ਪਾਪ ਦੇ ਰੁਝਾਨ ਨੂੰ ਠੱਲ੍ਹ ਪਾਵੇਗਾ ਬੇਅਦਬੀ ਵਿਰੋਧੀ ਕਾਨੂੰਨ : ਜਵੰਧਾ
ਪਾਪ ਦੇ ਰੁਝਾਨ ਨੂੰ ਠੱਲ੍ਹ ਪਾਵੇਗਾ ਬੇਅਦਬੀ ਵਿਰੋਧੀ ਕਾਨੂੰਨ : ਜਵੰਧਾ
Publish Date: Sat, 28 Mar 2026 05:42 PM (IST)
Updated Date: Sun, 29 Mar 2026 04:09 AM (IST)

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ ਪੰਜਾਬ ਦੀ ਰਾਜਨੀਤੀ ਅਤੇ ਸਮਾਜਿਕ ਖੇਤਰ ਵਿੱਚ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਹਮੇਸ਼ਾਂ ਹੀ ਇੱਕ ਸੰਵੇਦਨਸ਼ੀਲ ਅਤੇ ਗੰਭੀਰ ਮੁੱਦਾ ਰਹੀਆਂ ਹਨ। ਇਸੇ ਸੰਦਰਭ ਵਿੱਚ ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਤਾਜ਼ਾ ਫੈਸਲੇ ਦਾ ਭਰਵਾਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਆਉਣ ਨਾਲ ਅਜਿਹੇ ਘਿਨਾਉਣੇ ਪਾਪ ਦੇ ਰੁਝਾਨ ਨੂੰ ਪੱਕੇ ਤੌਰ ’ਤੇ ਠੱਲ੍ਹ ਪਵੇਗੀ। ਉਨ੍ਹਾਂ ਦੱਸਿਆ ਕਿ ‘ਜਗਤ ਜੋਤ ਸਤਿਕਾਰ ਗੁਰੂ ਗ੍ਰੰਥ ਸਾਹਿਬ ਐਕਟ’ ਵਿੱਚ ਵੱਡੀ ਸੋਧ/ਵਾਧਾ ਕਰਨ ਦੀ ਤਿਆਰੀ ਹੈ। ਇਸ ਤਹਿਤ ਬੇਅਦਬੀ ਦੇ ਦੋਸ਼ੀਆਂ ਲਈ ਸਜ਼ਾ ਦੀ ਮਿਆਦ ਵਧਾ ਕੇ 10 ਸਾਲ ਤੱਕ ਦੀ ਕੈਦ ਕੀਤੀ ਜਾ ਰਹੀ ਹੈ। ਗੰਭੀਰ ਮਾਮਲਿਆਂ ਵਿੱਚ ਇਹ ਸਜ਼ਾ ਉਮਰ ਕੈਦ ਤੱਕ ਵੀ ਹੋ ਸਕੇਗੀ। ਇਸ ਕਾਨੂੰਨ ਦਾ ਮਕਸਦ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਅਨਸਰਾਂ ਦੇ ਮਨਾਂ ਵਿੱਚ ਕਾਨੂੰਨ ਦਾ ਭੈਅ ਪੈਦਾ ਕਰਨਾ ਹੈ। ਡਾ. ਜਵੰਧਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੇ ਲੋਕ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਅਤੇ ਸਖ਼ਤ ਕਾਨੂੰਨ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਬੇਅਦਬੀ ਸਿਰਫ਼ ਇੱਕ ਅਪਰਾਧ ਨਹੀਂ, ਬਲਕਿ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਦਾ ਕਤਲ ਹੈ। ਮਾਨ ਸਰਕਾਰ ਦਾ ਇਹ ਕਦਮ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਕੋਈ ਵੀ ਸ਼ਰਾਰਤੀ ਅਨਸਰ ਪੰਜਾਬ ਦੀ ਸ਼ਾਂਤੀ ਭੰਗ ਕਰਨ ਜਾਂ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਦੀ ਹਿੰਮਤ ਨਹੀਂ ਕਰੇਗਾ। ਪੰਜਾਬ ਸਰਕਾਰ ਦਾ ਇਹ ਫੈਸਲਾ ਦਰਸਾਉਂਦਾ ਹੈ ਕਿ ਉਹ ਸੂਬੇ ਦੀਆਂ ਧਾਰਮਿਕ ਕਦਰਾਂ-ਕੀਮਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।