰਘ ਨੇ ਕਿਹਾ ਕਿ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਸਰਕਾਰ ਅਤੇ ਸਿਹਤ ਮੰਤਰੀ ਪੰਜਾਬ ਤੱਕ ਪਹੁੰਚਾਉਣ ਲਈ ਸ਼ਾਂਤੀਪੂਰਨ ਢੰਗ ਨਾਲ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਊਟਸੋਰਸ ਅਤੇ ਕੱਚੇ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸਰਕਾਰ ਤੋਂ ਉਮੀਦਾਂ ਲਗਾਈ ਬੈਠੇ ਹਨ। ਜ਼ਿਲ੍ਹਾ ਪਟਿਆਲਾ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਧਰਨੇ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਫੈਸਲਾ ਨਾ ਲਿਆ ਗਿਆ ਤਾਂ ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਲਗਾਤਾਰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਆਰਗੇਨਾਈਜ਼ਰ ਹਰਪਾਲ ਸਿੰਘ, ਅਤਿੰਦਰ ਸਿੰਘ, ਮੁੱਖ ਸਲਾਹਕਾਰ ਗੁਰਧਿਆਨ ਸਿੰਘ ਸਮੇਤ ਯੂਨੀਅਨ ਦੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।