
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬਾਰਾਂਦਰੀ ਗਾਰਡਨ ਤੋਂ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਮਰਥਨ ’ਚ ਸੱਚ ਦਾ ਖੰਡਾ ਦੇ ਕੋਆਰਡੀਨੇਟਰ ਗੁਰਪਿਆਰ ਸਿੰਘ ਤੇ ਕੋਆਰਡੀਨੇਟਰ ਜਸਵੰਤ ਸਿੰਘ ਕੌਲੀ ਵੱਲੋਂ ਸਾਂਝੇ ਤੌਰ ’ਤੇ ਬਾਰਾਂਦਰੀ ਗਾਰਡਨ, ਪਟਿਆਲਾ ਤੋਂ ਨਸ਼ਾ ਵਿਰੋਧੀ ਨੌਜਵਾਨ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਤਹਿਤ ਹਰ ਐਤਵਾਰ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਰੈਲੀ ਅਤੇ ਮਾਰਚ ਕੱਢਿਆ ਜਾਵੇਗਾ। ਮੁਹਿੰਮ ਦੇ ਪਹਿਲੇ ਸਮਾਗਮ ਵਿਚ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ 100 ਤੋਂ ਵੱਧ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਮਾਹਿਰ ਡਾਕਟਰ ਵੀ ਮੌਜੂਦ ਰਹੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ। ਬਾਰਾਂਦਰੀ ਗਾਰਡਨ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਪਿਆਰ ਸਿੰਘ ਅਤੇ ਜਸਵੰਤ ਸਿੰਘ ਕੌਲੀ ਨੇ ਨੌਜਵਾਨਾਂ ਨੂੰ ਨਸ਼ਿਆਂ ਨੂੰ ਸਖ਼ਤੀ ਨਾਲ ਨਕਾਰਨ ਤੇ ਦੇਸ਼ ਨਿਰਮਾਣ ਵਿਚ ਆਪਣੀ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਜਸਵੰਤ ਸਿੰਘ ਕੌਲੀ ਨੇ ਕਿਹਾ ਕਿ ਨੌਜਵਾਨ ਦੇਸ਼ ਦੀ ਵੱਡੀ ਤਾਕਤ ਹਨ ਅਤੇ ਭਵਿੱਖ ਦੀ ਵਾਗਡੋਰ ਉਨ੍ਹਾਂ ਦੇ ਹੱਥਾਂ ਵਿੱਚ ਹੈ। ਮੁੱਖ ਕੋਆਰਡੀਨੇਟਰ ਗੁਰਪਿਆਰ ਸਿੰਘ ਨੇ ਨੌਜਵਾਨਾਂ ਨੂੰ ਆਪਣੇ ਸਾਥੀਆਂ ਵਿਚ ਵੀ ਨਸ਼ਾ ਵਿਰੋਧੀ ਜਾਗਰੂਕਤਾ ਦਾ ਸੁਨੇਹਾ ਪਹੁੰਚਾਉਣ ਅਤੇ ਇਸ ਮੁਹਿੰਮ ਨੂੰ ਘਰ-ਘਰ ਤੱਕ ਲਿਜਾਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਾਬਕਾ ਪ੍ਰਿੰਸੀਪਲ ਨਿਰਮਲਜੀਤ ਕੌਰ, ਹਰੀ ਚੰਦ ਬਾਂਸਲ, ਹਰਜੀਤ ਕੌਰ ਰੋਜ਼ੀ, ਜਸਵਿੰਦਰ ਕੌਰ, ਐਡਵੋਕੇਟ ਤਾਰਾ ਸਿੰਘ ਭਮਰਾ, ਰਣਜੀਤ ਕੌਰ ਅਤੇ ਨਿਰਮਲਜੀਤ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।