ਚਿਤਕਾਰਾ ਯੂਨੀਵਰਸਿਟੀ ਮਾਮਲੇ ’ਚ ਇਕ ਹੋਰ ਮੁਲਜ਼ਮ ਗ੍ਰਿਫ਼ਤਾਰ ਚਿਤਕਾਰਾ ਯੂਨੀਵਰਸਿਟੀ ਮਾਮਲੇ ’ਚ ਇਕ ਹੋਰ ਮੁਲਜ਼ਮ ਗ੍ਰਿਫ਼ਤਾਰ
Publish Date: Sat, 03 Oct 2026 06:07 PM (IST)
Updated Date: Sat, 03 Oct 2026 06:07 PM (IST)
ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਚਿਤਕਾਰਾ ਯੂਨੀਵਰਸਿਟੀ ਵਿਖੇ 25-26 ਸਤੰਬਰ 2026 ਦੀ ਦਰਮਿਆਨੀ ਰਾਤ ਨੂੰ ਵਿਦਿਆਰਥੀਆਂ ਵੱਲੋਂ ਕੀਤੇ ਗਏ ਹੰਗਾਮੇ ਦੀ ਘਟਨਾ ਦੇ ਸਬੰਧ ਵਿਚ ਕੀਤੀ ਜਾ ਰਹੀ ਕਾਰਵਾਈ ਨੂੰ ਅੱਗੇ ਵਧਾਉਂਦੇ ਹੋਏ ਬਨੂੜ ਪੁਲਿਸ ਨੇ ਅੱਜ ਹਰਿਆਣਾ ਦੇ ਫਤਿਹਾਬਾਦ ਤੋਂ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਤੇ ਸੋਸ਼ਲ ਮੀਡੀਆ ਰਾਹੀਂ ਵਿਦਿਆਰਥੀਆਂ ਨੂੰ ਭੜਕਾਉਣ ਅਤੇ ਉਕਸਾਉਣ ਵਿਚ ਸ਼ਾਮਲ ਹੋਣ ਦਾ ਦੋਸ਼ ਹੈ। ਥਾਣਾ ਮੁਖੀ ਗੁਰਸੇਵਕ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤੀਜੇ ਮੁਲਜ਼ਮ ਦੀ ਪਛਾਣ ਪਾਰਥ ਮਹਿਤਾ, ਵਾਸੀ ਫਤਿਹਾਬਾਦ ਵਜੋਂ ਹੋਈ ਹੈ। ਘਟਨਾ ਤੋਂ ਬਾਅਦ, ਥਾਣਾ ਬਨੂੜ ਵਿਖੇ ਇਕ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਵੱਡੇ ਪੱਧਰ ਤੇ ਜਾਂਚ ਸ਼ੁਰੂ ਕੀਤੀ ਗਈ ਸੀ। ਜਾਂਚ ਦੌਰਾਨ, ਇਸ ਮਾਮਲੇ ਵਿਚ ਪਹਿਲਾਂ ਦੋ ਮੁਲਜ਼ਮਾਂ ਹਿਮਾਂਸ਼ੂ (ਵਾਸੀ ਨੰਗਲ) ਅਤੇ ਆਰੀਅਨ (ਵਾਸੀ ਅੰਬਾਲਾ) ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਂਚ ਦੇ ਅਗਲੇ ਪੜਾਅ ਦੌਰਾਨ, ਫਤਿਹਾਬਾਦ ਦੇ ਰਹਿਣ ਵਾਲੇ ਪਾਰਥ ਮਹਿਤਾ ਦਾ ਨਾਮ ਵੀ ਸਾਹਮਣੇ ਆਇਆ। ਉਸ ਤੇ ਦੋਸ਼ ਹੈ ਕਿ ਉਸਨੇ ਵਿਦਿਆਰਥੀਆਂ ਨੂੰ ਭੜਕਾਉਣ ਲਈ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਝੂਠੇ ਅਤੇ ਗੁੰਮਰਾਹਕੁੰਨ ਸੰਦੇਸ਼ ਫੈਲਾਏ ਅਤੇ ਨਾਲ ਹੀ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਕਰਮਚਾਰੀਆਂ ਨੂੰ ਉਨ੍ਹਾਂ ਦੇ ਅਧਿਕਾਰਤ ਫਰਜ਼ ਨਿਭਾਉਣ ਵਿੱਚ ਰੁਕਾਵਟ ਪਾਉਣ ਵਰਗੀਆਂ ਗਤੀਵਿਧੀਆਂ ਵਿਚ ਹਿੱਸਾ ਲਿਆ। ਪਾਰਥ ਦੀ ਗ੍ਰਿਫ਼ਤਾਰੀ ਨਾਲ, ਇਸ ਮਾਮਲੇ ਵਿਚ ਹੁਣ ਤੱਕ ਕੁੱਲ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਸ ਵਿਰੁੱਧ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਉਸੇ ਐੱਫਆਈਆਰ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਗਲਤ ਜਾਣਕਾਰੀ ਫੈਲਾਉਣ, ਵਿਦਿਆਰਥੀਆਂ ਨੂੰ ਭੜਕਾਉਣ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਕਰਮਚਾਰੀਆਂ ਦੇ ਕੰਮ ਵਿਚ ਰੁਕਾਵਟ ਪਾਉਣ ਵਿਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਥਾਣਾ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨਾਂ ਨਾਲ ਹੀ ਕਿਹਾ ਕਿ ਜਲਦ ਇਸ ਮਾਮਲੇ ਵਿੱਚ ਲੋੜੀਂਦੇ ਮੁਲਾਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।