- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਲਾਸਟਿਕ ਦੀ ਥਾਂ ਕੱਪੜੇ ਜਾਂ ਜੂਟ ਦੇ ਥੈਲੇ ਵਰਤਣ ਦੀ ਅਪੀਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਲਾਸਟਿਕ ਪ੍ਰਦੂਸ਼ਣ ਤੋਂ ਵਾਤਾਵਰਨ ਨੂੰ ਬਚਾਉਣ ਤੇ ਲੋਕਾਂ ਨੂੰ ਸਿਹਤਮੰਦ ਜੀਵਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ ਲੋਕਾਂ ਨੂੰ ਪਲਾਸਟਿਕ ਦੇ ਲਿਫਾਫਿਆਂ ਦੀ ਥਾਂ ਕੱਪੜੇ ਤੇ ਜੂਟ ਦੇ ਥੈਲੇ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਸੋਸਾਇਟੀ ਪਿਛਲੇ ਕਈ ਸਾਲਾਂ ਤੋਂ ਇਸ ਸਬੰਧੀ ਮੁਹਿੰਮ ਚਲਾ ਰਹੀ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਨਿਸ਼ਠਾ ਤ੍ਰਿਪਾਠੀ ਨੇ ਕਿਹਾ ਕਿ ਰੋਜ਼ਾਨਾ ਜੀਵਨ ਵਿੱਚ ਪਲਾਸਟਿਕ ਦੇ ਲਿਫਾਫਿਆਂ ਦੀ ਵੱਧ ਰਹੀ ਵਰਤੋਂ ਵਾਤਾਵਰਨ ਅਤੇ ਸਿਹਤ ਦੋਵਾਂ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੁਰਾਣੇ ਸਮਿਆਂ ਵਿੱਚ ਲੋਕ ਪੁਰਾਣੇ ਕੱਪੜਿਆਂ ਤੋਂ ਥੈਲੇ ਤਿਆਰ ਕਰਕੇ ਵਾਰ-ਵਾਰ ਉਨ੍ਹਾਂ ਦੀ ਵਰਤੋਂ ਕਰਦੇ ਸਨ, ਜਿਸ ਨਾਲ ਸਮਾਨ ਨੂੰ ਆਸਾਨੀ ਨਾਲ ਲਿਜਾਇਆ ਜਾ ਸਕਦਾ ਸੀ ਅਤੇ ਪਲਾਸਟਿਕ ਪ੍ਰਦੂਸ਼ਣ ਵੀ ਨਹੀਂ ਹੁੰਦਾ ਸੀ। ਉਨ੍ਹਾਂ ਹਰੇਕ ਵਿਅਕਤੀ ਨੂੰ ਆਪਣੀ ਸਿਹਤ ਅਤੇ ਵਾਤਾਵਰਨ ਦੀ ਸੰਭਾਲ ਲਈ ਕੱਪੜੇ ਜਾਂ ਜੂਟ ਦੇ ਥੈਲੇ ਅਪਣਾਉਣ ਦੀ ਅਪੀਲ ਕੀਤੀ। ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਵਿਜੇ ਕੁਮਾਰ ਗੋਇਲ ਨੇ ਕਿਹਾ ਕਿ ਸੋਸਾਇਟੀ ਲੰਬੇ ਸਮੇਂ ਤੋਂ ਲੋਕਾਂ ਨੂੰ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਛੱਡਣ ਲਈ ਜਾਗਰੂਕ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਹੁਣ ਤੱਕ ਕਰੀਬ ਡੇਢ ਲੱਖ ਕੱਪੜੇ ਦੇ ਥੈਲੇ ਲੋਕਾਂ ਵਿੱਚ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੱਪੜੇ ਦਾ ਥੈਲਾ ਨਾਲ ਰੱਖਣਾ ਆਸਾਨ ਹੈ ਅਤੇ ਇਸ ਦੀ ਮੁੜ-ਮੁੜ ਵਰਤੋਂ ਕੀਤੀ ਜਾ ਸਕਦੀ ਹੈ। ਪਲਾਸਟਿਕ ਦੀ ਥਾਂ ਅਜਿਹੇ ਥੈਲਿਆਂ ਦੀ ਵਰਤੋਂ ਨਾਲ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਜੀਵਨ ਨੂੰ ਵਧੇਰੇ ਸਿਹਤਮੰਦ ਬਣਾਇਆ ਜਾ ਸਕਦਾ ਹੈ। ਇਸ ਮੌਕੇ ਪ੍ਰੋ. ਡਾ. ਅਮ੍ਰਿਤ ਸਮਰਾ, ਮਹਿੰਦਰਾ ਕਾਲਜ, ਅਤੇ ਅਮਿਤ ਕੁਮਾਰ ਗੋਇਲ ਵੀ ਹਾਜ਼ਰ ਸਨ।