ਸਰਕਾਰ ਨੇ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ’ਤੇ ਦਿੱਤਾ ਜ਼ੋਰ : ਅਰੋੜਾ
ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਦਿੱਤਾ ਜ਼ੋਰ : ਸੰਜੀਵ ਅਰੋੜਾ
Publish Date: Sun, 29 Mar 2026 04:30 PM (IST)
Updated Date: Sun, 29 Mar 2026 04:32 PM (IST)

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਤੇ ਸਥਾਨਕ ਸਰਕਾਰਾਂ ਬਾਰੇ ਵਿਭਾਗਾਂ ਦੇ ਮੰਤਰੀ ਸੰਜੀਵ ਅਰੋੜਾ ਨੇ ਘਨੌਰ ਨੇੜਲੇ ਪਿੰਡ ਗੋਬਿੰਦਗੜ੍ਹ, ਕਾਮੀ ਕਲਾਂ ਵਿਖੇ ਬੈਕਟਰਜ ਫੂਡ ਸਪੈਸ਼ਲਿਸਟੀਜ਼ ਲਿਮਟਿਡ (ਕ੍ਰੀਮਿਕਾ ਫੂਡ ਪ੍ਰੋਸੈਸਿੰਗ) ਪਲਾਂਟ ਦਾ ਦੌਰਾ ਕੀਤਾ। ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਪਲਾਂਟ ਵਿਚ ਰੱਖ-ਰਖਾਅ, ਸਾਫ਼-ਸਫ਼ਾਈ ਅਤੇ ਫੂਡ ਪ੍ਰੋਸੈਸਿੰਗ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਇਸ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਦਾ ਸਟੇਟ ਆਫ਼ ਦ ਆਰਟ ਪਲਾਂਟ ਹੋਣਾ ਮਾਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ’ਚ ਫੂਡ ਪ੍ਰੋਸੈਸਿੰਗ ਉਦਯੋਗ ਲਈ ਬਹੁਤ ਚੰਗਾ ਮਾਹੌਲ ਅਤੇ ਸੰਭਾਵਨਾਵਾਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ਵਿੱਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਖਾਸ ਤੌਰ ‘ਤੇ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਕਾਰਨ ਪੰਜਾਬ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਵਜੋਂ ਉਭਰ ਰਿਹਾ ਹੈ। ਇਸ ਮੌਕੇ ਬੈਕਟਰਜ ਫੂਡ ਸਪੈਸ਼ਲਿਸਟੀਜ਼ ਲਿਮਟਿਡ ਦੇ ਐਮਡੀ ਅਨੂਪ ਬੈਕਟਰ ਅਤੇ ਹੋਰ ਪ੍ਰਬੰਧਕਾਂ ਨੇ ਕੈਬਨਿਟ ਮੰਤਰੀ ਨੂੰ ਪਲਾਂਟ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਪਲਾਂਟ ਸਾਲ 2018 ਵਿੱਚ ਸ਼ੁਰੂ ਕੀਤਾ ਗਿਆ ਸੀ ਅਤੇ ਇੱਥੇ ਕਰੀਬ 2000 ਵਰਕਰ ਕੰਮ ਕਰਦੇ ਹਨ। ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ 350 ਲੜਕੀਆਂ ਲਈ ਹੋਸਟਲ ਬਣਾਉਣ ਦੀ ਯੋਜਨਾ ਵੀ ਬਣਾਈ ਗਈ ਹੈ, ਜਿਸ ਨਾਲ ਇੱਥੇ ਕੰਮ ਕਰਨ ਵਾਲੀਆਂ ਮਹਿਲਾ ਕਰਮਚਾਰੀਆਂ ਨੂੰ ਵੱਡੀ ਸਹੂਲਤ ਮਿਲੇਗੀ। ਅਨੂਪ ਬੈਕਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਦੌਰਾਨ ਕਰਵਾਏ ਗਏ ਨਿਵੇਸ਼ਕ ਸੰਮੇਲਨ ਦੌਰਾਨ ਕੰਪਨੀ ਵੱਲੋਂ 350 ਕਰੋੜ ਰੁਪਏ ਦਾ ਹੋਰ ਨਿਵੇਸ਼ ਕਰਨ ਦਾ ਵਾਅਦਾ ਕੀਤਾ ਗਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅਨੂਪ ਬੈਕਟਰ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਇੱਕ ਕਾਬਲ ਉਦਮੀ ਹਨ ਜੋ ਪੰਜਾਬ ’ਚ ਹੋਰ ਨਿਵੇਸ਼ ਕਰਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰ ਰਹੇ ਹਨ। ਇਸ ਮੌਕੇ ਪੀਆਰਟੀਸੀ ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾਂੜਵਾ ਵੀ ਮੌਜੂਦ ਸਨ।