- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਗਾ ਮਨਵਾਉਣ ਲਈ ਆਸ਼ਾ ਵਰਕਰਾਂ ਨੇ ਸਿਹਤ ਮੰਤਰੀ ਦਾ ਕੁੰਡਾ ਖੜਕਾਇਆ

ਸਟਾਫ ਰਿਪੋਰਟਰ•, ਪੰਜਾਬੀ ਜਾਗਰਣ,• ਪਟਿਆਲਾ : ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਦਿਨਾਂ ਤੋਂ ਵੱਖ-ਵੱਖ ਢੰਗਾਂ ਦੁਆਰਾ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਤਹਿਤ ਮੰਗਲਵਾਰ ਨੂੰ ਪਟਿਆਲਾ, ਸ਼੍ਰੀ ਫਤਹਿਗੜ੍ਹ ਸਾਹਿਬ ਤੇ ਮੋਹਾਲੀ ਜ਼ਿਲ੍ਹਿਆਂ ਦੀਆਂ ਆਸ਼ਾ ਵਰਕਰਾਂ ਵੱਲੋਂ ਮੰਗਾਂ ਮਨਵਾਉਣ ਲਈ ਸਿਹਤ ਮੰਤਰੀ ਦੇ ਦਰ ਦਾ ਕੁੰਡਾ ਖੜ੍ਹਕਾਇਆ ਗਿਆ। ਇਸ ਦੌਰਾਨ ਪੁਰਾਣਾ ਬੱਸ ਸਟੈਂਡ ਨੇੜੇ ਵੱਡੀ ਗਿਣਤੀ ’ਚ ਇਕੱਠੀ ਹੋਈਆਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰ ਵੱਲੋਂ ਰੋਸ ਰੈਲੀ ਦੇ ਰੂਪ ’ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਕੋਠੀ ਵੱਧ ਵਧਣ ਦਾ ਯਤਨ ਕੀਤਾ ਗਿਆ, ਜਿਸ ਨੂੰ ਪੁਲਿਸ ਬਲਾਂ ਵੱਲੋਂ ਰਸਤੇ ’ਚ ਰੋਕ ਲਿਆ ਅਤੇ ਆਸ਼ਾ ਵਰਕਰਾਂ ਵੱਲੋਂ ਖੰਡਾ ਚੌਕ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਖੰਡਾ ਚੌਕ ’ਚ ਵੱਡਾ ਜਾਮ ਲੱਗ ਗਿਆ ਤੋ ਲੋਕ ਪਰੇਸ਼ਾਨ ਹੁੰਦੇ ਰਹੇ ਪਰ ਆਸ਼ਾ ਵਰਕਰ ਤੇ ਫੈਸਿਲੀਟੇਟਰ ਤਪਦੀ ਦੁਪਹਿਰ ’ਚ ਚੌਕ ਜਾਮ ਕਰਕੇ ਨਾਅਰੇਬਾਜ਼ੀ ਕਰਦੀਆਂ ਰਹੀਆ। ਇਸ ਮੌਕੇ ਆਸ਼ਾ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਕਿਰਨਜੀਤ ਕੌਰ ਪੰਜੌਲਾ ਨੇ ਦੱਸਿਆ ਕਿ ਉਨ੍ਹਾਂ ਦੀ ਬਰਾਬਰ ਕੰਮ ਬਰਾਬਰ ਤਨਖਾਹ, ਮਾਣ-ਭੱਤੇ ਵਿਚ ਵਾਧਾ, ਘੱਟੋ-ਘੱਟ 24 ਹਜ਼ਾਰ ਰੁਪਏ ਮਹੀਨਾਵਾਰ ਮਿਹਨਤਾਨਾ, ਸੇਵਾ ਮੁਕਤ ਹੋਣ ’ਤੇ ਬਣਦੇ ਲਾਭ ਦੇਣ, ਫੈਸਿਲੀਟੇਟਰਾਂ ਦੇ ਟੂਰ ਮਨੀ ਵਿਚ ਵਾਧਾ ਤੇ ਆਸ਼ਾ ਵਰਕਰਾਂ ਦੇ ਇਨਸੈਂਟਿਵ ਵਿੱਚ ਵਾਧਾ ਕਰਨ ਸਮੇਤ ਹੋਰ ਮੰਗਾਂ ਮੁੱਖ ਹਨ, ਜੋ ਕਿ ਲੰਬੇ ਸਮੇਂ ਤੋਂ ਲਟਕੀਆਂ ਪਈਆਂ ਹਨ, ਜਿਸ ਸਬੰਧੀ ਅੱਜ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ਼ ਘੇਰਨ ਦਾ ਪ੍ਰੋਗਰਾਮ ਸੀ ਪਰ ਅੱਗੇ ਜਾਣ ਤੋਂ ਰੋਕ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਯੂਨੀਅਨ ਫੈਸਲਾ ਕਰਕੇ ਆਈ ਸੀ ਕਿ ਜੇਕਰ ਸਾਡੀ ਸੁਣਵਾਈ ਨਾ ਹੋਈ ਤਾਂ ਪਟਿਆਲਾ ਵਿਖੇ ਪੰਜ ਦਿਨਾਂ ਪੱਕਾ ਮੋਰਚਾ ਸੁਰੂ ਕੀਤਾ ਜਾਵੇਗਾ ਤੇ ਜੇਕਰ ਲੋੜ ਪਈ ਤਾਂ ਮੁੱਖ ਮੰਤਰੀ ਦੀ ਰਿਹਾਇਸ਼ ਵੀ ਘੇਰੀ ਜਾਵੇਗੀ ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਮੰਤਰੀ ਨਾਲ ਮੀਟਿੰਗ ਦਾ ਲਿਖਤੀ ਭਰੋਸਾ ਦਿੱਤਾ ਹੈ। ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਰੋੜ੍ਹਗੜ ਅਤੇ ਸਟੇਟ ਕੈਸ਼ੀਅਰ ਜਸਵੀਰ ਕੌਰ ਭਾਦਸੋ ਨੇ ਦੱਸਿਆ ਕਿ ਐੱਸਡੀਐੱਮ ਪਟਿਆਲਾ ਵੱਲੋਂ 21 ਸਤੰਬਰ ਨੂੰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਚੰਡੀਗੜ੍ਹ ਵਿਖੇ ਪੈਨਲ ਮੀਟਿੰਗ ਰੱਖੀ ਗਈ ਹੈ, ਜਿਸ ਉਪਰੰਤ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ ਪਰ ਜੇਕਰ ਮੀਟਿੰਗ ’ਚ ਕੋਈ ਠੋਸ਼ ਹੱਲ ਨਾ ਨਿਕਲਿਆ ਤਾਂ ਸੂਬਾ ਪੱਧਰ ’ਤੇ ਰੋਸ ਮੁਜ਼ਾਹਰੇ ਕੀਤੇ ਜਾਣਗੇ ਤੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਆਸ ਜਤਾਈ ਕਿ 21 ਸਤੰਬਰ ਨੂੰ ਸਿਹਤ ਮੰਤਰੀ ਵੱਲੋਂ ਮੰਗਾਂ ਨੂੰ ਮਨਜ਼ੂਰ ਕੀਤਾ ਜਾਵੇਗਾ।