- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
23 ਕਰੋੜ ਤੋਂ ਵੱਧ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਨਾਲ ਸ਼ਹਿਰ ਦੀ ਬਦਲੇਗੀ ਨੁਹਾਰ : ਦੇਸ ਰਾਜ ਸੀਨੀਅਰ ਮੀਤ ਪ੍ਰਧਾਨ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰਾਜਪੁਰਾ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਦੇਸ ਰਾਜ ਨੇ ਕਿਹਾ ਕਿ ਨਗਰ ਕੌਂਸਲ ਪ੍ਰਧਾਨ ਰਿਤੇਸ਼ ਬਾਂਸਲ ਦੀ ਅਗਵਾਈ ਹੇਠ ਤੇ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਤੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਦੀ ਦੇਖਰੇਖ ਹੇਠ ਬੀਤੇ ਦਿਨੀਂ ਹੋਈ ਨਗਰ ਕੌਂਸਲ ਹਾਊਸ ਦੀ ਮੀਟਿੰਗ ਦੌਰਾਨ 44 ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ ਹਨ। ਇਨ੍ਹਾਂ ਮਤਿਆਂ ਤਹਿਤ ਰਾਜਪੁਰਾ ਸ਼ਹਿਰ ’ਚ 23 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜ ਕਰਵਾਉਣ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿਚ ਸ਼ਹਿਰ ਦੀ ਨੁਹਾਰ ਬਦਲਣ ਵਿੱਚ ਕਿਸੇ ਵੀ ਤਰ੍ਹਾਂ ਦੀ ਕਸਰ ਨਹੀਂ ਛੱਡੀ ਜਾਵੇਗੀ। ਉਹ ਬੀਤੇ ਦਿਨੀ ਹੋਈ ਹਾਊਸ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਦੇਸ ਰਾਜ ਨੇ ਦੱਸਿਆ ਕਿ ਰਾਜਪੁਰਾ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸੀਸੀਟੀਵੀ ਕੈਮਰੇ ਲਗਾਉਣ ਦੀ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਇਸ ਮੰਗ ਨੂੰ ਧਿਆਨ ’ਚ ਰੱਖਦਿਆਂ ਮੀਟਿੰਗ ਦੌਰਾਨ ਸੀਸੀਟੀਵੀ ਕੈਮਰੇ ਲਗਾਉਣ ਸਬੰਧੀ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ’ਚ ਸਾਈਂ ਝੂਲੇ ਲਾਲ ਚੌਕ ਅਤੇ ਆਰੀਆ ਸਮਾਜ ਚੌਕ ਦੇ ਨਿਰਮਾਣ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਇਸ ਫ਼ੈਸਲੇ ਨਾਲ ਸਬੰਧਤ ਧਾਰਮਿਕ ਅਤੇ ਸਮਾਜਿਕ ਵਰਗਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸ਼ਹਿਰ ਦੀਆਂ ਸੜਕਾਂ ਦੇ ਨਵੀਨੀਕਰਨ ਅਤੇ ਸੀਵਰੇਜ ਪ੍ਰਣਾਲੀ ਵਿੱਚ ਸੁਧਾਰ ਕਰਨ ਸਬੰਧੀ ਵੀ ਕਈ ਮਤੇ ਪਾਸ ਕੀਤੇ ਗਏ ਹਨ, ਜਿਨ੍ਹਾਂ ਨੂੰ ਹਾਊਸ ਵਿਚ ਮੌਜੂਦ ਸਮੂਹ ਕੌਂਸਲਰਾਂ ਵੱਲੋਂ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਵਿਧਾਇਕਾ ਨੀਨਾ ਮਿੱਤਲ ਦੀ ਅਗਵਾਈ ਹੇਠ ਹਲਕਾ ਰਾਜਪੁਰਾ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਪੰਜਾਬ ਦੇ ਪ੍ਰਵੇਸ਼ ਦੁਆਰ ਵਜੋਂ ਜਾਣੇ ਜਾਂਦੇ ਰਾਜਪੁਰਾ ਸ਼ਹਿਰ ਦੇ ਵਿਕਾਸ ਵਿੱਚ ਵੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਪਾਸ ਕੀਤੇ ਗਏ ਵਿਕਾਸ ਮਤਿਆਂ ਦੇ ਲਾਗੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ। ਇਸ ਮੌਕੇ ਆਪ ਆਗੂ ਅਜੇ ਮਿੱਤਲ, ਨਗਰ ਕੌਂਸਲ ਪ੍ਰਧਾਨ ਰਿਤੇਸ਼ ਬਾਂਸਲ, ਜ਼ਿਲ੍ਹਾ ਯੂਥ ਜੁਆਇੰਟ ਸਕੱਤਰ ਸਵਰਨਦੀਪ ਸਿੰਘ ਸਮੇਤ ਹੋਰ ਆਗੂ ਅਤੇ ਪਤਵੰਤੇ ਮੌਜੂਦ ਸਨ।